ਇਤਿਹਾਸ ਅੰਦਰ ਜਿਨ੍ਹਾਂ ਖ਼ਾਲਸਾਈ ਰੰਗ ਵਿਚ ਪੇਸ਼ ਦਿਹਾੜਿਆਂ ਦਾ ਜ਼ਿਕਰ ਆਉਂਦਾ ਹੈ, ਉਨ੍ਹਾਂ ਵਿਚ ਹੋਲਾ-ਮਹੱਲਾ ਤੋਂ ਇਲਾਵਾ ਬੰਦੀ ਛੋੜ ਦਿਵਸ ਤੇ ਖ਼ਾਲਸਾ ਸਾਜਨਾ ਦਿਵਸ ਆਦਿ ਪ੍ਰਮੁੱਖ ਹਨ। ਇਨ੍ਹਾਂ ਖ਼ਾਲਸਾਈ ਦਿਹਾੜਿਆਂ ਨੇ ਇਕੱਲਾ ਸਿੱਖਾਂ ਨੂੰ ਹੀ ਨਵਾਂ ਜੋਸ਼ ਅਤੇ ਸ਼ਕਤੀ ਨਹੀਂ ਦਿੱਤੀ, ਸਗੋਂ ਸਮੁੱਚੀ ਮਾਨਵਤਾ ਨੇ ਹੀ ਚੇਤ, ਅਚੇਤ ਰੂਪ ਵਿਚ ਇਨ੍ਹਾਂ ਦਾ ਪ੍ਰਭਾਵ ਕਬੂਲਿਆ।

ਹੋਲਾ ਮਹੱਲਾ ਖ਼ਾਲਸਾ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਹੈ ਜਿਸ ਦੀ ਸ਼ੁਰੂਆਤ ਪਿੱਛੇ ਉੱਚੀਆਂ-ਸੁੱਚੀਆਂ ਤੇ ਸਾਰਥਕ ਕਦਰਾਂ-ਕੀਮਤਾਂ ਹਨ। ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਗਾਂਹਵਧੂ ਸੋਚ ਹੋਲਾ-ਮਹੱਲਾ ਦੀ ਪਰੰਪਰਾ ਪਿੱਛੇ ਸ਼ਕਤੀ ਅਤੇ ਪ੍ਰੇਰਨਾ ਵਜੋਂ ਕੰਮ ਕਰਦੀ ਹੈ। ਗੁਰੂ ਸਾਹਿਬਾਨ ਦਾ ਮੰਤਵ ਨਿਰਾਰਥਕ ਅਤੇ ਉਦੇਸ਼ਹੀਣ ਮਾਨਵ-ਸ਼ਕਤੀ ਨੂੰ ਚੜ੍ਹਦੀ ਕਲਾ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਸੀ ਅਤੇ ਇਸੇ ਦਿਸ਼ਾ ਵਿਚ ਹੀ ਉਨ੍ਹਾਂ ਨੇ ਖ਼ਾਲਸਾਈ ਦਿਹਾੜਿਆਂ ਨੂੰ ਆਰੰਭ ਕੀਤਾ। ਇਤਿਹਾਸ ਅੰਦਰ ਜਿਨ੍ਹਾਂ ਖ਼ਾਲਸਾਈ ਰੰਗ ਵਿਚ ਪੇਸ਼ ਦਿਹਾੜਿਆਂ ਦਾ ਜ਼ਿਕਰ ਆਉਂਦਾ ਹੈ, ਉਨ੍ਹਾਂ ਵਿਚ ਹੋਲਾ-ਮਹੱਲਾ ਤੋਂ ਇਲਾਵਾ ਬੰਦੀ ਛੋੜ ਦਿਵਸ ਤੇ ਖ਼ਾਲਸਾ ਸਾਜਨਾ ਦਿਵਸ ਆਦਿ ਪ੍ਰਮੁੱਖ ਹਨ। ਇਨ੍ਹਾਂ ਖ਼ਾਲਸਾਈ ਦਿਹਾੜਿਆਂ ਨੇ ਇਕੱਲਾ ਸਿੱਖਾਂ ਨੂੰ ਹੀ ਨਵਾਂ ਜੋਸ਼ ਅਤੇ ਸ਼ਕਤੀ ਨਹੀਂ ਦਿੱਤੀ, ਸਗੋਂ ਸਮੁੱਚੀ ਮਾਨਵਤਾ ਨੇ ਹੀ ਚੇਤ, ਅਚੇਤ ਰੂਪ ਵਿਚ ਇਨ੍ਹਾਂ ਦਾ ਪ੍ਰਭਾਵ ਕਬੂਲਿਆ।
ਹੋਲਾ-ਮਹੱਲਾ ਬਸੰਤ ਰੁੱਤ ਦੇ ਤਿਉਹਾਰ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ। ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ ਵਾਲੇ ਦਿਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ’ਤੇ ਹੋਲੇ-ਮਹੱਲੇ ਦਾ ਆਰੰਭ ਕੀਤਾ ਸੀ। ਗੁਰੂ ਸਾਹਿਬ ਦਾ ਮੰਤਵ ਤੇ ਉਦੇਸ਼ ਬੜਾ ਉਸਾਰੂ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰਸਿੱਖਾਂ ਦੇ ਅੰਦਰ ‘ਫ਼ਤਹਿ’ ਦੇ ਮੰਤਵ ਨੂੰ ਹੋਰ ਦ੍ਰਿੜ ਕਰਨਾ ਚਾਹੁੰਦੇ ਸਨ।
ਦਸਮੇਸ਼ ਪਿਤਾ ਜੀ ਨੇ ਮਾਨਵਤਾ ਨੂੰ ਸਵੈਮਾਣ ਤੇ ਆਪਣੀ ਹੋਂਦ ਦਾ ਅਹਿਸਾਸ ਕਰਵਾਉਣ ਲਈ ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਦੇ ਮਕਸਦ ਨਾਲ ਹੋਲੀ ਦੀ ਥਾਂ ਹੋਲੇ-ਮਹੱਲੇ ਦਾ ਪ੍ਰਚਲਨ ਕੀਤਾ। ਕੌਮ ਅੰਦਰ ਆਜ਼ਾਦੀ ਦੀ ਭਾਵਨਾ ਭਰਨ ਲਈ ਕਲਗੀਧਰ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਨਵਾਂ ਜੀਵਨ ਬਖ਼ਸ਼ਿਆ ਉੱਥੇ ਹੀ ਭਾਰਤੀ ਸਮਾਜ ਲਈ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਰਸਮਾਂ ਨੂੰ ਮਨਾਉਣ ਦੇ ਢੰਗ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਦਸਮੇਸ਼ ਪਿਤਾ ਵੱਲੋਂ ਚਲਾਇਆ ਹੋਲਾ-ਮਹੱਲਾ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦਾ ਅਨੋਖਾ ਢੰਗ ਹੈ। ਹੋਲਾ-ਮਹੱਲਾ ਸਿੱਖਾਂ ਨੂੰ ਹਰ ਸਾਲ ਦ੍ਰਿੜ ਵਿਸ਼ਵਾਸੀ, ਪਰਮਾਤਮਾ ਦੀ ਭਗਤੀ ਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ, ਜ਼ੁਲਮ, ਜਬਰ, ਨਾਸਤਿਕਤਾ ਤੇ ਭ੍ਰਿਸ਼ਟਾਚਾਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਤੇ ਉਤਸ਼ਾਹ ਪ੍ਰਦਾਨ ਕਰਦਾ ਹੈ।
ਗੁਰੂ ਗੋਬਿੰਦ ਸਿੰਘ ਜੀ ਨੇ ਜਦੋਂ ਹੋਲੇ-ਮਹੱਲੇ ਨੂੰ ਵੀਰਤਾ ਦੇ ਤਿਉਹਾਰ ਦਾ ਰੂਪ ਦੇ ਕੇ ਪ੍ਰਚਲਿਤ ਕੀਤਾ ਤਾਂ ਸਾਰੇ ਹੀ ਸਿੰਘ ਇਸ ਉਤਸਵ ਵਿਚ ਬੜੇ ਜੋਸ਼ ਨਾਲ ਸਜ-ਧਜ ਕੇ ਸ਼ਾਮਲ ਹੋਏ ਸਨ। ਇਹ ਰਵਾਇਤ ਹਾਲੇ ਵੀ ਜਾਰੀ ਹੈ। ਹੋਲਾ-ਮਹੱਲਾ ਮਨਾਉਣ ਦਾ ਮੰਤਵ ਗੁਰਸਿੱਖਾਂ ਅੰਦਰ ‘ਫ਼ਤਿਹ’ ਦੇ ਅਨੁਭਵ ਨੂੰ ਹੋਰ ਮਜ਼ਬੂਤ ਕਰਨਾ ਸੀ। ‘ਹੋਲੀ’ ਤੇ ‘ਹੋਲਾ-ਮਹੱਲਾ’ ਦੋਨਾਂ ਤਿਉਹਾਰਾਂ ਦੀ ਵਿਚਾਰਧਾਰਾ ਵਿਚ ਕਾਫ਼ੀ ਫ਼ਰਕ ਹੈ। ਗੁਰਬਾਣੀ ਵਿਚ ਦੋ ਰੰਗਾਂ ਦਾ ਜ਼ਿਕਰ ਕੀਤਾ ਗਿਆ ਹੈ। ਇਕ ਰੰਗ ਹੈ...
ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ।।
ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ।।
ਜਦਕਿ ਦੂਜਾ ਰੰਗ ਇਸ ਤਰ੍ਹਾਂ ਵਰਣਿਤ ਹੈ...
ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ।।
ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ।।
ਸਮੁੱਚਾ ਸਿੱਖ ਜਗਤ ਗੁਰੂ ਸਾਹਿਬ ਵੱਲੋਂ ਪਾਈਆਂ ਪੈੜਾਂ ‘ਤੇ ਚੱਲਦਿਆਂ ਹਰ ਸਾਲ ਹੋਲਾ-ਮਹੱਲਾ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਂਦਾ ਹੈ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਸ ਮੌਕੇ ਖ਼ਾਲਸਾ ਪੰਥ ਦਾ ਜਲੌ ਵੇਖਣਯੋਗ ਹੁੰਦਾ ਹੈ।
ਪ੍ਰਚਲਿਤ ਤਿਉਹਾਰ ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿਚ ਕ੍ਰਾਂਤੀਕਾਰੀ ਸੰਕਲਪ ਵਜੋਂ ਸੀ ਜਿਸ ਦਾ ਢੰਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪ ਨਿਸ਼ਚਿਤ ਕੀਤਾ। ਇਸ ਦੀ ਅਲੌਕਿਕ ਮਹਿਮਾ ਦਾ ਵਰਣਨ ਕਰਦਿਆਂ ਕਵੀ ਸੁਮੇਰ ਸਿੰਘ ਇਸ ਤਰ੍ਹਾਂ ਲਿਖਦੇ ਹਨ :
ਔਰਨ ਕੀ ਹੋਲੀ ਮਮ ਹੋਲਾ। ਕਹਯੋ ਕ੍ਰਿਪਾਨਿਧ ਬਚਨ ਅਮੋਲਾ।
ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਯੁੱਧ ਵਿੱਦਿਆ ਦੇ ਅਭਿਆਸ ਨੂੰ ਨਿੱਤ ਨਵਾਂ ਰੱਖਣ ਵਾਸਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਲਾਈ ਰੀਤੀ ਅਨੁਸਾਰ ਚੇਤ ਵਦੀ 1 ਨੂੰ ਸਿੱਖਾਂ ਵਿਚ ਹੋਲਾ-ਮਹੱਲਾ ਹੁੰਦਾ ਹੈ ਜਿਸ ਦਾ ਹੋਲੀ ਦੀ ਰਸਮ ਨਾਲ ਕੋਈ ਸਬੰਧ ਨਹੀਂ। ਮਹੱਲਾ ਇਕ ਪ੍ਰਕਾਰ ਦੀ ਮਸਨੂਈ ਲੜਾਈ ਹੈ। ਪੈਦਲ, ਘੋੜ-ਸਵਾਰ ਤੇ ਸ਼ਸਤਰਧਾਰੀ ਸਿੰਘ ਦੋ ਪਾਸਿਆਂ ਤੋਂ ਇਕ ਖ਼ਾਸ ਹਮਲੇ ਦੀ ਥਾਂ ਹਮਲਾ ਕਰਦੇ ਹਨ। ਕਲਗੀਧਰ ਆਪ ਇਸ ਬਨਾਉਟੀ ਲੜਾਈ ਨੂੰ ਵੇਖਦੇ ਤੇ ਦੋਨਾਂ ਜੱਥਿਆਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ। ਜਿਹੜਾ ਜਥਾ ਜੇਤੂ ਹੁੰਦਾ, ਉਸ ਨੂੰ ਸਿਰੋਪਾ ਬਖ਼ਸ਼ਿਸ਼ ਕਰਦੇ। ਭਾਈ ਵੀਰ ਸਿੰਘ ਅਨੁਸਾਰ-ਮਹੱਲਾ ਸ਼ਬਦ ਤੋਂ ਭਾਵ ‘ਮਯ ਹੱਲਾ’ ਭਾਵ ਬਨਾਉਟੀ ਹਮਲਾ ਹੈ।
