ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਕਾਂਗਰਸੀਆਂ ਨੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿਚ ਕੁਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਪਾਰਟੀ ਦੀ ਅਗਵਾਈ ਕਰਦੇ ਰਹਿਣ ਦੀ ਅਪੀਲ ਕੀਤੀ ਹੈ।

ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਕੁਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਵਿਧਾਇਕਾਂ, ਮੰਤਰੀਆਂ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੇ ਮਤਾ ਪਾਸ ਕਰਕੇ ਕਿਹਾ ਕਿ ਹਾਲੀਆ ਹੋਈਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਦਾ ਕਾਰਨ ਰਾਹੁਲ ਗਾਂਧੀ ਦੀਆਂ ਕੋਸ਼ਿਸ਼ਾਂ ਵਿਚ ਕਮੀ ਨਹੀਂ ਹੈ ਸਗੋਂ ਇਹ ਬੀਜੇਪੀ ਦੇ ਰਾਸ਼ਟਰਵਾਦ ਦੇ ਬ੍ਰਾਂਡ ਦਾ ਨਤੀਜਾ ਹੈ ਜੋ ਕਿ ਦੇਸ਼ ਦੀਆਂ ਧਰਮ ਨਿਰਪੱਖ ਤੰਦਾਂ ਦੇ ਖਿਲਾਫ਼ ਹੈ।

ਇਹ ਮਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਸ਼ ਕੀਤਾ। ਪੰਜਾਬ ਕਾਂਗਰਸ ਕਮੇਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਸੂਬੇ ਵਿਚ ਉਨ੍ਹਾਂ ਦੀ ਪਾਰਟੀ ਦੀ ਜਿੱਤ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਸਰਾਹਣਾ ਕੀਤੀ। ਮਤੇ ਵਿਚ ਕਿਹਾ ਗਿਆ ਹੈ ਕਿ ਸੁਨੀਲ ਜਾਖੜ ਦੇ ਅਗਵਾਈ ਵਾਲੀ ਪੀਪੀਸੀਸੀ ਅਤੇ ਏਆਈਸੀਸੀ ਦੀ ਜਨਰਲ ਸਕੱਤਰ ਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਦੇ ਨਾਲ ਪੰਜਾਬ ਪ੍ਰਦੇਸ਼ ਵਿਧਾਇਕ ਪਾਰਟੀ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਅਗਵਾਈ ਵਿਚ ਪੂਰਨ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਨੇ ਇਸ ਸੰਕਟ ਦੀ ਘੜੀ ਰਾਹੁਲ ਗਾਂਧੀ ਨੂੰ ਏਆਈਸੀਸੀ ਦੇ ਪ੍ਰਧਾਨ ਬਣੇ ਰਹਿਣ ਦੀ ਸਰਬ ਸੰਮਤੀ ਨਾਲ ਅਪੀਲ ਕੀਤੀ। ਸੰਸਦ ਮੈਂਬਰਾਂ ਅਤੇ ਪੀਪੀਸੀਸੀ ਦੇ ਨਾਲ ਸੀਐਲਪੀ ਨੇ ਰਾਹੁਲ ਗਾਂਧੀ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ ਅਤੇ ਉਨ੍ਹਾਂ ਨੂੰ ਇਸ ਅਹਿਮ ਸਮੇਂ ਅਸਤੀਫ਼ਾ ਨਾ ਦੇਣ ਦੀ ਅਪੀਲ ਕੀਤੀ ਹੈ। ਮਤੇ ਵਿਚ ਕਿਹਾ ਗਿਆ ਕਿ ਇਸ ਚੁਣੌਤੀਪੂਰਨ ਸਮੇਂ 'ਚ ਕਾਂਗਰਸ ਨੂੰ ਮਜ਼ਬੂਤ ਬਣਾਉਣ ਲਈ ਰਾਹੁਲ ਗਾਂਧੀ ਦਾ ਪਾਰਟੀ ਪ੍ਰਧਾਨ ਵਜੋਂ ਬਣਿਆ ਰਹਿਣਾ ਜ਼ਰੂਰੀ ਹੈ।

