ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਕਾਂਗਰਸ ਸਰਕਾਰ ਵਿਚਾਲੇ ਸਹਿਮਤੀ ਨਹੀਂ ਬਣ ਸਕੀ। ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਦੀ ਸਟੇਜ ਸ਼੍ਰੋਮਣੀ ਕਮੇਟੀ ਵੱਲੋਂ ਹੀ ਲਗਾਈ ਜਾਵੇਗੀ। ਇਸ ਤੋਂ ਬਿਨਾਂ ਜਿਹੜੀ ਵੀ ਧਿਰ ਸਟੇਜ ਲਾਉਣਾ ਚਾਹੇ, ਉਹ ਆਪਣੀ ਸਟੇਜ ਲਗਾ ਸਕਦੀ ਹੈ ਪਰ ਉੱਥੇ ਸਿਆਸੀ ਗੱਲ ਨਹੀਂ ਹੋਣੀ ਚਾਹੀਦੀ। ਇਸ ਤੋਂ ਬਾਅਦ ਦੇਰ ਸ਼ਾਮ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਵੱਖਰੀ ਸਟੇਜ ਲਾਉਣ ਦਾ ਐਲਾਨ ਕਰ ਦਿੱਤਾ। ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਪੱਤਰ ਭੇਜਿਆ ਸੀ। ਜਥੇਦਾਰ ਨੇ ਕਿਹਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੇ ਮੰਚ ਸਬੰਧੀ ਫ਼ੈਸਲਾ ਲੈਣ ਦਾ ਹੱਕ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤਾ। ਕੈਪਟਨ ਨੇ ਸਰਕਾਰ ਵੱਲੋਂ ਬਣਾਏ ਜਾਣ ਵਾਲੇ ਮੰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚਲਾਉਣ ਦੀ ਪੇਸ਼ਕਸ਼ ਕੀਤੀ ਸੀ। ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਤੋਂ ਬਾਅਦ ਦੇਰ ਰਾਤ ਜੇਲ੍ਹ ਮੰਤਰੀ ਰੰਧਾਵਾ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਹੁਣ ਫਿਰ ਤੋਂ ਸਥਿਤੀ ਪਹਿਲਾਂ ਵਾਲੀ ਹੀ ਹੋ ਗਈ ਹੈ। ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੋਵਾਂ ਵੱਲੋਂ ਸੁਲਤਾਨਪੁਰ ਲੋਧੀ ਵਿਚ ਆਪੋ-ਆਪਣੇ ਮੰਚ ਅਤੇ ਪੰਡਾਲ ਬਣਾਏ ਜਾ ਰਹੇ ਸਨ, ਜਿਨ੍ਹਾਂ 'ਤੇ ਦੋਵਾਂ ਧਿਰਾਂ ਵੱਲੋਂ ਆਪੋ-ਆਪਣੇ ਸਮਾਗਮ ਕੀਤੇ ਜਾਣਗੇ। ਦੋਵਾਂ ਧਿਰਾਂ ਵੱਲੋਂ ਪਹਿਲਾਂ ਦੀ ਤਰ੍ਹਾਂ ਪ੍ਰਕਾਸ਼ ਪੁਰਬ ਸਬੰਧੀ ਉਲੀਕੇ ਗਏ ਆਪੋ-ਆਪਣੇ ਪ੍ਰੋਗਰਾਮ ਨੇਪਰੇ ਚੜ੍ਹਾਏ ਜਾਣਗੇ। ਦੂਜੇ ਪਾਸੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਇਹ ਐਲਾਨ ਕਰ ਕੇ ਇਮਰਾਨ ਨੇ ਉਹ ਸਾਰੇ ਖ਼ਦਸ਼ੇ ਦੂਰ ਕਰ ਦਿੱਤੇ ਹਨ, ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਿਆ ਜਾਵੇਗਾ ਜਾਂ ਨਹੀਂ। ਦੂਜੇ ਪਾਸੇ ਪਾਕਿਸਤਾਨ ਵੱਲੋਂ ਹਰੇਕ ਸ਼ਰਧਾਲੂ ਲਈ ਮੰਗੀ ਜਾ ਰਹੀ 20 ਅਮਰੀਕੀ ਡਾਲਰ ਦੀ ਫ਼ੀਸ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਹੋਇਆ, ਜਿਸ ਕਰਕੇ ਸ਼ਰਧਾਲੂਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਹਾਲੇ ਤਕ ਸ਼ੁਰੂ ਨਹੀਂ ਹੋ ਸਕੀ। ਦੋਵਾਂ ਮੁਲਕਾਂ ਦੀਆਂ ਸਰਕਾਰਾਂ ਜਲਦ ਹੀ ਇਸ ਮਸਲੇ ਨੂੰ ਹੱਲ ਵੀ ਕਰ ਲੈਣਗੀਆਂ ਅਤੇ ਸ਼ਰਧਾਲੂ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਮਹਾਨ ਮਾਨਵਤਾਵਾਦੀ ਗੁਰੂ ਨਾਨਕ ਦੇਵ ਜੀ ਦੇ ਮਾਨਵਤਾਵਾਦ ਵਿਚ ਸਰਬੱਤ ਦੇ ਭਲੇ ਦੀ ਭਾਵਨਾ ਮੁੱਖ ਸਥਾਨ ਰੱਖਦੀ ਹੈ। ਉਹ ਹਰ ਤਰ੍ਹਾਂ ਦੇ ਭੇਦਭਾਵ ਦੇ ਸਖ਼ਤ ਵਿਰੋਧੀ ਸਨ। ਸਾਰਾ ਜੀਵਨ ਉਹ ਧਰਮ ਪ੍ਰਚਾਰ ਲਈ ਯਤਨ ਕਰਦੇ ਰਹੇ। ਮਹਾਨ ਗੁਰੂ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਤਕਰਾਰ ਚੰਗਾ ਸੰਦੇਸ਼ ਨਹੀਂ ਦੇ ਰਹੀ। ਬਿਹਤਰ ਹੋਵੇਗਾ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਇਕ-ਦੂਜੇ ਨਾਲ ਕਦਮ-ਤਾਲ ਕਰਦੇ ਹੋਏ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ।

Posted By: Jagjit Singh