ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁੱਕਰਵਾਰ ਨੂੰ 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ 'ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com 'ਤੇ ਉਪਲੱਬਧ ਹੋਣਗੇ।


ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਸਿਰਫ਼ ਰੈਗੂਲਰ/ਰਜਿਸਟਰਡ ਵਿਦਿਆਰਥੀਆਂ ਦੀ ਕੰਟੀਨਿਊਸ ਕੰਪ੍ਰੀਹੈਂਸਿਵ ਇਵੈਲਿਊਏਸ਼ਨ (ਸੀਸੀਈ) ਦੇ ਆਧਾਰ 'ਤੇ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੋਰਡ ਵੱਲੋਂ ਓਪਨ ਸਕੂਲ, ਸੁਨਹਿਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਵਾਲੇ ਮੈਟਿ੍ਕ ਪੱਧਰ ਦੇ ਵਿਦਿਆਰਥੀਆਂ ਦੇ ਪੇਪਰ ਜਲਦੀ ਲਏ ਜਾਣਗੇ ਕਿਉਂਕਿ ਉਨ੍ਹਾਂ ਦੇ ਮੁਲਾਂਕਣ ਲਈ ਸੀਸੀਈ ਦੀ ਵਿਵਸਥਾ ਨਹੀਂ ਹੁੰਦੀ।


ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਓਪਨ ਸਕੂਲ, ਸੁੁਨਹਿਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾਹੌਲ ਸੁਖਾਵਾਂ ਹੋਣ 'ਤੇ ਹੀ ਇਨ੍ਹਾਂ ਤੇ 12ਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ।


ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਆਧਾਰ 'ਤੇ ਹੀ ਐਲਾਨੇ ਗਏ ਹਨ। ਉਨ੍ਹਾਂ ਕਿਹਾ ਕਿ ਓਪਨ ਸਕੂਲ ਜਾਂ ਇਨ੍ਹਾਂ ਹੋਰ ਸ਼੍ਰੇਣੀਆਂ 'ਚ ਸੀਸੀਈ ਦੀ ਵਿਵਸਥਾ ਨਹੀਂ ਹੁੰਦੀ ਜਿਸ ਕਾਰਨ ਇਨ੍ਹਾਂ ਸ਼੍ਰੇਣੀਆਂ ਅਧੀਨ ਆਉੁਂਦੇ ਵਿਦਿਆਰਥੀਆਂ ਦੇ ਪੇਪਰ ਲਏ ਜਾਣੇ ਜ਼ਰੂਰੀ ਹਨ।


ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਲੈਣ ਮੌਕੇ ਕੋਵਿਡ-19 ਨੂੰ ਫ਼ੈਲਣ ਤੋਂ ਰੋਕਣ ਲਈ ਲੋੜੀਂਦੀਆਂ ਸਾਰੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਏਗਾ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਸਕੂਲੀ ਗਤੀਵਿਧੀਆਂ 'ਤੇ ਲਗਾਈਆਂ ਗਈਆਂ ਰੋਕਾਂ ਹਟਾਉਣ ਤੋਂ ਬਾਅਦ ਹੀ ਸੁਰੱਖਿਅਤ ਤਰੀਕੇ ਨਾਲ ਪ੍ਰੀਖਿਆਵਾਂ ਲੈਣ ਲਈ ਡੇਟਸ਼ੀਟ ਜਾਰੀ ਕੀਤੀ ਜਾਵੇਗੀ।

Posted By: Rajnish Kaur