ਦਸਮ ਪਿਤਾ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਨਿਪੁੰਨ ਬਣਾਉਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੇ ਹੋਲਾ-ਮਹੱਲਾ ਦੀ ਖ਼ਾਲਸਾਈ ਰਵਾਇਤ ਆਰੰਭ ਕੀਤੀ। ਇਤਿਹਾਸ ਗਵਾਹ ਹੈ ਕਿ ਪਾਤਸ਼ਾਹ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਹੋਲਾ-ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜੂ ਤਿਉਹਾਰ ਸਮੇਂ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ’ਚੋਂ ਨਿਕਲ ਕੇ ਇਸ ਉਤਸਵ ਵਿਚ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਲ ਹੋਣ ਲੱਗੇ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹੋਲਾ-ਮਹੱਲਾ ਮਨਾਉਣ ਦੀ ਚਲਾਈ ਪਰੰਪਰਾ ਸਿੱਖਾਂ ਅੰਦਰ ਸ਼ਕਤੀ ਤੇ ਅਣਖ ਨੂੰ ਪ੍ਰਗਟ ਕਰਨ ਦਾ ਅਨੋਖਾ ਢੰਗ ਸੀ। ਇਹ ਖ਼ਾਲਸਾ ਪੰਥ ਲਈ ਸਵੈਮਾਣ, ਖ਼ਾਲਸੇ ਦੇ ਬੋਲਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਇਸ ਨਾਲ ਸਿੱਖਾਂ ਅੰਦਰ ਜਬਰ-ਜ਼ੁਲਮ ਵਿਰੁੱਧ ਜੂਝਣ ਲਈ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ। ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਦਰਸਾਉਂਦੇ ਇਸ ਕੌਮੀ ਤਿਉਹਾਰ ਮੌਕੇ ਹਰ ਸਾਲ ਲੱਖਾਂ ਸੰਗਤਾਂ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਪਾਉਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜਦੀਆਂ ਹਨ।
