- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਨੇ ਉਦੋਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਲੋਕ ਸਭਾ ਤੇ ਵਿਧਾਨ ਸਭਾਵਾਂ ’ਚ 33 ਫ਼ੀਸਦੀ ਮਹਿਲਾ ਰਾਖਵਾਂਕਰਨ ਲਾਗੂ ਕਰਕੇ ਹੀ ਰਹੇਗੀ। ਕਿਉਂਕਿ ਇਕ ਦਿਨ ਪਹਿਲਾਂ ਸੰਵਿਧਾਨ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਆਪਣੇ ਵਿਸ਼ੇਸ਼ ਲੇਖ ’ਚ ਮਹਿਲਾ ਰਾਖਵਾਂਕਰਨ ਦੇ ਮੁੱਦੇ ’ਤੇ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੀ ਅੜਿੱਕੇਬਾਜ਼ੀ ਦਾ ਜ਼ਿਕਰ ਕਰਦਿਆਂ ਲਿਖਿਆ ਸੀ, ‘ਮੈਂ ਨਾਰੀ ਸ਼ਕਤੀ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਨਿਆਂ ਦਿਵਾਉਣ ਦੇ ਸਾਡੇ ਸੰਕਲਪ ਨੂੰ ਦੁਨੀਆ ਦੀ ਕੋਈ ਤਾਕਤ ਰੋਕ ਨਹੀਂ ਸਕਦੀ,’ ਇਸ ਲਈ ਇਹ ਨਤੀਜਾ ਕੱਢਿਆ ਜਾ ਸਕਦਾ ਹੈ ਕਿ ਸਰਕਾਰ ਮਹਿਲਾ ਰਾਖਵਾਂਕਰਨ ਅਤੇ ਹਲਕਿਆਂ ਦੀ ਹੱਦਬੰਦੀ ਨਾਲ ਜੁੜੇ ਬਿੱਲਾਂ ਨੂੰ

ਇਹ ਜੋ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਸਰਕਾਰ ਸੰਸਦ ਦਾ ਵਿਸ਼ੇਸ਼ ਇਜਲਾਸ ਮੁੜ ਸੱਦ ਕੇ ਮਹਿਲਾ ਰਾਖਵਾਂਕਰਨ ਸੋਧ ਬਿੱਲ ਦੇ ਨਾਲ ਹਲਕਿਆਂ ਦੀ ਹੱਦਬੰਦੀ ਨਾਲ ਜੁੜੇ ਬਿੱਲ ਨੂੰ ਪਾਸ ਕਰਵਾਉਣ ਦੀ ਪਹਿਲ ਕਰ ਸਕਦੀ ਹੈ, ਉਹ ਸਹੀ ਸਾਬਤ ਹੋਇਆ ਹੈ। ਸਰਕਾਰ ਨੇ ਮੁੜ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕਰ ਲਿਆ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਅਨੁਸਾਰ ਲੋਕ ਸਭਾ ਦਾ ਸੈਸ਼ਨ 30 ਨਵੰਬਰ ਤੋਂ ਅਤੇ ਰਾਜ ਸਭਾ ਦਾ ਸੈਸ਼ਨ 2 ਦਸੰਬਰ ਤੋਂ ਸ਼ੁਰੂ ਹੋਵੇਗਾ ਤੇ 3 ਦਸੰਬਰ ਨੂੰ ਦੋਵਾਂ ਸਦਨਾਂ ਦੀ ਕਾਰਵਾਈ ਸਮਾਪਤ ਹੋ ਸਕਦੀ ਹੈ। ਹਾਲਾਂਕਿ ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਇਹ ਵਿਸ਼ੇਸ਼ ਸੈਸ਼ਨ ਕਿਉਂ ਬੁਲਾਇਆ ਜਾ ਰਿਹਾ ਹੈ, ਪਰ ਇਹ ਸਪੱਸ਼ਟ ਹੀ ਹੈ ਕਿ ਸਰਕਾਰ ਇਸ ਵਿੱਚ ਮਹਿਲਾ ਰਾਖਵਾਂਕਰਨ ਸੋਧ ਬਿੱਲ ਤੇ ਹਲਕਿਆਂ ਦੀ ਹੱਦਬੰਦੀ ਬਿੱਲ ਪਾਸ ਕਰਵਾਉਣਾ ਚਾਹੁੰਦੀ ਹੈ। ਉਂਝ ਤਾਂ ਸਰਕਾਰ ਨੇ ਇਸੇ ਸਾਲ ਅਪ੍ਰੈਲ ’ਚ ਵੀ ਵਿਸ਼ੇਸ਼ ਸੈਸ਼ਨ ਰਾਹੀਂ ਇਸ ਲਈ ਕੋਸ਼ਿਸ਼ ਕੀਤੀ ਸੀ ਪਰ ਉਦੋਂ ਵਿਰੋਧੀ ਪਾਰਟੀਆਂ ਨੇ ਇਕਜੁੱਟ ਹੋ ਕੇ ਉਸ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਸਰਕਾਰ ਨੇ ਉਦੋਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਲੋਕ ਸਭਾ ਤੇ ਵਿਧਾਨ ਸਭਾਵਾਂ ’ਚ 33 ਫ਼ੀਸਦੀ ਮਹਿਲਾ ਰਾਖਵਾਂਕਰਨ ਲਾਗੂ ਕਰਕੇ ਹੀ ਰਹੇਗੀ। ਕਿਉਂਕਿ ਇਕ ਦਿਨ ਪਹਿਲਾਂ ਸੰਵਿਧਾਨ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਆਪਣੇ ਵਿਸ਼ੇਸ਼ ਲੇਖ ’ਚ ਮਹਿਲਾ ਰਾਖਵਾਂਕਰਨ ਦੇ ਮੁੱਦੇ ’ਤੇ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੀ ਅੜਿੱਕੇਬਾਜ਼ੀ ਦਾ ਜ਼ਿਕਰ ਕਰਦਿਆਂ ਲਿਖਿਆ ਸੀ, ‘ਮੈਂ ਨਾਰੀ ਸ਼ਕਤੀ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਨਿਆਂ ਦਿਵਾਉਣ ਦੇ ਸਾਡੇ ਸੰਕਲਪ ਨੂੰ ਦੁਨੀਆ ਦੀ ਕੋਈ ਤਾਕਤ ਰੋਕ ਨਹੀਂ ਸਕਦੀ,’ ਇਸ ਲਈ ਇਹ ਨਤੀਜਾ ਕੱਢਿਆ ਜਾ ਸਕਦਾ ਹੈ ਕਿ ਸਰਕਾਰ ਮਹਿਲਾ ਰਾਖਵਾਂਕਰਨ ਅਤੇ ਹਲਕਿਆਂ ਦੀ ਹੱਦਬੰਦੀ ਨਾਲ ਜੁੜੇ ਬਿੱਲਾਂ ਨੂੰ ਦੋ-ਤਿਹਾਈ ਬਹੁਮਤ ਨਾਲ ਪਾਸ ਕਰਵਾਉਣ ਲਈ ਲੋੜੀਂਦੀ ਗਿਣਤੀ ਦਾ ਪ੍ਰਬੰਧ ਕਰ ਚੁੱਕੀ ਹੈ। ਉਸ ਨੂੰ ਇਹ ਪ੍ਰਬੰਧ ਕਰਨ ’ਚ ਇਸ ਲਈ ਆਸਾਨੀ ਹੋਈ ਹੋਵੇਗੀ ਕਿਉਂਕਿ ਇਕ ਤਾਂ ਆਮ ਆਦਮੀ ਪਾਰਟੀ, ਤ੍ਰਿਣਮੂਲ ਕਾਂਗਰਸ ਤੇ ਊਧਵ ਠਾਕਰੇ ਦੀ ਸ਼ਿਵ ਸੈਨਾ ਦੇ ਕਈ ਸੰਸਦ ਮੈਂਬਰ ਆਪਣੇ ਦਲਾਂ ਨੂੰ ਛੱਡ ਚੁੱਕੇ ਹਨ ਅਤੇ ਦੂਜੇ ਪਾਸੇ ਜਿੱਥੇ ਸ਼ਰਦ ਪਵਾਰ ਦੀ ਐੱਨਸੀਪੀ ਆਪਣਾ ਰੁਖ਼ ਬਦਲਣ ਲਈ ਤਿਆਰ ਦਿਖਾਈ ਦੇ ਰਹੀ ਹੈ, ਉੱਥੇ ਡੀਐੱਮਕੇ ਵੀ ਕਾਂਗਰਸ ਨਾਲੋਂ ਨਾਤਾ ਤੋੜਨ ਤੋਂ ਬਾਅਦ ਇਹ ਸੰਕੇਤ ਦੇ ਚੁੱਕੀ ਹੈ ਕਿ ਜੇਕਰ ਤਾਮਿਲਨਾਡੂ ਨੂੰ ਸਿਆਸੀ ਨੁਕਸਾਨ ਨਾ ਹੋਵੇ ਤਾਂ ਉਹ ਇਸ ਮੁੱਦੇ ’ਤੇ ਸਰਕਾਰ ਦਾ ਸਾਥ ਦੇ ਸਕਦੀ ਹੈ। ਹਾਲਾਂਕਿ ਸਰਕਾਰ ਨੇ ਪਹਿਲਾਂ ਵੀ ਵਿਰੋਧੀ ਧਿਰ ਨੂੰ ਇਹ ਭਰੋਸਾ ਦਿਵਾਇਆ ਸੀ ਕਿ ਸਾਰੇ ਸੂਬਿਆਂ ਦੀਆਂ ਲੋਕ ਸਭਾ ਸੀਟਾਂ ’ਚ 50 ਫ਼ੀਸਦੀ ਵਾਧਾ ਕਰਨ ਦੀ ਉਸ ਦੀ ਤਜਵੀਜ਼ ਕਾਰਨ ਹਰ ਸੂਬੇ ਦੀ ਲੋਕ ਸਭਾ ’ਚ ਨੁਮਾਇੰਦਗੀ ਦਾ ਫ਼ੀਸਦ ਪਹਿਲਾਂ ਵਾਂਗ ਹੀ ਰਹੇਗਾ ਪਰ ਉਦੋਂ ਵਿਰੋਧੀ ਧਿਰ ਨੇ ਇਸ ਨੂੰ ਮੁੱਦਾ ਬਣਾ ਲਿਆ ਸੀ ਕਿ ਇਸ ਭਰੋਸੇ ਨੂੰ ਲਿਖਤੀ ਰੂਪ ’ਚ ਬਿੱਲ ਦਾ ਹਿੱਸਾ ਕਿਉਂ ਨਹੀਂ ਬਣਾਇਆ ਗਿਆ? ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਅਜਿਹਾ ਹੋ ਜਾਣ ਤੋਂ ਬਾਅਦ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਇਹ ਸਮਝਣਗੀਆਂ ਕਿ 2029 ’ਚ ਮਹਿਲਾ ਰਾਖਵਾਂਕਰਨ ਲਾਗੂ ਕਰਨ ਦੇ ਸੰਸਦ ਵੱਲੋਂ ਸਰਬਸੰਮਤੀ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਵਿਚ ਸਹਿਯੋਗ ਦੇਣਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਹੈ। ਜੇਕਰ ਉਹ ਹੁਣ ਵੀ ਵਿਰੋਧ ਦੇ ਰਾਹ ’ਤੇ ਚੱਲਦੀਆਂ ਹਨ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਔਰਤਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।