ਭਾਰਤੀ ਜਨਤਾ ਪਾਰਟੀ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਸਾਂਝੇ ਉਮੀਦਵਾਰ ਵਜੋਂ ਝਾਰਖੰਡ ਦੀ ਸਾਬਕਾ ਰਾਜਪਾਲ ਤੇ ਓਡੀਸ਼ਾ ਦੀ ਜ਼ਮੀਨੀ ਪੱਧਰ ਦੀ ਕਬਾਇਲੀ ਤੇਜ਼-ਤਰਾਰ ਇਸਤਰੀ ਆਗੂ ਦਰੋਪਦੀ ਮੁਰਮੂ ਨੂੰ ਐਲਾਨ ਕੇ ਮਾਸਟਰ ਸਟਰੋਕ ਖੇਡਿਆ ਹੈ। ਯੂਪੀਏ ਨੇ ਵੀ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਆਪਣਾ ਉਮੀਦਵਾਰ ਬਣਾ ਕੇ ਆਪਣੇ ਜਾਣੀ ਕੱਦੂ ਵਿਚ ਤੀਰ ਮਾਰਿਆ ਹੈ। ਇਕ ਕਿਸਮ ਨਾਲ ਭਾਜਪਾ ਦਾ ਭਾਜਪਾ ਨਾਲ ਹੀ ਮੁਕਾਬਲਾ ਹੈ। ਇਸ ਸਮੇਂ ਸਿਨਹਾ ਤ੍ਰਿਣਮੂਲ ਕਾਂਗਰਸ ਵਿਚ ਹਨ। ਉਨ੍ਹਾਂ ਨੂੰ ਜਿਤਾਉਣ ਲਈ ਮਮਤਾ ਬੈਨਰਜੀ ਅੱਡੀ-ਚੋਟੀ ਦਾ ਜ਼ੋਰ ਲਾਉਣਗੇ। ਉਹ ਭਾਜਪਾ ਦੇ ਨੇਤਾਵਾਂ ਨੂੰ ਪਹਿਲਾਂ ਵੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਕਰ ਚੁੱਕੇ ਹਨ। ਹੋ ਸਕਦਾ ਹੈ ਕਿ ਉਹ ਭਾਜਪਾ ਦੀਆਂ ਵੋਟਾਂ ਨੂੰ ਸੰਨ੍ਹ ਲਾਉਣ ਦੀ ਕੋਸ਼ਿਸ਼ ਕਰਨ। ਭਾਰਤ ਦੇ 16ਵੇਂ ਰਾਸ਼ਟਰਪਤੀ ਦੀ ਚੋਣ 18 ਜੁਲਾਈ 2022 ਨੂੰ ਹੋਣ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਰਾਜ ’ਚ ਇਹ ਤੀਜੀ ਵਾਰ ਚੋਣ ਹੋ ਰਹੀ ਹੈ। ਸੰਨ 2022 ਦੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਕਬਾਇਲੀ ਇਸਤਰੀ ਨੇਤਾ ਦਰੋਪਦੀ ਮੁਰਮੂ ਨੂੰ ਉਮੀਦਵਾਰ ਬਣਾ ਕੇ 2024 ਦੀਆਂ ਅਗਲੀਆਂ ਲੋਕ ਸਭਾ ਚੋਣਾਂ ਵਿਚ ਕਬਾਇਲੀਆਂ, ਅਨੁਸੂਚਿਤ ਜਾਤੀਆਂ ਤੇ ਇਸਤਰੀਆਂ ਦੀਆਂ ਵੋਟਾਂ ਬਟੋਰਨ ਦਾ ਪੈਂਤੜਾ ਅਪਣਾਇਆ ਹੈ। ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਭਾਰਤੀ ਜਨਤਾ ਪਾਰਟੀ ਦਾ ਇਹ ਨਵਾਂ ਪੈਂਤੜਾ 2024 ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਕਿੰਨਾ ਕੁ ਕਾਰਗਰ ਸਾਬਿਤ ਹੋਵੇਗਾ ਕਿਉਂਕਿ ਭਾਜਪਾ ਹਰ ਹਾਲਤ ’ਚ 2024 ਦੀਆਂ ਚੋਣਾਂ ਜਿੱਤਣਾ ਚਾਹੁੰਦੀ ਹੈ। ਦਰੋਪਦੀ ਮੁਰਮੂ ਬਿਜਲੀ ਵਿਭਾਗ ਦੀ ਜੂਨੀਅਰ ਸਹਾਇਕ ਤੋਂ ਰਾਸ਼ਟਰਪਤੀ ਦੇ ਉਮੀਦਵਾਰ ਤਕ ਪਹੁੰਚਣ ਵਾਲੀ ਪਹਿਲੀ ਕਬਾਇਲੀ ਇਸਤਰੀ ਹੈ। ਸੰਨ 1958 ਵਿਚ ਪੈਦਾ ਹੋਈ ਮੁਰਮੂ ਨੇ ਆਪਣਾ ਸਿਆਸੀ ਕਰੀਅਰ 1997 ’ਚ ਰਾਏਰੰਗਪੁਰ ਨਗਰ ਪੰਚਾਇਤ ਦੀ ਕੌਂਸਲਰ ਤੋਂ ਸ਼ੁਰੂ ਕੀਤਾ ਅਤੇ ਨਗਰ ਪੰਚਾਇਤ ਦੀ ਉਪ ਚੇਅਰਪਰਸਨ ਬਣੀ। ਸੰਨ 2000 ਵਿਚ ਹੀ ਪਹਿਲੀ ਵਾਰ ਵਿਧਾਇਕਾ ਬਣਨ ਤੋਂ ਬਾਅਦ ਓਡੀਸ਼ਾ ਸਰਕਾਰ ਵਿਚ ਮੰਤਰੀ ਦਾ ਅਹੁਦਾ ਪ੍ਰਾਪਤ ਕੀਤਾ। ਉਨ੍ਹਾਂ ਨੇ ਬੜੇ ਮਹੱਤਵਪੂਰਨ ਵਿਭਾਗਾਂ ਦੀ ਮੰਤਰੀ ਰਹਿੰਦਿਆਂ ਪ੍ਰਸ਼ਾਸਕੀ ਤਜਰਬਾ ਹਾਸਲ ਕੀਤਾ। ਓਡੀਸ਼ਾ ਵਿਧਾਨ ਸਭਾ ਵੱਲੋਂ ਉਨ੍ਹਾਂ ਨੂੰ 2007 ਵਿਚ ਸਰਬੋਤਮ ਵਿਧਾਇਕਾ ਲਈ ‘ਨੀਲਕੰਠ ਪੁਰਸਕਾਰ’ ਦੇ ਕੇ ਸਨਮਾਨਤ ਕੀਤਾ ਗਿਆ ਸੀ। ਸੰਨ 2015 ਵਿਚ ਉਨ੍ਹਾਂ ਨੂੰ ਝਾਰਖੰਡ ਦੀ ਰਾਜਪਾਲ ਬਣਾਇਆ ਗਿਆ। ਝਾਰਖੰਡ ਦੀ ਵੀ ਉਹ ਪਹਿਲੀ ਇਸਤਰੀ ਰਾਜਪਾਲ ਸੀ। ਜੇ ਉਹ ਚੁਣੀ ਗਈ ਤਾਂ ਆਜ਼ਾਦੀ ਤੋਂ ਬਾਅਦ ਪੈਦਾ ਹੋਣ ਵਾਲੀ ਅਤੇ ਸਭ ਤੋਂ ਛੋਟੀ ਉਮਰ ਦੀ ਰਾਸ਼ਟਰਪਤੀ ਹੋਵੇਗੀ।

