ਸਾਉਣੀ ਵਿਚ ਦਾਲਾਂ, ਖ਼ਾਸ ਕਰਕੇ ਮੂੰਗੀ ਦੀ ਕਾਸ਼ਤ ਕਰ ਕੇ ਝੋਨੇ ਹੇਠੋਂ ਰਕਬਾ ਘਟਾਇਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਪਾਣੀ ਦੀ ਬੱਚਤ ਤਾਂ ਹੁੰਦੀ ਹੀ ਹੈ, ਨਾਲ ਹੀ ਮਿੱਟੀ ਦੀ ਉਪਜਾਊ ਸ਼ਕਤੀ 'ਚ ਵੀ ਵਾਧਾ ਹੁੰਦਾ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਨ ਦੇ ਨੁਕਸਾਨ ਤੋਂ ਵੀ ਬਚਿਆ ਜਾ ਸਕਦਾ ਹੈ। ਮੂੰਗੀ ਉੱਚ-ਕੀਮਤ (6,975 ਰੁਪਏ ਪ੍ਰਤੀ ਕੁਇੰਟਲ) ਵਾਲੀ ਫ਼ਸਲ ਹੈ। ਪੰਜਾਬ ਵਿਚ ਪਿਛਲੇ ਸਾਲ 4.8 ਹਜ਼ਾਰ ਹੈਕਟੇਅਰ ਰਕਬੇ 'ਚ ਮੂੰਗੀ ਦੀ ਕਾਸ਼ਤ ਕੀਤੀ ਗਈ ਤੇ ਇਸ ਦਾ ਕੁੱਲ ਉਤਪਾਦਨ 4 ਹਜ਼ਾਰ ਟਨ ਹੋਇਆ ਤੇ ਔਸਤ ਝਾੜ 3.31 ਕੁਇੰਟਲ ਪ੍ਰਤੀ ਏਕੜ ਸੀ।

ਉੱਨਤ ਕਿਸਮਾਂ

ਐੱਮਐਲ-2056 : ਇਸ ਕਿਸਮ ਦੇ ਬੂਟੇ ਸਿੱਧੇ ਤੇ ਉਚਾਈ ਕਰੀਬ 78 ਸੈਂਟੀਮੀਟਰ ਹੁੰਦੀ ਹੈ। ਹਰੇ ਫਲੀ ਵਿਚ ਤਕਰੀਬਨ 11-12 ਦਾਣੇ ਹੁੰਦੇ ਹਨ। ਇਹ ਕਿਸਮ ਪੀਲੀ ਚਿਤਕਬਰੀ ਤੇ ਪੱਤਿਆਂ ਦੇ ਧੱਬਿਆਂ ਦੇ ਰੋਗ ਦਾ ਟਾਕਰਾ ਕਰਨ ਦੇ ਸਮਰੱਥ ਹੈ। ਇਹ 71 ਦਿਨਾਂ ਵਿਚ ਪੱਕ ਜਾਂਦੀ ਹੈ ਤੇ ਇਸ ਦਾ ਔਸਤ ਝਾੜ 4.6 ਕੁਇੰਟਲ ਪ੍ਰਤੀ ਏਕੜ ਹੈ।

ਐੱਮਐੱਲ-818 : ਇਸ ਕਿਸਮ ਦੇ ਬੂਟੇ ਖੜ੍ਹਵੇਂ ਤੇ ਕਰੀਬ 75 ਸੈਂਟੀਮੀਟਰ ਕੱਦ ਦੇ ਹੁੰਦੇ ਹਨ। ਹਰ ਫ਼ਲੀ 'ਚ 10-11 ਦਾਣੇ ਪੈਂਦੇ ਹਨ। ਇਹ ਕਿਸਮ ਪੀਲੀ ਚਿਤਕਬਰੀ ਤੇ ਧੱਬਿਆਂ ਦੇ ਰੋਗ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ। ਇਹ ਕਰੀਬ 72 ਦਿਨਾਂ 'ਚ ਪੱਕਦੀ ਹੈ। ਇਸ ਦੇ ਦਾਣੇ ਹਰੇ ਤੇ ਚਮਕੀਲੇ ਹੁੰਦੇ ਹਨ। ਔਸਤ ਝਾੜ 4.2 ਕੁਇੰਟਲ ਪ੍ਰਤੀ ਏਕੜ ਹੈ।

ਕਾਸ਼ਤ ਦੇ ਢੰਗ

ਖੇਤ ਨੂੰ ਦੋ-ਤਿੰਨ ਵਾਰ ਵਾਹ ਕੇ ਸੁਹਾਗਾ ਮਾਰ ਕੇ ਤਿਆਰ ਕਰੋ। ਖੇਤ ਪੱਧਰਾ ਹੋਣਾ ਜ਼ਰੂਰੀ ਹੈ। ਮੂੰਗੀ ਦੀ ਬਿਜਾਈ ਬਿਨਾਂ ਖੇਤ ਵਾਹੇ ਜ਼ੀਰੋ ਟਿਲ ਡਰਿੱਲ ਨਾਲ ਵੀ ਕੀਤੀ ਜਾ ਸਕਦੀ ਹੈ

ਬਿਜਾਈ ਦਾ ਸਮਾਂ

ਮੂੰਗੀ ਦੀ ਬਿਜਾਈ ਜੁਲਾਈ ਦੇ ਦੂਜੇ ਪੰਦਰ੍ਹਵਾੜੇ ਵਿਚ ਕਰੋ।

ਬੀਜ ਦੀ ਮਾਤਰਾ

8 ਕਿੱਲੋ ਬੀਜ ਪ੍ਰਤੀ ਏਕੜ ਵਰਤੋ।

ਬੀਜ ਨੂੰ ਟੀਕਾ ਲਗਾਉਣਾ

ਮੂੰਗੀ ਨੂੰ ਬਿਜਾਈ ਵੇਲੇ ਸਿਫ਼ਾਰਸ਼ ਕੀਤਾ ਰਾਈਜ਼ੋਬੀਅਮ ਕਲਚਰ (ਟੀਕਾ) ਜ਼ਰੂਰ ਲਗਾਉ। ਇਕ ਏਕੜ ਦੇ ਬੀਜ ਨੂੰ ਥੋੜ੍ਹਾ ਜਿਹਾ ਪਾਣੀ ਲਾ ਕੇ ਗਿੱਲਾ ਕਰ ਲਵੋ ਤੇ ਇਸ ਵਿਚ ਟੀਕੇ ਵਾਲੀ ਮਿੱਟੀ ਨੂੰ ਚੰਗੀ ਤਰ੍ਹਾਂ ਰਲਾ ਲਵੋ। ਛਾਵੇਂ ਖਿਲਾਰ ਕੇ ਸੁਕਾ ਲਵੋ ਤੇ ਛੇਤੀ ਹੀ ਬੀਜ ਦੇਵੋ। ਇਸ ਟੀਕੇ ਨਾਲ ਝਾੜ ਵਿਚ 12-16 ਫ਼ੀਸਦੀ ਵਾਧਾ ਹੁੰਦਾ ਹੈ।

ਬੀਜ ਦੀ ਸੋਧ

ਬੀਜ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬੀਜ ਨੂੰ ਕੈਪਟਾਨ ਜਾਂ ਥੀਰਮ (ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) 3 ਗ੍ਰਾਮ ਪ੍ਰਤੀ ਕਿੱਲੋ ਲਗਾ ਕੇ ਬੀਜੋ।

