ਕੋਰੋਨਾ ਵਾਇਰਸ ਕਾਰਨ ਪੂਰੇ ਵਿਸ਼ਵ ’ਚ ਹਾਹਾਕਾਰ ਮਚੀ ਹੋਈ ਹੈ। ਇਸ ਕਾਰਨ ਦੇਸ਼ ਦਾ ਅਰਥਚਾਰਾ ਵੀ ਡਗਮਗਾ ਗਿਆ ਹੈ। ਕੋਵਿਡ-19 ਮਹਾਮਾਰੀ ਦੇ ਬਾਵਜੂਦ ਕਿਸਾਨ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ, ਫ਼ੈਸਲਿਆਂ ਵਿਰੁੱਧ ਅੰਦੋਲਨ ਕਰ ਰਹੇ ਹਨ।

ਤਕਰੀਬਨ 1 ਅਕਤੂਬਰ ਤੋਂ ਪੰਜਾਬ ’ਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਤੇ ਅੱਜਕੱਲ੍ਹ ਉਹ ਦਿੱਲੀ ਨੂੰ ਘੇਰਾ ਪਾਈ ਬੈਠੇ ਹਨ। ਦੇਸ਼ ਦਾ ਅੰਨਦਾਤਾ ਕਹਿ ਰਿਹਾ ਹੈ ਕਿ ਨਵੇਂ ਖੇਤੀ ਕਾਨੂੰਨ ਉਨ੍ਹਾਂ ਨੂੰ ਬਰਬਾਦ ਕਰ ਦੇਣਗੇ। ਫਿਰ ਕਿਉਂ ਸਰਕਾਰ ਵਾਰ-ਵਾਰ ਕਹਿ ਰਹੀ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ।

ਵਿਚਾਰਨ ਵਾਲੀ ਗੱਲ ਇਹ ਹੈ ਕਿ ਜੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ਤਾਂ ਫਿਰ ਦੇਸ਼ ਦਾ ਅੰਨਦਾਤਾ ਸੰਘਰਸ਼ ਦੇ ਰਾਹ ਕਿਉਂ ਪੈ ਗਿਆ ਹੈ? ਪੰਜਾਬ ਦਾ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ। ਕਿਸਾਨ ਦੇ ਸਿਰ ’ਤੇ ਕਰਜ਼ੇ ਦੀ ਪੰਡ ਇੰਨੀ ਭਾਰੀ ਹੋ ਚੁੱਕੀ ਹੈ ਕਿ ਉਸ ਨੂੰ ਇਸ ਤੋਂ ਛੁਟਕਾਰੇ ਲਈ ਖ਼ੁਦਕੁਸ਼ੀ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਦਿਸਦਾ।

ਰੋਟੀ, ਕੱਪੜਾ ਅਤੇ ਮਕਾਨ ਹਰ ਆਦਮੀ ਦੀਆਂ ਬੁਨਿਆਦੀ ਜ਼ਰੂਰਤਾਂ ਹਨ। ਹਾਲ ਹੀ ਵਿਚ ਨਸ਼ਰ ਹੋਈ ਇਕ ਰਿਪੋਰਟ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿਚ ਪਾਣੀ ਪੀਣਯੋਗ ਨਹੀਂ ਰਿਹਾ। ਪੰਜਾਬ ਦੇ ਕਈ ਜ਼ਿਲ੍ਹੇ ਕੈਂਸਰ ਦੀ ਮਾਰ ਹੇਠ ਹਨ। ਜੇ ਸਮਾਂ ਰਹਿੰਦਿਆਂ ਕੋਈ ਠੋਸ ਨੀਤੀ ਨਾ ਅਪਣਾਈ ਗਈ ਤਾਂ ਜਲਦੀ ਹੀ ਲੋਕਾਂ ਦੀ ਸਿਹਤ ਲਈ ਵੱਡਾ ਖ਼ਤਰਾ ਖੜ੍ਹਾ ਹੋ ਜਾਵੇਗਾ।

