PM Kisan: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, ਕੇਂਦਰ ਸਰਕਾਰ ਨੇ 9 ਵੀਂ ਕਿਸ਼ਤ ਦੇ ਪੈਸੇ ਕਿਸਾਨਾਂ ਦੇ ਖਾਤੇ ਵਿਚ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਦੀ ਸ਼ੁਰੂਆਤ ਹਾਲ ਹੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਸੀ। ਇਸਦੇ ਨਾਲ ਹੀ ਸਰਕਾਰ ਨੇ ਉਨ੍ਹਾਂ ਕਿਸਾਨਾਂ ਤੋਂ ਪੈਸੇ ਵਸੂਲ ਕਰਨ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ ਜੋ ਇਸ ਯੋਜਨਾ ਦੇ ਯੋਗ ਨਹੀਂ ਹਨ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਕਿਸਾਨਾਂ ਨੇ ਇਸ ਯੋਜਨਾ ਦਾ ਗਲਤ ਢੰਗ ਨਾਲ ਲਾਭ ਉਠਾਇਆ ਸੀ। ਸਰਕਾਰ ਨੇ ਉਨ੍ਹਾਂ ਵਿਰੁੱਧ ਕਾਰਵਾਈ ਵੀ ਕੀਤੀ।

ਸੂਬੇ ਕਰਨਗੇ ਲਾਭਪਾਤਰੀਆਂ ਦੀ ਪਛਾਣ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਲਾਭਪਾਤਰੀਆਂ ਦੀ ਪਛਾਣ ਕਰਨਾ ਸੂਬਿਆਂ ਦੀ ਜ਼ਿੰਮੇਵਾਰੀ ਹੈ। ਇਸ ਕਾਰਨ, ਜਦੋਂ ਸੰਬੰਧਤ ਲਾਭਪਾਤਰੀਆਂ ਦਾ ਤਸਦੀਕ ਕੀਤਾ ਡਾਟਾ ਸੂਬਿਆਂ ਦੁਆਰਾ ਪੀਐਮ ਕਿਸਾਨ ਪੋਰਟਲ 'ਤੇ ਅਪਲੋਡ ਕੀਤਾ ਜਾਂਦਾ ਹੈ, ਤਦ ਹੀ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤੇ ਵਿਚ ਪੈਸੇ ਟ੍ਰਾਂਸਫਰ ਕੀਤੇ ਜਾਂਦੇ ਹਨ।

ਅਯੋਗ ਕਿਸਾਨਾਂ ਤੋਂ ਵਸੂਲ ਕੀਤੇ ਜਾਣਗੇ ਪੈਸੇ

ਤੋਮਰ ਨੇ ਇਹ ਵੀ ਦੱਸਿਆ ਕਿ ਸਬੰਧਤ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਅਯੋਗ ਲਾਭਪਾਤਰੀਆਂ ਤੋਂ ਰਕਮ ਵਸੂਲ ਕਰਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰਾਂ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ 42 ਲੱਖ ਅਯੋਗ ਕਿਸਾਨਾਂ ਤੋਂ 3000 ਕਰੋੜ ਰੁਪਏ ਦੀ ਵਸੂਲੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤੋਮਰ ਨੇ ਕਿਹਾ, “ਇਹ ਸਾਡੇ ਧਿਆਨ ਵਿਚ ਆਇਆ ਹੈ ਕਿ ਕੁਝ ਟੈਕਸਦਾਤਾਵਾਂ ਸਮੇਤ ਅਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲ ਗਿਆ ਹੈ। ਜਦਕਿ ਜਿਹੜੇ ਕਿਸਾਨ ਆਮਦਨ ਟੈਕਸ ਰਿਟਰਨ ਭਰਦੇ ਹਨ ਜਾਂ ਸਰਕਾਰੀ ਨੌਕਰੀਆਂ ਵਿਚ ਹਨ, ਉਨ੍ਹਾਂ ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਅਜਿਹੇ ਲੋਕਾਂ ਦੀ ਪਛਾਣ ਤੋਂ ਬਾਅਦ ਉਨ੍ਹਾਂ ਦੇ ਸਬੰਧਤ ਸੂਬਿਆਂ ਨੇ ਮਿਆਰੀ ਕਾਰਜ ਪ੍ਰਣਾਲੀ ਦੇ ਅਨੁਸਾਰ ਅਯੋਗ ਲਾਭਪਾਤਰੀਆਂ ਤੋਂ ਪੈਸੇ ਦੀ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਅਸਾਮ ਅਤੇ ਤਾਮਿਲਨਾਡੂ ਵਿਚ ਜ਼ਿਆਦਾਤਰ ਫਰਜ਼ੀ ਮਾਮਲੇ ਹਨ

ਅਸਾਮ, ਤਾਮਿਲਨਾਡੂ, ਛੱਤੀਸਗੜ੍ਹ, ਪੰਜਾਬ ਅਤੇ ਬਿਹਾਰ ਵਿਚ ਸਭ ਤੋਂ ਵੱਧ ਅਯੋਗ ਕਿਸਾਨਾਂ ਦੀ ਗਿਣਤੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸਾਮ ਦੇ 8.35 ਲੱਖ ਅਯੋਗ ਕਿਸਾਨਾਂ ਦੇ ਖਾਤਿਆਂ ਵਿਚ 554.01 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਸ ਨਾਲ ਪੰਜਾਬ ਵਿੱਚ ਲਗਪਗ 438 ਕਰੋੜ ਰੁਪਏ, ਮਹਾਰਾਸ਼ਟਰ ਵਿਚ 358 ਕਰੋੜ ਰੁਪਏ, ਤਾਮਿਲਨਾਡੂ ਵਿਚ 340.56 ਕਰੋੜ ਰੁਪ ਅਤੇ ਉੱਤਰ ਪ੍ਰਦੇਸ਼ ਵਿਚ 258.64 ਕਰੋੜ ਰੁਪਏ ਦੀ ਵਸੂਲੀ ਕੀਤੀ ਜਾਵੇਗੀ।

ਸੋਮਵਾਰ ਨੂੰ ਜਾਰੀ ਕੀਤੀ ਗਈ ਨੌਵੀਂ ਕਿਸ਼ਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਹੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 9 ਵੀਂ ਕਿਸ਼ਤ ਜਾਰੀ ਕਰਕੇ 9.75 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ 19,500 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਯੋਜਨਾ ਦੇ ਤਹਿਤ, ਕਿਸਾਨ ਪਰਿਵਾਰਾਂ ਨੂੰ ਹਰ ਸਾਲ 6000 ਰੁਪਏ ਦੇ ਵਿੱਤੀ ਲਾਭ ਦਿੱਤੇ ਜਾਂਦੇ ਹਨ। ਇਹ ਪੈਸੇ ਇਕ ਸਾਲ ਵਿਚ ਤਿੰਨ ਕਿਸ਼ਤਾਂ ਵਿਚ ਟ੍ਰਾਂਸਫਰ ਕੀਤੇ ਜਾਂਦੇ ਹਨ। ਇਸ ਯੋਜਨਾ ਦੇ ਤਹਿਤ ਹੁਣ ਤਕ ਕਿਸਾਨਾਂ ਨੂੰ 1.57 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ।

Posted By: Ramandeep Kaur