ਭਾਰਤੀ ਜਨਤਾ ਪਾਰਟੀ ਆਪਣਾ ਹਰ ਫ਼ੈਸਲਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਲੈ ਰਹੀ ਹੈ। ਉਹ ਆਪਣਾ ਹਿੰਦੂਤਵ ਦਾ ਰਾਗ ਅਲਾਪ ਕੇ ਲੋਕਾਂ ਨੂੰ ਆਪਣੇ ਨਾਲ ਜੋੜ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਲਗਾਤਾਰ ਦੋ ਵਾਰ 2014 ਅਤੇ 2019 ਵਿਚ ਉਹ ਲੋਕ ਸਭਾ ਦੀਆਂ ਚੋਣਾਂ ਭਾਰੀ ਬਹੁਮਤ ਨਾਲ ਜਿੱਤ ਚੁੱਕੀ ਹੈ। ਤੀਜੀ ਵਾਰ ਵੀ ਉਹ ਹਰ ਹੀਲਾ ਵਰਤ ਕੇ ਸਰਕਾਰ ਬਣਾਉਣ ਦੀਆਂ ਤਰਕੀਬਾਂ ਬਣਾ ਰਹੀ ਹੈ। ਸੰਨ 2014 ਤੋਂ ਹੁਣ ਤਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੇ ਜ਼ਿਆਦਾਤਰ ਫ਼ੈਸਲਿਆਂ ਕਾਰਨ ਵਾਦ-ਵਿਵਾਦ ਵਿਚ ਹੀ ਰਹੀ ਹੈ। ਇਕ ਕਿਸਮ ਨਾਲ ਪਾਰਟੀ ਦਾ ਥਿੰਕ ਟੈਂਕ ਆਰਐੱਸਐੱਸ ਹੈ। ਹੁਣ ਤਕ ਦੇ ਮਹੱਤਵਪੂਰਨ ਫ਼ੈਸਲੇ ਜਿਨ੍ਹਾਂ ਦੀ ਵਜ੍ਹਾ ਕਰਕੇ ਵਾਦ-ਵਿਵਾਦ ਖੜ੍ਹੇ ਹੁੰਦੇ ਰਹੇ ਹਨ, ਉਨ੍ਹਾਂ ਵਿਚ ਨੋਟਬੰਦੀ, ਨਾਗਰਿਕ ਸੋਧ ਕਾਨੂੰਨ, ਏਅਰਪੋਰਟ ਤੇ ਰੇਲਵੇ ਵੇਚਣਾ, ਕੋਵਿਡ ਸਮੇਂ ਬੁਰੀ ਤਰ੍ਹਾਂ ਫੇਲ੍ਹ ਹੋਣਾ, ਮਹਿੰਗਾਈ ਦਾ ਵਧਣਾ, ਪੈਟਰੋਲ ਅਤੇ ਗੇੈਸ ਦੀਆਂ ਕੀਮਤਾਂ ਦਾ ਦੁੱਗਣਾ ਹੋਣਾ, ਜੰਮੂ-ਕਸ਼ਮੀਰ ’ਚ ਧਾਰਾ 370 ਖ਼ਤਮ ਕਰਨਾ ਅਤੇ ਕੇਂਦਰੀ ਸ਼ਾਸਿਤ ਸੂਬਾ ਬਣਾਉਣਾ, ਖੇਤੀਬਾੜੀ ਸਬੰਧੀ ਤਿੰਨ ਕਾਨੂੰਨ ਬਣਾਉਣਾ, ਅਯੁੱਧਿਆ ਵਿਚ ਮੰਦਰ ਬਣਾਉਣਾ, ਘੱਟ-ਗਿਣਤੀਆਂ ਦਾ ਆਪਣੇ-ਆਪ ਨੂੰ ਮਹਿਫੂਜ਼ ਨਾ ਸਮਝਣਾ, ਸਰਕਾਰੀ ਸੰਸਥਾਵਾਂ ਨੂੰ ਕਮਜ਼ੋਰ ਕਰਨਾ, ਨਿੱਜੀਕਰਨ ਨੂੰ ਪਹਿਲ ਦੇਣਾ ਅਤੇ ਫ਼ੌਜ ਵਿਚ ਰੈਗੂਲਰ ਭਰਤੀ ਬੰਦ ਕਰ ਕੇ ਅਗਨੀਪਥ ਯੋਜਨਾ ਸ਼ੁਰੂ ਕਰਨਾ, ਸੂਬਿਆਂ ਦੀਆਂ ਫ਼ੌਜ ਦੀਆਂ ਰੈਗੂਲਰ ਯੂਨਿਟਾਂ ਖ਼ਤਮ ਕਰਨੀਆਂ ਆਦਿ ਹਨ।

