v>ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਸਾਰੀਆਂ ਵੱਡੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਜੋੜ-ਤੋੜ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਓਥੇ ਹੀ ਆਪੋ-ਆਪਣੇ ਕੁਨਬੇ ਵਿਚ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਵਾਉਣ ਦੀ ਹੋੜ ਲੱਗੀ ਹੋਈ ਹੈ। ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿਚ ਸਾਬਕਾ ਆਈਪੀਐੱਸ ਅਫ਼ਸਰ ਕੁੰਵਰ ਵਿਜੈ ਪ੍ਰਤਾਪ ਸਿੰਘ ‘ਆਪ’ ਵਿਚ ਸ਼ਾਮਲ ਹੋ ਗਏ। ਇੰਸਪੈਕਟਰ ਜਨਰਲ ਦੇ ਅਹੁਦੇ ਤੋਂ ਪਿੱਛੇ ਜਿਹੇ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਦਾ ਸਰਗਰਮ ਸਿਆਸਤ ਵਿਚ ਕੁੱਦਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲ਼ੀ ਕਾਂਡ ਦੀ ਪੜਤਾਲ ਕਰਨ ਵਾਲੀ ਐੱਸਆਈਟੀ ਦੇ ਮੈਂਬਰ ਸਨ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਰਿਪੋਰਟ ’ਤੇ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਕੁੰਵਰ ਵੱਲੋਂ ‘ਆਪ’ ਵਿਚ ਸ਼ਾਮਲ ਹੋਣ ਵੇਲੇ ਕੇਜਰੀਵਾਲ ਦਾ ਬਿਆਨ ਦੇਣਾ ਕਿ ਉਨ੍ਹਾਂ ਦੀ ਪਾਰਟੀ ਜਲਦੀ ਹੀ ਕਿਸੇ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਦੇਵੇਗੀ, ਤੋਂ ਸਪਸ਼ਟ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਇਕ ਵਾਰ ਫਿਰ ਚੋਣ ਮੁੱਦਾ ਬਣ ਸਕਦਾ ਹੈ। ਇਸ ਮੁੱਦੇ ’ਤੇ ਕੁੰਵਰ ਵਿਜੈ ਪ੍ਰਤਾਪ ਦੇ ਭਾਸ਼ਣ ‘ਆਪ’ ਨੂੰ ਸਿਆਸੀ ਲਾਹਾ ਦੇ ਸਕਦੇ ਹਨ। ਦੂਜੇ ਪਾਸੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਕੁਝ ਹੋਰ ਸਿਆਸੀ ਪਾਰਟੀਆਂ ਨੇ ਦੋਸ਼ ਲਾਇਆ ਹੈ ਕਿ ਸਾਬਕਾ ਪੁਲਿਸ ਅਧਿਕਾਰੀ, ਜਾਂਚ ਵੇਲੇ ਹੀ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੂਜੇ ਪਾਸੇ ਸੱਤਾਧਾਰੀ ਪਾਰਟੀ ਦਾ ਅੰਦਰੂਨੀ ਕਲੇਸ਼ ਸੱਤਵੇਂ ਅਸਮਾਨ ’ਤੇ ਪੁੱਜਿਆ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਵੇਂ ਆਪਣੇ ਕੱਟੜ ਵਿਰੋਧੀ ਸੁਖਪਾਲ ਸਿੰਘ ਖਹਿਰਾ ਸਣੇ ‘ਆਪ’ ਦੇ ਤਿੰਨ ਵਿਧਾਇਕਾਂ ਨੂੰ ਕਾਂਗਰਸ ’ਚ ਸ਼ਾਮਲ ਕਰਾ ਕੇ ਪੰਜਾਬ ਕਾਂਗਰਸ ਦਾ ‘ਅਸਲੀ ਕੈਪਟਨ’ ਹੋਣ ਦਾ ਦਾਅਵਾ ਕੀਤਾ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਲੀਡਰਸ਼ਿਪ ’ਤੇ ਵਿਰੋਧੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਪਾਰਟੀ ਦੀ ਖਾਨਾਜੰਗੀ ਚਰਮ ਸੀਮਾ ’ਤੇ ਹੈ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈ ਕਮਾਨ ਨੂੰ ਅੱਜ ਦੂਜੀ ਵਾਰ ਮਿਲਣ ਵਾਲੇ ਹਨ। ਉਨ੍ਹਾਂ ਦੇ ਕਰੀਬੀ ਤੇ ਵਿਰੋਧੀ ਖੇਮਿਆਂ ਦੇ ਨੇਤਾ ਵੀ ਰਾਹੁਲ ਗਾਂਧੀ ਤੇ ਹੋਰ ਨੇਤਾਵਾਂ ਨੂੰ ਮਿਲ ਕੇ ਆਏ ਹਨ। ਪਾਰਟੀ ਹਾਈ ਕਮਾਨ ਦੇ ਫ਼ੈਸਲੇ ਤੋਂ ਪਹਿਲਾਂ ਹੀ ਕੈਪਟਨ ਵਿਰੋਧੀ ਨੇਤਾ ਖੁੱਲ੍ਹ ਕੇ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। ਦੂਜੇ ਪਾਸੇ, ਕਈ ਮੰਤਰੀਆਂ ਤੇ ਵਿਧਾਇਕਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਦਾ ਡਟ ਕੇ ਪੱਖ ਪੂਰਿਆ ਹੈ। ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਬਾਰੇ ਤਿੱਖੀਆਂ ਟਿੱਪਣੀਆਂ ਕੀਤੀਆਂ ਹਨ। ਇਸ ਤੋਂ ਜ਼ਾਹਿਰ ਹੈ ਕਿ ਪੰਜਾਬ ਕਾਂਗਰਸ ’ਚ ਸਭ ਅੱਛਾ ਨਹੀਂ ਹੈ। ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ‘ਤਰਸ ਦੇ ਆਧਾਰ’ ਉੱਤੇ ਨੌਕਰੀਆਂ ਦੇਣ ਦੇ ਮੁੱਦੇ ਨੂੰ ਲੈ ਕੇ ਵੀ ਮੁੱਖ ਮੰਤਰੀ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰ ਕੇ ਸੱਤਾ ’ਚ ਆਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਖਾਹ-ਮਖਾਹ ਇਹ ਮੁੱਦਾ ਆਪਣੇ ਵਿਰੋਧੀ ਖੇਮੇ ਨੂੰ ਫੜਾ ਦਿੱਤਾ ਹੈ। ਚੰਗਾ ਹੋਵੇ ਜੇ ਕੰਧ ’ਤੇ ਲਿਖਿਆ ਪੜ੍ਹ ਲਿਆ ਜਾਵੇ ਕਿਉਂਕਿ ਅਜੇ ਵੀ ਬੇਰੁਜ਼ਗਾਰਾਂ ਵੱਲੋਂ ਨੌਕਰੀਆਂ ਲਈ ਥਾਂ-ਥਾਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਭਾਵੇਂ ਕਾਂਗਰਸ ਹਾਈ ਕਮਾਨ ਕੋਈ ਵੀ ਫ਼ੈਸਲਾ ਲੈਣ ਲੱਗਿਆਂ ਫ਼ਿਲਹਾਲ ਕੈਪਟਨ ਅਮਰਿੰਦਰ ਸਿੰਘ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੀ ਫਿਰ ਵੀ ਤਾਣੀ ਦੇ ਸੁਲਝਣ ਦੀ ਬਜਾਏ ਹੋਰ ਉਲਝਣਾ ਸ਼ੁਭ ਸ਼ਗਨ ਨਹੀਂ ਹੈ।

Posted By: Susheel Khanna