- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਭਰੋਸਾ ਦਿਵਾਇਆ ਕਿ ਇਸ ਵਾਰ ਹੋਣ ਵਾਲੀ ਪ੍ਰੀਖਿਆ ਬਿਨਾਂ ਕਿਸੇ ਗਲਤੀ ਦੇ ਹੋਵੇਗੀ। ਇਸ ਦੇ ਨਾਲ ਹੀ ਪ੍ਰੀਖਿਆ ਦੇ ਨਤੀਜੇ ਵੀ ਜਲਦੀ ਜਾਰੀ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਦੀ ਪੜ੍ਹਾਈ ਵਿਚ ਕੋਈ ਦਿੱਕਤ ਨਾ ਆਵੇ।

ਜਾਗਰਣ ਬਿਊਰੋ, ਨਵੀਂ ਦਿੱਲੀ : ਮੈਡੀਕਲ ਕੋਰਸਾਂ ਵਿਚ ਦਾਖ਼ਲੇ ਨਾਲ ਜੁੜੀ ਨੀਟ-ਯੂਜੀ ਦੀ 21 ਜੂਨ ਨੂੰ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿਚ ਕਿਸੇ ਵੀ ਕਿਸਮ ਦੀ ਗੜਬੜ ਨਾ ਹੋਵੇ, ਇਸ ਲਈ ਕੇਂਦਰ ਤੇ ਸੂਬਾ ਸਰਕਾਰ ਦਾ ਪੂਰਾ ਸਿਸਟਮ ਤਿਆਰੀਆਂ ਵਿਚ ਲੱਗਾ ਹੋਇਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਮੰਗਲਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਅਤੇ ਪ੍ਰੀਖਿਆ ਨਾਲ ਜੁੜੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਖ਼ੁਦ ਵੀ ਪ੍ਰੀਖਿਆ ਨਾਲ ਜੁੜੀਆਂ ਤਿਆਰੀਆਂ ’ਤੇ ਨਿਗਾਹ ਰੱਖ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਭਰੋਸਾ ਦਿਵਾਇਆ ਕਿ ਇਸ ਵਾਰ ਹੋਣ ਵਾਲੀ ਪ੍ਰੀਖਿਆ ਬਿਨਾਂ ਕਿਸੇ ਗਲਤੀ ਦੇ ਹੋਵੇਗੀ। ਇਸ ਦੇ ਨਾਲ ਹੀ ਪ੍ਰੀਖਿਆ ਦੇ ਨਤੀਜੇ ਵੀ ਜਲਦੀ ਜਾਰੀ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਦੀ ਪੜ੍ਹਾਈ ਵਿਚ ਕੋਈ ਦਿੱਕਤ ਨਾ ਆਵੇ।
ਪ੍ਰਧਾਨ ਨੇ ਐੱਨਟੀਏ ਦੇ ਉੱਚ ਅਧਿਕਾਰੀਆਂ ਨੂੰ ਪ੍ਰਸ਼ਨ ਪੱਤਰ ਤਿਆਰ ਕਰਨ ਤੋਂ ਲੈ ਕੇ ਉਨ੍ਹਾਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਸਮੇਂ ’ਤੇ ਪਹੁੰਚਾਉਣ ਨਾਲ ਜੁੜੇ ਪੜਾਵਾਂ ’ਚ ਰਾਜ਼ਦਾਰੀ ਵਰਤਣ ਦੇ ਨਿਰਦੇਸ਼ ਦਿੱਤੇ। ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘ਪ੍ਰੀਖਿਆ ਨੂੰ ਲੈ ਕੇ ਸਾਰੇ ਸੰਬੰਧਿਤ ਵਿਭਾਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਪ੍ਰੀਖਿਆ ਦੀਆਂ ਤਿਆਰੀਆਂ ਨੂੰ ਲੈ ਕੇ ਪਿਛਲੇ ਦਿਨੀਂ ਕੈਬਨਿਟ ਸਕੱਤਰ ਦੀ ਅਗਵਾਈ ਵਿਚ ਸੰਬੰਧਿਤ ਸਾਰੇ ਵਿਭਾਗਾਂ ਦੇ ਸਕੱਤਰਾਂ ਦੀ ਇਕ ਬੈਠਕ ਹੋਈ ਸੀ। ਮੈਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪਹਿਲਾਂ ਵੀ ਸਹਿਯੋਗ ਦਿੱਤਾ ਹੈ। ਇਸ ਵਾਰ ਮੈਂ ਉਨ੍ਹਾਂ ਤੋਂ ਹੋਰ ਵੀ ਜ਼ਿਆਦਾ ਧਿਆਨ ਦੇਣ ਦੀ ਬੇਨਤੀ ਕੀਤੀ ਹੈ।’ ਉਨ੍ਹਾਂ ਕਿਹਾ ਕਿ ਵਿੱਤ ਤੇ ਹੋਰ ਸੰਬੰਧਿਤ ਮੰਤਰਾਲਿਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।
ਕੇਂਦਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਕੇਂਦਰੀ ਗ੍ਰਹਿ ਸਕੱਤਰ ਵੀ ਪ੍ਰੀਖਿਆ ਦੀ ਤਿਆਰੀਆਂ ਨੂੰ ਲੈ ਕੇ ਸੂਬਿਆਂ ਤੇ ਸੁਰੱਖਿਆ ਏਜੰਸੀਆਂ ਨਾਲ ਇਕ ਉੱਚ ਪੱਧਰੀ ਬੈਠਕ ਕਰਨਗੇ। ਕੇਂਦਰ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਪ੍ਰੀਖਿਆ ਨੂੰ ਸੁਰੱਖਿਅਤ ਢੰਗ ਨਾਲ ਕਰਵਾਉਣ ਵਿਚ ਆਪਣਾ ਸਹਿਯੋਗ ਦੇ ਰਹੀਆਂ ਹਨ। ਪ੍ਰਧਾਨ ਨੇ ਦੱਸਿਆ ਕਿ ਐੱਨਟੀਏ ਵਿਚ ਹਾਲ ਹੀ ਵਿਚ ਤਾਇਨਾਤ ਕੀਤੇ ਗਏ ਸੰਯੁਕਤ ਸਕੱਤਰ ਅਤੇ ਨਿਰਦੇਸ਼ਕ ਪੱਧਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀ ਦਿੱਤੀ ਗਈ ਹੈ। ਪ੍ਰੀਖਿਆ ਨੂੰ ਲੈ ਕੇ ਆਈਬੀ, ਸੀਬੀਆਈ ਸਮੇਤ ਸਾਰੀਆਂ ਸਾਈਬਰ ਸੁਰੱਖਿਆ ਏਜੰਸੀਆਂ ਨੂੰ ਲਗਾਇਆ ਗਿਆ ਹੈ।
ਪੇਪਰ ਲੀਕ ’ਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਫਾਸਟ ਟ੍ਰੈਕ ’ਚ ਹੋਵੇ ਸੁਣਵਾਈ : ਪ੍ਰਧਾਨ
ਨੀਟ-ਯੂਜੀ ਪੇਪਰ ਲੀਕ ਮਾਮਲੇ ’ਤੇ ਪ੍ਰਧਨ ਨੇ ਕਿਹਾ ਕਿ ਹਾਲਾਂਕਿ ਇਸ ਮਾਮਲੇ ਵਿਚ ਜਾਂਚ ਚੱਲ ਰਹੀ ਹੈ, ਪਰ ਅਸੀਂ ਚਾਹੁੰਦੇ ਹਾਂ ਕਿ ਸੀਬੀਆਈ ਫੜੇ ਗਏ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ। ਉਨ੍ਹਾਂ ਨੂੰ ਆਪਣੇ ਅਪਰਾਧ ਦੀ ਗੰਭੀਰਤਾ ਦਾ ਪਤਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸੀਬੀਆਈ ਨੂੰ ਫਾਸਟ ਟ੍ਰੈਕ ਸੁਣਵਾਈ ਵਿਚ ਜਾਣਾ ਚਾਹੀਦਾ ਹੈ ਤਾਂ ਕਿ ਜਿਹੜੇ ਲੋਕ ਇਨ੍ਹਾਂ ਗੜਬੜੀਆਂ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਜਲਦੀ ਸਖਤ ਸਜ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਪੇਪਰ ਲੀਕ ਕਰ ਕੇ ਜਿਨ੍ਹਾਂ ਲੋਕਾਂ ਨੇ ਐੱਨਟੀਏ ਨਾਲ ਕੀਤੇ ਗਏ ਸਮਝੌਤੇ ਨੂੰ ਤੋੜਿਆ ਹੈ, ਅਸੀਂ ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨੀ ਪੱਖਾਂ ਦਾ ਅਧਿਐਨ ਕਰਨ ਲਈ ਕਿਹਾ ਹੈ।