ਉਪਰੋਕਤ ਸਾਰੇ ਫ਼ੈਸਲਿਆਂ ਦਾ ਆਮ ਜਨਤਾ ਨੇ ਹਮੇਸ਼ਾ ਵਿਰੋਧ ਕੀਤਾ ਪਰ ਸਰਕਾਰ ਨੇ ਇਨ੍ਹਾਂ ਵਿੱਚੋਂ ਸਿਰਫ਼ ਖੇਤੀ ਕਾਨੂੰਨ ਹੀ ਵਾਪਸ ਲਏ ਹਨ, ਬਾਕੀਆਂ ਬਾਰੇ ਲੋਕਾਈ ਅਤੇ ਵਿਰੋਧੀ ਪਾਰਟੀਆਂ ਦੀ ਸੁਣੀ ਨਹੀਂ ਗਈ। ਅਗਨੀਪਥ ਸਕੀਮ ਬਾਰੇ ਭਾਰਤ ਦੇ ਲੋਕਾਂ ਵਿਚ ਸ਼ੰਕਾ ਹੈ ਕਿ ਆਰਐੱਸਐੱਸ ਦੇ ਮੈਂਬਰਾਂ ਨੂੰ ਅਸਲੇ ਚਲਾਉਣ ਦੀ ਸਿੱਖਿਆ ਦੇਣ ਲਈ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੀਆਂ ਸੂਬਾ ਸਰਕਾਰਾਂ ਤੋਂ ਬਿਨਾਂ ਬਾਕੀ ਸਾਰੀਆਂ ਸਰਕਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਵੀ ਲੋਕਾਂ ਵਿਚ ਗੁੱਸੇ ਨੂੰ ਵਧਾ ਰਿਹਾ ਹੈ। ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਦਾ ਉਮੀਦਵਾਰ ਬਣਾ ਕੇ ਭਾਰਤੀ ਜਨਤਾ ਪਾਰਟੀ ਵਿਰੋਧੀ ਪਾਰਟੀਆਂ ਦੇ ਪ੍ਰਾਪੇਗੰਡੇ ਨੂੰ ਠੱਲ੍ਹ ਪਾਉਣ ਵਿਚ ਸਫਲ ਹੋਣਾ ਚਾਹੁੰਦੀ ਹੈ। ਮੁਰਮੂ ਜ਼ਮੀਨੀ ਪੱਧਰ ਦੀ ਫਾਇਰ ਬਰਾਂਡ ਆਗੂ ਹੈ। ਉਸ ਦੀ ਚੋਣ ਅਗਲੇ ਦੋ ਸਾਲਾਂ ਵਿਚ ਦੋ ਕਬਾਇਲੀ ਇਲਾਕਿਆਂ ਵਾਲੇ ਛੱਤੀਸਗੜ੍ਹ ਅਤੇ ਝਾਰਖੰਡ ਵਿਚ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖ ਕੇ ਕੀਤੀ ਗਈ ਲੱਗਦੀ ਹੈ। ਅਜਿਹੇ ਹਾਲਾਤ ਵਿਚ ਭਾਰਤੀ ਜਨਤਾ ਪਾਰਟੀ ਲਈ ਰਾਸ਼ਟਰਪਤੀ ਦੀ ਚੋਣ ਇਕ ਵੰਗਾਰ ਹੋਵੇਗੀ। ਭਾਵੇਂ ਉਹ ਰਾਸ਼ਟਰਪਤੀ ਦੀ ਚੋਣ ਜਿੱਤਣ ਦੇ ਪੂਰੀ ਤਰ੍ਹਾਂ ਸਮਰੱਥ ਹੈ ਪਰ ਵਿਰੋਧੀ ਪਾਰਟੀਆਂ ਦਾ ਇਕ ਮੰਚ ’ਤੇ ਲਾਮਬੰਦ ਹੋਣਾ ਤੇ ਭਾਰਤੀ ਜਨਤਾ ਪਾਰਟੀ ਦੇ ਪੁਰਾਣੇ ਨੇਤਾ ਯਸ਼ਵੰਤ ਸਿਨਹਾ ਨੂੰ ਉਮੀਦਵਾਰ ਬਣਾਉਣਾ ਚਿੰਤਾ ਦਾ ਵਿਸ਼ਾ ਜ਼ਰੂਰ ਹੈ। ਵਿਰੋਧੀ ਪਾਰਟੀਆਂ ਨੇ ਸਿਨਹਾ ਨੂੰ ਉਮੀਦਵਾਰ ਇਸ ਆਸ ਨਾਲ ਬਣਾਇਆ ਹੈ ਕਿ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੀਆਂ ਕੁਝ ਵੋਟਾਂ ਪੈ ਸਕਦੀਆਂ ਹਨ। ਸਿਆਸਤਦਾਨਾਂ ਵਿਚ ਵਿਚਾਰਧਾਰਾ ਦੀ ਥਾਂ ਮੌਕਾਪ੍ਰਸਤੀ ਭਾਰੂ ਹੋ ਗਈ ਹੈ। ਭਾਜਪਾ ਨੇ ਆਪਣੇ ਸਰਕਾਰੀ ਅਸਰ-ਰਸੂਖ਼ ਨਾਲ ਕਈ ਰਾਜਾਂ ਵਿਚ ਦੂਜੀਆਂ ਪਾਰਟੀਆਂ ਦੇ ਵਿਧਾਇਕ ਤੋੜ ਕੇ ਸਰਕਾਰਾਂ ਬਣਾ ਲਈਆਂ ਹਨ। ਤਾਜ਼ਾ ਘਟਨਾਕ੍ਰਮ ਤਹਿਤ ਮਹਾਰਾਸ਼ਟਰ ਵਿਚ ਵਿਰੋਧੀ ਪਾਰਟੀਆਂ ਦੀ ਸਾਂਝੀ ਸਰਕਾਰ ਤੋੜ ਕੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਬਹੁਤ ਮਹੱਤਵਪੂਰਨ ਹੈ। ਪਰ ਇਸ ਕਰਕੇ ਸਰਕਾਰ ਡਰ ਵੀ ਰਹੀ ਹੈ ਕਿ ਜਿਹੜੇ ਪਾਰਟੀ ਬਦਲ ਕੇ ਉਸ ਨਾਲ ਆ ਸਕਦੇ ਹਨ, ਉਹ ਰਾਸ਼ਟਰਪਤੀ ਦੀ ਚੋਣ ਵਿਚ ਕਰਾਸ ਵੋਟਿੰਗ ਵੀ ਕਰ ਸਕਦੇ ਹਨ। ਅਗਲੀਆਂ ਲੋਕ ਸਭਾ ਚੋਣਾਂ ਵਿਚ ਜੇ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾ ਮਿਲਿਆ ਤਾਂ ਰਾਸ਼ਟਰਪਤੀ ਦਾ ਅਹੁਦਾ ਬਹੁਤ ਮਹੱਤਵਪੂਰਨ ਯੋਗਦਾਨ ਪਾ ਸਕਦਾ ਹੈ ਜਿਸ ਕਰਕੇ ਉਹ ਗਿਆਨੀ ਜ਼ੈਲ ਸਿੰਘ ਦੇ ਸਮੇਂ ਹੋਏ ਘਟਨਾਕ੍ਰਮ ਨੂੰ ਮੁੱਖ ਰੱਖ ਕੇ ਰਣਨੀਤੀ ਬਣਾ ਰਹੀ ਹੈ। ਉਦਾਹਰਨ ਵਜੋਂ ਇਹ ਦੱਸਣਾ ਜ਼ਰੂਰੀ ਹੈ ਕਿ ਗਿਆਨੀ ਜ਼ੈਲ ਸਿੰਘ ਦੇ 1982-87 ਤਕ ਭਾਰਤ ਦੇ ਰਾਸ਼ਟਰਪਤੀ ਦੇ ਆਪਣੇ ਕਾਰਜਕਾਲ ਦੌਰਾਨ ਕਾਂਗਰਸ ਨਾਲ ਸਬੰਧ ਚੰਗੇ ਨਹੀਂ ਰਹੇ ਸਨ। ਉਨ੍ਹਾਂ ਨੇ ਪੋਸਟਲ ਬਿੱਲ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ। ਹਾਲਾਂਕਿ ਗਿਆਨੀ ਜ਼ੈਲ ਸਿੰਘ ਦੇ ਸੰਜੇ ਗਾਂਧੀ ਅਤੇ ਇੰਦਰਾ ਗਾਂਧੀ ਨਾਲ ਬਹੁਤ ਚੰਗੇ ਸਬੰਧ ਸਨ। ਉਨ੍ਹਾਂ ਨੂੰ ਜਦੋਂ ਕਾਂਗਰਸ ਪਾਰਟੀ ਨੇ ਰਾਸ਼ਟਰਪਤੀ ਦਾ ਉਮੀਦਵਾਰ ਬਣਾਇਆ ਸੀ, ਉਦੋਂ ਉਨ੍ਹਾਂ ਨੇ ਇਕ ਬਿਆਨ ਦਿੱਤਾ ਸੀ ਕਿ ਉਹ ਆਪਣੇ ਨੇਤਾ ਦੇ ਕਹਿਣ ’ਤੇ ਝਾੜੂ ਲਗਾਉਣ ਲਈ ਤਿਆਰ ਹਨ ਜਿਨ੍ਹਾਂ ਨੇ ਉਨ੍ਹਾਂ ਵਿਚ ਇੰਨਾ ਵੱਡਾ ਭਰੋਸਾ ਪ੍ਰਗਟ ਕੀਤਾ ਹੈ। ਫਿਰ ਵੀ ਗਿਆਨੀ ਜ਼ੈਲ ਸਿੰਘ ਦੇ ਇੰਦਰਾ ਗਾਂਧੀ ਨਾਲ ਸਬੰਧ ਚੰਗੇ ਨਾ ਰਹਿਣਾ ਇਕ ਬੁਝਾਰਤ ਸੀ। ਸ਼੍ਰੀ ਹਰਿਮੰਦਰ ਸਾਹਿਬ ਵਿਚ ਜੂਨ 1984 ਵਿਚ ਬਲਿਊ ਸਟਾਰ ਆਪ੍ਰੇਸ਼ਨ ਕਰਨ ਤੋਂ ਪਹਿਲਾਂ ਗਿਆਨੀ ਜੀ ਨੂੰ ਜਾਣਕਾਰੀ ਵੀ ਨਹੀਂ ਦਿੱਤੀ ਗਈ ਸੀ ਜਦਕਿ ਉਹ ਤਿੰਨਾਂ ਫ਼ੌਜਾਂ ਦੇ ਕਮਾਂਡਰ ਇਨ ਚੀਫ ਸਨ। ਹੁਣ ਤਾਂ ਭਾਰਤੀ ਜਨਤਾ ਪਾਰਟੀ ਨੇ ਤਿੰਨਾਂ ਸੈਨਾਵਾਂ ਦਾ ਮੁਖੀ ਬਣਾ ਕੇ ਰਾਸ਼ਟਰਪਤੀ ਦੇ ਅਹੁਦੇ ਦੇ ਪਰ ਕੁਤਰ ਦਿੱਤੇ ਹਨ। ਜਦੋਂ ਇੰਦਰਾ ਦਾ ਕਤਲ ਹੋਇਆ ਸੀ ਤਾਂ ਗਿਆਨੀ ਜ਼ੈਲ ਸਿੰਘ ਨੇ ਮੰਤਰੀ ਮੰਡਲ ਦੇ ਸਭ ਤੋਂ ਸੀਨੀਅਰ ਮੰਤਰੀ ਪ੍ਰਣਾਬ ਮੁਖਰਜੀ ਨੂੰ ਕਾਰਜਵਾਹਕ ਪ੍ਰਧਾਨ ਮੰਤਰੀ ਬਣਾਉਣ ਦਾ ਪ੍ਰੋਟੋਕਾਲ ਤੋੜ ਕੇ ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਸੀ। ਫਿਰ ਵੀ ਗਿਆਨੀ ਜੀ ਅਤੇ ਰਾਜੀਵ ਗਾਂਧੀ ਦੇ ਸਬੰਧਾਂ ਵਿਚ ਖਟਾਸ ਆ ਗਈ ਸੀ। ਅਜਿਹੇ ਹਾਲਾਤ ਦੇ ਮੱਦੇ ਨਜ਼ਰ ਭਾਰਤੀ ਜਨਤਾ ਪਾਰਟੀ ਨੇ ਰਾਸ਼ਟਰਪਤੀ ਦਾ ਉਮੀਦਵਾਰ ਮੰਥਨ ਕਰਨ ਤੋਂ ਬਾਅਦ ਬਣਾਇਆ ਹੈ ਕਿਉਂਕਿ ਉਹ ਕਿਸੇ ਕਿਸਮ ਦਾ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੀ।

-ਉਜਾਗਰ ਸਿੰਘ

-(ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ)।

-ਮੋਬਾਈਲ : 94178-13072

Posted By: Jagjit Singh