ਬ੍ਹਮ ਮਹਿੰਦਰਾ ਨੇ ਮਤੇ ਦੀ ਤਾਈਦ ਕੀਤੀ ਅਤੇ ਉਨ੍ਹਾਂ ਨੇ ਸੂਬੇ ਵਿਚ ਪਾਰਟੀ ਦੀ ਜਿੱਤ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਜ਼ਿਕਰ ਕਰਨ ਨੂੰ ਇਸ ਵਿਚ ਸ਼ਾਮਲ ਕਰਨ ਦਾ ਪ੍ਰਸਤਾਵ ਕੀਤਾ ਪਰ ਕੈਪਟਨ ਨੇ ਇਸ ਸੁਝਾਅ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਅਤੇ ਕਿਹਾ ਕਿ ਇਹ ਜਿੱਤ ਪੰਜਾਬ ਕਾਂਗਰਸ ਵਰਕਰਾਂ ਨੂੰ ਸਮਰਪਿਤ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਜਿੱਤ ਲਈ ਪਾਰਟੀ ਵਰਕਰਾਂ ਦਾ ਧੰਨਵਾਦ ਮਤਾ ਪਾਸ ਕੀਤਾ ਗਿਆ। ਇਸ ਮੌਕੇ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਅਸਤੀਫ਼ਾ ਰੱਦ ਕਰਨ ਲਈ ਏ.ਆਈ.ਸੀ.ਸੀ. ਦੇ ਪ੍ਰਧਾਨ ਨੂੰ ਅਪੀਲ ਕੀਤੀ ਗਈ ਕਿਉਂਕਿ ਪਾਰਟੀ ਆਗੂ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ ਪੰਜਾਬ ਵਿਚ ਪ੍ਰਭਾਵੀ ਜਿੱਤ ਲਈ ਪਾਰਟੀ ਦੀ ਅਗਵਾਈ ਵਧੀਆ ਤਰੀਕੇ ਨਾਲ ਕੀਤੀ।

ਵਿਧਾਇਕਾਂ ਨੇ ਸ਼ਹਿਰੀ ਇਲਾਕਿਆਂ ਵਿਚ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਵਿਕਾਸ ਗ੍ਰਾਂਟ ਦਿੱਤੀ ਜਾਣੀ ਚਾਹੀਦੀ ਹੈ। ਸੁਰਿੰਦਰ ਡਾਵਰ ਨੇ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਲਈ ਮਨਜ਼ੂਰ ਕੀਤੇ ਫੰਡ ਜਾਰੀ ਨਹੀਂ ਕੀਤੇ ਗਏ ਅਤੇ ਇਹ ਸਿਰਫ਼ ਕਾਗਜ਼ਾਂ ਵਿਚ ਹੀ ਹਨ। ਅੰਮਿ੍ਤਸਰ ਤੋਂ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਐਮ.ਸੀ. ਨੇ ਸ਼ਹਿਰ ਵਿਚ ਢੁੱਕਵਾਂ ਕੰਮ ਨਹੀਂ ਕੀਤਾ। ਸੁਖਜਿੰਦਰ ਸਿੰਘ ਰੰਧਾਵਾ ਦੀ ਰਾਇ ਸੀ ਕਿ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਬਰਗਾੜੀ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸਬੰਧਤ ਲੋਕਾਂ ਨੂੰ ਸਰਕਾਰ ਸਜ਼ਾ ਯਕੀਨੀ ਬਣਾਵੇ। ਮੀਟਿੰਗ ਵਿਚ ਬਹੁਜਨ ਸਮਾਜ ਪਾਰਟੀ ਦੀ ਵੋਟ ਵਧਣ 'ਤੇ ਚਿੰਤਾ ਦਾ ਵੀ ਪ੍ਰਗਟਾਵਾ ਕੀਤਾ। ਮਨੀਸ਼ ਤਿਵਾੜੀ ਨੇ ਦੇਸ਼ ਦੀਆਂ ਧਰਮ ਨਿਰਪੱਖ ਤੰਦਾਂ ਦੀ ਰੱਖਿਆ ਲਈ ਭਾਜਪਾ ਦੇ ਏਜੰਡੇ ਦਾ ਟਾਕਰਾ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।