ਇਸ ਮੌਕੇ ਜਿੱਥੇ ਧਾਰਮਿਕ ਦੀਵਾਨ ਸਜਦੇ ਹਨ, ਓਥੇ ਹੀ ਨਿਹੰਗ ਸਿੰਘਾਂ ਦੇ ਜੰਗਜੂ ਕਰਤੱਬ ਸੰਗਤਾਂ ਦੀ ਖਿੱਚ ਦਾ ਕੇਂਦਰ ਹੁੰਦੇ ਹਨ। ਖ਼ਾਲਸੇ ਦਾ ਹੋਲਾ-ਮਹੱਲਾ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦਾ ਅਨੋਖਾ ਢੰਗ ਹੈ। ਇਹ ਖ਼ਾਲਸਾ ਪੰਥ ਲਈ ਸਵੈਮਾਣ, ਖ਼ਾਲਸੇ ਦੇ ਬੋਲਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਹੋਲਾ-ਮਹੱਲਾ ਸਿੱਖਾਂ ਨੂੰ ਹਰ ਸਾਲ ਦ੍ਰਿੜ ਵਿਸ਼ਵਾਸੀ, ਪ੍ਰਭੂ-ਭਗਤੀ ਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ, ਜ਼ੁਲਮ, ਜਬਰ, ਨਾਸਤਿਕਤਾ ਤੇ ਭ੍ਰਿਸ਼ਟਾਚਾਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਤੇ ਉਤਸ਼ਾਹ ਪ੍ਰਦਾਨ ਕਰਦਾ ਹੈ।
ਇੰਜ ਖ਼ਾਲਸਾ-ਪੰਥ ਵਿਚ ‘ਹੋਲਾ-ਮਹੱਲਾ’ ਦੇ ਮੰਤਵ ਤੇ ਉਦੇਸ਼ ਬੜੇ ਉਸਾਰੂ ਤੇ ਸਾਰਥਕ ਹਨ। ਅੱਜ ਆਪਣੇ ਵਿਰਸੇ ਤੋਂ ਦੂਰ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਇਹ ਤਿਉਹਾਰ ਪ੍ਰੇਰਨਾ ਸਰੋਤ ਹੋ ਸਕਦੇ ਹਨ। ਅਜੋਕੀ ਪੀੜ੍ਹੀ ਨੂੰ ਆਪਣੇ ਸ਼ਾਨਾਂਮੱਤੇ ਇਤਿਹਾਸ, ਗੌਰਵਮਈ ਵਿਰਸੇ ਅਤੇ ਬੀਰ-ਰਸੀ ਰਵਾਇਤਾਂ ਤੋਂ ਜਾਣੂ ਕਰਵਾ ਕੇ ਪਤਿਤਪੁਣੇ ਅਤੇ ਨਸ਼ਿਆਂ ਤੋਂ ਰੋਕਿਆ ਜਾ ਸਕਦਾ ਹੈ।
ਸਮੁੱਚਾ ਸਿੱਖ ਜਗਤ ਗੁਰੂ ਸਾਹਿਬ ਵੱਲੋਂ ਪਾਈਆਂ ਪੈੜਾਂ ’ਤੇ ਚੱਲਦਿਆਂ ਹਰ ਸਾਲ ਹੋਲਾ-ਮਹੱਲਾ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਂਦਾ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਮੌਕੇ ਖ਼ਾਲਸਾ ਪੰਥ ਦਾ ਜਲੌ ਵੇਖਣਯੋਗ ਹੁੰਦਾ ਹੈ। ਅੱਜ ਲੋੜ ਹੈ ਕਿ ਹਰ ਸਿੱਖ ਆਪਣੇ ਵਿਰਸੇ ਨੂੰ ਜਾਣਦਾ ਹੋਇਆ ਸ਼ਸਤਰ ਵਿੱਦਿਆ ਵਿਚ ਵੀ ਨਿਪੁੰਨ ਹੋਵੇ। ਸੋ, ਆਓ! ਖ਼ਾਲਸਾ ਪੰਥ ਦੇ ਨਿਆਰੇ ਤਿਉਹਾਰ ਹੋਲਾ-ਮਹੱਲਾ ਮੌਕੇ ਆਪਣੇ ਜੀਵਨ ਅੰਦਰ ਖ਼ਾਲਸਾਈ ਜਜ਼ਬੇ ਦੀ ਭਾਵਨਾ ਭਰਦਿਆਂ ਉੱਦਮੀ ਜੀਵਨ ਜਿਉਣ ਲਈ ਅੱਗੇ ਵਧੀਏ। ਸਮਾਜ ਵਿਚ ਫੈਲੀਆਂ ਕੁਰੀਤੀਆਂ ਦੇ ਖ਼ਾਤਮੇ ਲਈ ਵਚਨਬੱਧ ਹੋਈਏ ਅਤੇ ਸਾਵੇਂ-ਸੁਖਾਵੇਂ ਸਮਾਜ ਦੀ ਸਿਰਜਣਾ ਲਈ ਗੁਰੂ ਬਖ਼ਸ਼ੀ ਰਹਿਣੀ ਦਾ ਪ੍ਰਚਾਰ-ਪ੍ਰਸਾਰ ਕਰੀਏ।
-ਐਡਵੋਕੇਟ ਹਰਜਿੰਦਰ ਸਿੰਘ ਧਾਮੀ
-(ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ)।