ਬਿਜਾਈ ਦਾ ਢੰਗ

ਕਤਾਰ ਤੋਂ ਕਤਾਰ ਦਾ ਫ਼ਾਸਲਾ 30 ਸੈਂਟੀਮੀਟਰ ਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ 10 ਸੈਂਟੀਮੀਟਰ ਰੱਖੋ ਅਤੇ ਬੀਜ ਡਰਿਲ, ਪੋਰੇ ਜਾਂ ਕੇਰੇ ਨਾਲ 4-6 ਸੈਂਟੀਮੀਟਰ ਡੂੰਘਾ ਬੀਜੋ। ਵਧੇਰੇ ਝਾੜ ਲੈਣ ਲਈ ਦੋ ਪਾਸੀ ਬਿਜਾਈ ਕਰੋ ਭਾਵ ਫ਼ਸਲ ਨੂੰ ਦੋਹਾਂ ਪਾਸਿਆਂ ਤੋਂ 30 ਸੈਂਟੀਮੀਟਰ ਵਿੱਥ ਵਾਲੇ ਸਿਆੜਾਂ ਵਿਚ ਅੱਧਾ ਬੀਜ ਇਕ ਵਾਰ ਅਤੇ ਅੱਧਾ ਬੀਜ ਦੂਜੀ ਵਾਰ ਵਰਤ ਕੇ ਬਿਜਾਈ ਕਰੋ।

ਬਿਨਾਂ ਵਹਾਈ ਬਿਜਾਈ

ਮੂੰਗੀ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਵੀ ਬੀਜੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿਚ ਨਦੀਨ ਜ਼ਿਆਦਾ ਹੋਣ, ਉੱਥੇ ਬਿਜਾਈ ਤੋਂ ਪਹਿਲਾਂ ਪ੍ਰਤੀ ਏਕੜ 500 ਮਿਲੀਲਿਟਰ ਗ੍ਰਾਮੈਕਸੋਨ 24 ਐੱਸਐੱਲ (ਪੈਰਾਕੁਐਟ) ਨੂੰ 200 ਲੀਟਰ ਪਾਣੀ 'ਚ ਮਿਲਾ ਕੇ ਛਿੜਕਣ ਨਾਲ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ।

ਪਟੜੀਆਂ 'ਤੇ ਬਿਜਾਈ

ਮੂੰਗੀ ਦੀ ਬਿਜਾਈ ਬੈੱਡਾਂ ਜਾਂ ਪਟੜੀਆਂ ਉੱਤੇ ਵੀ ਕੀਤੀ ਜਾ ਸਕਦੀ ਹੈ। ਦਰਮਿਆਨੀਆਂ ਤੇ ਭਾਰੀਆਂ ਜ਼ਮੀਨਾਂ ਉੱਤੇ ਮੂੰਗੀ ਦੀ ਬਿਜਾਈ ਕਣਕ ਲਈ ਵਰਤੇ ਜਾਂਦੇ ਬੈੱਡ ਪਲਾਂਟਰ ਨਾਲ 67.5 ਸੈਂਟੀਮੀਟਰ ਵਿੱਥ 'ਤੇ ਤਿਆਰ ਕੀਤੇ ਬੈੱਡਾਂ 'ਤੇ ਕਰਨੀ ਚਾਹੀਦੀ ਹੈ। ਮੂੰਗੀ ਦੀਆਂ ਦੋ ਕਤਾਰਾਂ ਪ੍ਰਤੀ ਬੈੱਡ 20 ਸੈਂਟੀਮੀਟਰ ਫ਼ਾਸਲੇ ਤੇ ਬੀਜੋ। ਬੈੱਡ ਉੱਤੇ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਭਾਰੇ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਤੋਂ ਫ਼ਸਲ ਬਚੀ ਰਹਿੰਦੀ ਹੈ।

