ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਲੁਧਿਆਣਾ ਨਿਵਾਸੀ ਆਰਟੀਆਈ ਵਰਕਰ ਕੁਲਦੀਪ ਸਿੰਘ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ 18 ਅਕਾਲੀ ਆਗੂਆਂ ਨੂੰ ਹਿਰਾਸਤ ਵਿਚ ਲੈ ਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਖਹਿਰਾ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਕਰੁਣਾ ਰਾਜੂ ਨੂੰ ਭੇਜੀ ਸ਼ਿਕਾਇਤ ਵਿਚ ਕਿਹਾ ਹੈ ਕਿ ਪੁਲਿਸ ਨੇ 8 ਦਸੰਬਰ 2017 ਨੂੰ ਰਾਸ਼ਟਰੀ ਰਾਜ ਮਾਰਗ 'ਤੇ ਟ੍ਰੈਫਿਕ ਰੋਕਣ ਦੇ ਜੁਰਮ ਅਧੀਨ ਕੇਸ ਦਰਜ ਕੀਤਾ ਸੀ। ਖਹਿਰਾ ਨੇ ਸੂਚਨਾ ਅਧਿਕਾਰ ਐਕਟ ਦਤਹਿਤ ਪ੍ਰਾਪਤ ਸੂਚਨਾ ਦੇ ਆਧਾਰ 'ਤੇ ਕੀਤੀ ਸ਼ਿਕਾਇਤ ਵਿਚ ਕਿਹਾ ਹੈ ਕਿ ਪੁਲਿਸ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ , ਲਖਬੀਰ ਸਿੰਘ ਲੋਧੀਨੰਗਲ, ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ, ਬਲਦੇਵ ਸਿੰਘ ਖਹਿਰਾ, ਸੇਠ ਸੱਤਪਾਲ ਮੱਲ, ਡਾ ਸੁਖਵਿੰਦਰ ਕੁਮਾਰ ਸੁੱਖੀ, ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ, ਰਣਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ, ਹਰੀ ਸਿੰਘ ਜ਼ੀਰਾ, ਦਿਆਲ ਸਿੰਘ ਕੋਲਿਆਂਵਾਲੀ, ਰਵੀਕਿਰਨ ਸਿੰਘ ਕਾਹਲੋਂ, ਸੋਹਨ ਸਿੰਘ ਠੰਡਲ ਤੇ ਬੀਬੀ ਉਪਿੰਦਰਜੀਤ ਕੌਰ ਖਿਲਾਫ਼ ਵੱਖ- ਵੱਖ ਜ਼ਿਲ੍ਹਿਆਂ ਦੇ ਪੁਲਿਸ ਥਾਣਿਆਂ 'ਚ ਕੇਸ ਦਰਜ ਕੀਤੇ ਸਨ।

ਖਹਿਰਾ ਅਨੁਸਾਰ ਸਿਆਸੀ ਦਬਾਅ ਕਾਰਨ ਪੁਲਿਸ ਉਕਤ ਆਗੂਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਤੇ ਅਦਾਲਤ ਵਿਚ ਚਲਾਨ ਵੀ ਪੇਸ਼ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਉਕਤ ਆਗੂਆਂ ਨੇ ਅਦਾਲਤ ਤੋਂ ਜ਼ਮਾਨਤ ਵੀ ਨਹੀਂ ਲਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਇਸ ਸਬੰਧ ਵਿਚ ਉਹ ਕਈ ਵਾਰ ਪੁਲਿਸ ਮੁਖੀ ਤੇ ਸਬੰਧਿਤ ਜ਼ਿਲ੍ਹਿਆਂ ਦੇ ਐੱਸਐੱਸਪੀ ਨਾਲ ਵੀ ਸੰਪਰਕ ਕਰ ਚੁੱਕੇ ਹਨ ਪਰ ਪੁਲਿਸ ਵਲੋਂ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ। ਉੱਧਰ ਮੁੱਖ ਚੋਣ ਅਫ਼ਸਰ ਡਾ. ਕਰੁਣਾ ਰਾਜੂ ਦਾ ਕਹਿਣਾ ਹੈ ਕਿ ਕੇਸ ਦਰਜ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਹਿਰਾਸਤ ਵਿਚ ਲੈਣਾ ਪੁਲਿਸ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਾ ਚੋਣ ਕਮਿਸ਼ਨ ਦੀ ਡਿਊਟੀ ਤੇ ਫਰਜ਼ ਹੈ।

Posted By: Jagjit Singh