ਅੱਜ ਬੇਰੁਜ਼ਗਾਰੀ ਕਾਰਨ ਪੰਜਾਬ ਖ਼ਾਲੀ ਹੋਣ ਲੱਗਾ ਹੈ। ਇੱਥੋਂ ਹਰ ਸਾਲ ਵਿਦੇਸ਼ਾਂ ਵਿਚ ਪੜ੍ਹਾਈ ਲਈ ਨੌਜਵਾਨ ਮੁੰਡੇ-ਕੁੜੀਆਂ ਹਜ਼ਾਰਾਂ ਕਰੋੜ ਰੁਪਏ ਖ਼ਰਚ ਕੇ ਜਾ ਰਹੇ ਹਨ। ਹਰ ਸਾਲ ਲੱਖਾਂ ਨੌਜਵਾਨਾਂ ਦਾ ਵਿਦੇਸ਼ ਜਾਣਾ ਖ਼ਤਰੇ ਦੀ ਘੰਟੀ ਹੈ। ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ।

ਨੌਜਵਾਨ ਨਸ਼ੇੇ ਦੀ ਭੇਟ ਚੜ੍ਹ ਰਹੇ ਹਨ। ਡਿਗਰੀਆਂ ਕਰਨ ਦੇ ਬਾਵਜੂਦ ਨੌਕਰੀਆਂ ਨਾ ਮਿਲਣ ਦੀ ਪਰੇਸ਼ਾਨੀ, ਮਾਪਿਆਂ ਦੀਆਂ ਉਮੀਦਾਂ ’ਤੇ ਖਰਾ ਨਾ ਉਤਰ ਸਕਣ ਦਾ ਗ਼ਮ ਉਨ੍ਹਾਂ ਨੂੰ ਨਸ਼ੇੜੀ ਬਣਾ ਹੈ। ਨਸ਼ਿਆਂ ਕਾਰਨ ਅਨੇਕਾਂ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ।

ਉਕਤ ਸਮੱਸਿਆਵਾਂ ਦੇ ਇਲਾਵਾ ਪੰਜਾਬ ਵਿਚ ਹੋਰ ਵੀ ਮਸਲੇ ਹਨ ਮਸਲਨ ਅਵਾਰਾ ਕੁੱਤਿਆਂ ਦੀ ਭਰਮਾਰ ਹੋ ਚੁੱਕੀ ਹੈ। ਇਸ ਸਮੱਸਿਆ ਦੇ ਹੱਲ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ। ਅਵਾਰਾ ਪਸ਼ੂਆਂ ਨੇ ਫ਼ਸਲਾਂ ਬਰਬਾਦ ਕਰ ਦਿੱਤੀਆਂ ਹਨ। ਪਹਿਲਾਂ ਤਾਂ ਲੋਕ ਗਊਆਂ ਦਾ ਦੁੱਧ ਪੀਂਦੇ ਹਨ। ਜਦੋਂ ਇਹ ਦੁੱਧ ਦੇਣ ਤੋਂ ਹਟ ਜਾਂਦੀਆਂ ਹਨ ਤਾਂ ਇਨ੍ਹਾਂ ਨੂੰ ਅਵਾਰਾ ਛੱਡ ਦਿੰਦੇ ਹਨ

ਅਕਸਰ ਅਵਾਰਾ ਪਸ਼ੂ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਅੱਜ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸਮੱਸਿਆਵਾਂ ’ਚੋਂ ਕੱਢਣ ਲਈ ਕੋਈ ਠੋਸ ਉਪਰਾਲਾ ਨਹੀਂਕੀਤਾ ਜਾ ਰਿਹਾ। ਸਰਕਾਰਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਲੋਕ ਪੱਖੀ ਨੀਤੀਆਂ ਬਣਾਉਣ ਦੀ ਸਖ਼ਤ ਜ਼ਰੂਰਤ ਹੈ।

-ਸੰਜੀਵ ਸਿੰਘ ਸੈਣੀ, ਮੋਹਾਲੀ।

Posted By: Jagjit Singh