ਪਾਕਿਸਤਾਨ ਸੁਪਰ ਲੀਗ (PSL) 2026 ਸ਼ੁਰੂ ਹੋਣ ਤੋਂ ਪਹਿਲਾਂ ਹੀ ਟੂਰਨਾਮੈਂਟ 'ਤੇ ਸੰਕਟ ਦੇ ਬੱਦਲ ਮੰਡਰਾਉਣ ਲੱਗ ਪਏ ਹਨ। ਪੀਸੀਬੀ ਨੇ ਪਹਿਲਾਂ ਹੀ ਪੀਐੱਸਐੱਲ ਦੇ ਮੈਚਾਂ ਨੂੰ ਬਿਨਾਂ ਦਰਸ਼ਕਾਂ ਦੇ ਕਰਵਾਉਣ ਦਾ ਫੈਸਲਾ ਕੀਤਾ ਹੈ। ਰਿਪੋਰਟਾਂ ਦੇ ਮੁਤਾਬਕ, ਪਾਕਿਸਤਾਨ ਦੇ ਇੱਕ ਹਥਿਆਰਬੰਦ ਸੰਗਠਨ 'ਜਮਾਤ-ਉਲ-ਅਹਰਾਰ' ਨੇ ਵਿਦੇਸ਼ੀ ਖਿਡਾਰੀਆਂ ਨੂੰ ਪਾਕਿਸਤਾਨ ਸੁਪਰ ਲੀਗ ਵਿੱਚ ਹਿੱਸਾ ਨਾ ਲੈਣ ਦੀ ਚਿਤਾਵਨੀ ਦਿੱਤੀ ਹੈ। ਇਸ ਸੂਚੀ ਵਿੱਚ ਡੇਵਿਡ ਵਾਰਨਰ, ਸਟੀਵ ਸਮਿਥ ਅਤੇ ਡੇਰਿਲ ਮਿਚੇਲ ਵਰਗੇ ਵੱਡੇ ਨਾਮ ਸ਼ਾਮਲ ਹਨ।

ਇਸ ਹਥਿਆਰਬੰਦ ਸੰਗਠਨ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਮੌਜੂਦਾ ਸੁਰੱਖਿਆ ਹਾਲਾਤ ਕਿਸੇ ਵੀ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਸੁਰੱਖਿਅਤ ਨਹੀਂ ਹਨ। ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਖਿਡਾਰੀ ਪਾਕਿਸਤਾਨ ਆਉਂਦੇ ਹਨ, ਤਾਂ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਨਹੀਂ ਹੋਵੇਗੀ।
ਰਿਪੋਰਟਾਂ ਅਨੁਸਾਰ, ਵਿਦੇਸ਼ੀ ਖਿਡਾਰੀਆਂ ਨੂੰ ਟੂਰਨਾਮੈਂਟ ਤੋਂ ਹਟਣ ਦੀ ਸਲਾਹ ਦਿੱਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਧਮਕੀ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇੱਥੋਂ ਤੱਕ ਕਿ ਮੈਚਾਂ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰਨ ਦੀ ਗੱਲ ਵੀ ਕਹੀ ਗਈ ਹੈ।
PSL 2026 'ਤੇ ਪ੍ਰਭਾਵ
ਇਸ ਸਾਰੇ ਘਟਨਾਕ੍ਰਮ ਦਾ PSL 'ਤੇ ਬਹੁਤ ਮਾੜਾ ਅਸਰ ਪਵੇਗਾ। ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ PSL 2026 ਨੂੰ ਸੀਮਤ ਸ਼ਹਿਰਾਂ ਵਿੱਚ ਅਤੇ 'ਬੰਦ ਦਰਵਾਜ਼ਿਆਂ ਦੇ ਪਿੱਛੇ' ਕਰਵਾਇਆ ਜਾਵੇਗਾ।
ਇਸ ਦੇ ਪਿੱਛੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਅਤੇ ਵਧਦੀਆਂ ਤੇਲ ਕੀਮਤਾਂ ਨੂੰ ਕਾਰਨ ਦੱਸਿਆ ਗਿਆ ਸੀ। ਹਾਲਾਂਕਿ, ਹੁਣ ਇਨ੍ਹਾਂ ਤਾਜ਼ਾ ਧਮਕੀਆਂ ਤੋਂ ਬਾਅਦ PCB ਦੇ ਸਾਹਮਣੇ ਸੁਰੱਖਿਆ ਯਕੀਨੀ ਬਣਾਉਣ ਦੀ ਇੱਕ ਬਹੁਤ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ।
ਅੱਗੇ ਕੀ ਹੋ ਸਕਦਾ ਹੈ?
PSL 2026 ਦੀ ਸ਼ੁਰੂਆਤ 26 ਮਾਰਚ ਹੋਣੀ ਤੈਅ ਹੈ। ਪਰ ਇਨ੍ਹਾਂ ਧਮਕੀਆਂ ਤੋਂ ਬਾਅਦ ਸਾਰਿਆਂ ਦੀਆਂ ਨਜ਼ਰਾਂ ਵਿਦੇਸ਼ੀ ਖਿਡਾਰੀਆਂ ਦੇ ਫੈਸਲੇ 'ਤੇ ਟਿਕੀਆਂ ਹੋਈਆਂ ਹਨ। ਜੇਕਰ ਹਾਲਾਤ ਨਾ ਸੁਧਰੇ, ਤਾਂ ਟੂਰਨਾਮੈਂਟ ਦੇ ਆਯੋਜਨ 'ਤੇ ਬਹੁਤ ਬੁਰਾ ਅਸਰ ਪੈ ਸਕਦਾ ਹੈ ਅਤੇ ਕਈ ਵੱਡੇ ਖਿਡਾਰੀ ਇਸ ਲੀਗ ਤੋਂ ਆਪਣਾ ਨਾਮ ਵਾਪਸ ਲੈ ਸਕਦੇ ਹਨ।