ਨਦੀਨਾਂ ਦੀ ਰੋਕਥਾਮ

ਪਹਿਲੀ ਗੋਡੀ ਬਿਜਾਈ ਤੋਂ 4 ਹਫ਼ਤੇ ਪਿੱਛੋਂ ਤੇ ਦੂਜੀ (ਜੇ ਲੋੜ ਪਵੇ) ਉਸ ਤੋਂ 2 ਹਫ਼ਤੇ ਪਿੱਛੋਂ ਕਰੋ ਜਾਂ ਇਕ ਲੀਟਰ ਪ੍ਰਤੀ ਏਕੜ ਸਟੌਂਪ 30 ਈਸੀ (ਪੈਂਡੀਮੈਥਾਲੀਨ) ਦਾ ਛਿੜਕਾਅ ਬਿਜਾਈ ਤੋਂ 2 ਦਿਨਾਂ ਦੇ ਅੰਦਰ ਕਰੋ ਜਾਂ 600 ਮਿਲੀਲਿਟਰ ਪ੍ਰਤੀ ਏਕੜ ਸਟੌਂਪ 30 ਈਸੀ ਦੀ ਵਰਤੋਂ ਕਰਕੇ ਬਿਜਾਈ ਤੋਂ 4 ਹਫ਼ਤੇ ਪਿੱਛੋਂ ਇਕ ਗੋਡੀ ਕਰੋ। ਛਿੜਕਾਅ ਲਈ 200 ਲੀਟਰ ਪਾਣੀ ਵਰਤੋ।

ਖਾਦਾਂ

ਬਿਜਾਈ ਸਮੇਂ ਪ੍ਰਤੀ ਏਕੜ 5 ਕਿੱਲੋ ਨਾਈਟ੍ਰੋਜਨ (11 ਕਿੱਲੋ ਯੂਰੀਆ) ਤੇ 16 ਕਿੱਲੋ ਫਾਸਫੋਰਸ (100 ਕਿੱਲੋ ਸਿੰਗਲ ਸੁਪਰਫਾਸਫੇਟ) ਡਰਿੱਲ ਕਰੋ।

ਵਾਢੀ ਤੇ ਗਹਾਈ

ਫ਼ਸਲ ਦੀ ਵਾਢੀ ਉਸ ਸਮੇਂ ਕਰੋ ਜਦੋਂ 80 ਫ਼ੀਸਦੀ ਫ਼ਲੀਆਂ ਪੱਕ ਜਾਣ, ਵਾਢੀ ਦਾਤਰੀ ਨਾਲ ਕਰੋ, ਬੂਟਿਆਂ ਨੂੰ ਪੁੱਟਣਾ ਠੀਕ ਨਹੀਂ। ਗਹਾਈ ਲਈ ਕਿੱਲੀਆਂ ਵਾਲਾ ਕਣਕ ਦਾ ਥਰੈਸ਼ਰ ਕੁਝ ਤਬਦੀਲੀਆਂ ਕਰ ਕੇ ਵਰਤਿਆ ਜਾ ਸਕਦਾ ਹੈ। ਜੇ ਕੰਬਾਈਨ ਨਾਲ ਮੂੰਗੀ ਦੀ ਵਾਢੀ ਕਰਨੀ ਹੋਵੇ ਤਾਂ ਜਦੋਂ 80 ਫ਼ੀਸਦੀ ਫਲੀਆਂ ਪੱਕ ਜਾਣ ਤਾਂ 800 ਮਿਲੀਲਿਟਰ ਗ੍ਰਾਮੈਕਸੋਨ 24 ਐੱਸਐੱਲ (ਪੈਰਾਕੁਐਟ) ਪ੍ਰਤੀ ਏਕੜ 200 ਲੀਟਰ ਪਾਣੀ 'ਚ ਘੋਲ ਕੇ ਛਿੜਕੋ ਤਾਂ ਜੋ ਪੱਤੇ ਤੇ ਤਣੇ ਸੁੱਕ ਜਾਣ।

- ਡਾ. ਬਲਵਿੰਦਰ ਸਿੰਘ ਢਿੱਲੋਂ

94654-20097

Posted By: Harjinder Sodhi