ਜਤਿੰਦਰ ਪੰਮੀ, ਜਲੰਧਰ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ। ਖਹਿਰਾ ਨੇ ਇਥੇ ਪ੍ਰਰੈੱਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਖ ਭਾਈਚਾਰੇ ਨੂੰ ਪਿੱਠ ਦਿਖਾਉਣ ਤੋਂ ਇਲਾਵਾ ਗੁਰੂ ਗ੍ੰਥ ਸਾਹਿਬ ਦੀ ਬੇਅਦਬੀ ਵਰਗਾ ਘੋਰ ਅਪਰਾਧ ਕਰਨ ਵਿਚ ਡੇਰਾ ਸੱਚਾ ਸੌਦਾ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ। ਖਹਿਰਾ ਨੇ ਕਿਹਾ ਕਿ 28 ਮਈ ਨੂੰ ਐੱਸਆਈਟੀ ਵਲੋਂ ਫ਼ਰੀਦਕੋਟ ਦੀ ਅਦਾਲਤ ਵਿਚ ਚਾਰਜਸ਼ੀਟ ਪੇਸ਼ ਕਰ ਦਿੱਤੀ ਗਈ ਹੈ, ਜਿਸ ਨਾਲ ਇਹ ਗੱਲ ਪੂਰੀ ਤਰ੍ਹਾਂ ਸਾਫ਼ ਹੋ ਗਈ ਹੈ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਸਿਆਸੀ ਲਾਹਾ ਲੈਣ ਲਈ ਪਵਿੱਤਰ ਗੁਰੂ ਗ੍ੰਥ ਸਾਹਿਬ ਦੇ ਬੇਅਦਬੀ ਕਰਨ ਲਈ ਸਾਜ਼ਿਸ਼ ਰਚੀ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਡੇਰਾ ਮੁਖੀ ਨਾਲ ਸੌਦਾ ਕੀਤਾ ਸੀ ਕਿ ਉਹ ਉਹ ਡੇਰਾ ਮੁਖੀ ਨੂੰ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦਿਵਾ ਦੇਣਗੇ ਅਤੇ ਉਸ ਦੀ ਫਿਲਮ ਪੰਜਾਬ ਵਿਚ ਰਿਲੀਜ਼ ਕਰਨ ਦੀ ਆਗਿਆ ਦੇਣਗੇ ਪਰ ਇਸ ਦੇ ਇਵਜ਼ ਵਿਚ ਡੇਰਾ ਉਨ੍ਹਾਂ ਦੀ ਵਿਧਾਨ ਸਭਾ ਚੋਣਾਂ ਦੌਰਾਨ ਮਦਦ ਕਰੇ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 24 ਸਤੰਬਰ 2015 ਨੂੰ ਸਿੱਖ ਪੰਥ ਦੇ ਜਥੇਦਾਰਾਂ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਬੁਲਾਇਆ ਸੀ ਅਤੇ ਉਨ੍ਹਾਂ ਨੂੰ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦਾ ਹੁਕਮ ਚਾੜ੍ਹੇ ਸਨ, ਜਿਨ੍ਹਾਂ ਨੇ ਉਸ ਦਿਨ ਹੀ ਡੇਰਾ ਮੁਖੀ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਨ੍ਹਾਂ ਸਾਰੇ ਤੱਥਾਂ ਦਾ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿਚ ਵੀ ਜ਼ਿਕਰ ਕੀਤਾ ਗਿਆ ਸੀ। ਖਹਿਰਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇਸ ਗੱਲ ਦੀ ਪੂਰੀ ਜਾਣਕਾਰੀ ਸੀ ਕਿ ਬੇਅਦਬੀ ਕਾਂਡਾਂ ਵਿਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸ਼ਾਮਲ ਸਨ। ਸੁਖਬੀਰ ਬਾਦਲ ਜੋ ਕਿ ਉਸ ਵੇਲੇ ਸੂਬੇ ਦੇ ਗ੍ਹਿ ਮੰਤਰੀ ਸਨ, ਨੇ ਇਹ ਕੋਸ਼ਿਸ਼ ਕੀਤੀ ਸੀ ਕਿ ਸਿੱਖਾਂ ਦਾ ਧਿਆਨ ਹੋਰ ਪਾਸੇ ਲਾ ਦਿੱਤਾ ਜਾਵੇ ਅਤੇ ਬੇਅਦਬੀ ਦਾ ਸਾਰਾ ਦੋਸ਼ ਗੁਆਂਢੀ ਦੇਸ਼ ਪਾਕਿਸਤਾਨ ਦੀ ਖ਼ੁਫੀਆ ਏਜੰਸੀ ਆਈਐੱਸਆਈ 'ਤੇ ਮੜ੍ਹ ਦਿੱਤਾ ਜਾਵੇ। ਸੂਬੇ ਦੇ ਗ੍ਹਿ ਮੰਤਰੀ ਨੇ ਉਸ ਵੇਲੇ ਬਹਿਬਲ ਕਲਾਂ ਬੇਅਦਬੀ ਕਾਂਡ ਲਈ ਪੰਜ ਗਰਾਈਆਂ ਪਿੰਡ ਦੇ ਦੋ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਸੀ। ਦੋਵਾਂ ਨੌਜਵਾਨਾਂ ਉਪਰ ਪੁਲਿਸ ਹਿਰਾਸਤ 'ਚ ਤਸ਼ੱਦਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਅਪਰਾਧ ਕਬੂਲਣ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਸਰਕਾਰ ਨੇ ਗੁਰੂ ਗ੍ੰਥ ਸਾਹਿਬ ਅਤੇ ਸਾਰੀ ਸਿੱਖ ਕੌਮ ਖ਼ਿਲਾਫ਼ ਘੋਰ ਪਾਪ ਕੀਤਾ ਸੀ।

ਖਹਿਰਾ ਨੇ ਅੱਗੇ ਕਿਹਾ ਕਿ ਐੱਸਆਈਟੀ ਵਲੋਂ ਅਦਾਲਤ 'ਚ ਪੇਸ਼ ਕੀਤੀ ਗਈ ਚਾਰਜਸ਼ੀਟ 'ਚ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਬਹਿਬਲ ਕਲਾਂ 'ਚ ਪੁਲਿਸ ਵਲੋਂ ਚਲਾਈ ਗੋਲੀ ਦੌਰਾਨ ਦੋ ਨੌਜਵਾਨ ਮਾਰੇ ਗਏ ਸਨ, ਵਿਚ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵੀ ਸ਼ਮੂਲੀਅਤ ਸੀ। ਬਾਦਲ ਨੇ ਡੀਜੀਪੀ ਸੁਮੇਧ ਸਿੰਘ ਸੈਣੀ ਨਾਲ 13 ਅਕਤੂਬਰ 2015 ਨੂੰ ਸਵੇਰੇ ਤੜਕੇ 2 ਵਜੇ ਗੱਲਬਾਤ ਕੀਤੀ ਸੀ ਅਤੇ ਉਹ ਐੱਸਆਈਟੀ ਵਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਹ ਡੀਜੀਪੀ ਨਾਲ ਹੋਈ ਗੱਲਬਾਤ ਦੇ ਵਿਸ਼ੇ ਬਾਰੇ ਦੱਸਣ 'ਚ ਅਸਫਲ ਰਹੇ ਸਨ। ਉਨ੍ਹਾਂ ਕਿਹਾ ਕਿ ਉਸੇ ਦਿਨ ਸਵੇਰੇ 6 ਵਜੇ ਹੀ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਬਾਦਲ ਨੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਨਾਲ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਮੋਬਾਈਲ ਉਪਰ ਗੱਲ ਵੀ ਕੀਤੀ ਸੀ ਤੇ ਉਸ ਨੂੰ ਡੀਜੀਪੀ ਕੋਲੋਂ ਹਦਾਇਤਾਂ ਲੈਣ ਲਈ ਕਿਹਾ ਸੀ। ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੁਖਬੀਰ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਡੇਰਾ ਮੁਖੀ ਖ਼ਿਲਾਫ਼ ਤੁਰੰਤ ਐੱਫਆਈਆਰ ਦਰਜ ਕੀਤੀ ਜਾਵੇ ਅਤੇ ਉਨ੍ਹਾਂ ਦੀ ਗੁਰੂ ਗ੍ੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿਚ ਸ਼ਮੂਲੀਅਤ ਦੀ ਜਾਂਚ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਸਿਆਸਤ ਵਿਚ ਰਹਿਣ ਅਤੇ ਆਪਣੇ ਆਪ ਨੂੰ ਸਿੱਖ ਪੰਥ ਦੇ ਪ੍ਰਤੀਨਿਧੀ ਅਖਵਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਬਾਦਲ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਸੀ ਅਤੇ ਹੁਣ ਲੋਕ ਸਭਾ ਚੋਣਾਂ ਦੌਰਾਨ ਵੀ ਬਾਦਲਾਂ ਦੀ ਪਾਰਟੀ ਬੁਰਾ ਹਸ਼ਰ ਕੀਤਾ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਆਪੋ-ਆਪਣੀਆਂ ਸੰਸਦੀ ਸੀਟਾਂ ਡੇਰੇ ਦੀਆਂ ਵੋਟਾਂ ਅਤੇ ਪੈਸੇ ਦੇ ਜ਼ੋਰ ਨਾਲ ਜਿੱਤੀਆਂ ਹਨ।