ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਸੈਸ਼ਨ ਲਈ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਤੇ ਉਪ ਰਾਸ਼ਟਰਪਤੀ ਤੋਂ ਇਲਾਵਾ ਹੋਰ ਵੀ ਮਸ਼ਹੂਰ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਸੈਸ਼ਨ ਸਿਰਫ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਫ਼ਲਸਫ਼ੇ ਤੇ ਬਾਣੀ ਨੂੰ ਸਮਰਪਿਤ ਹੋਵੇਗਾ।

ਦਾਖਾ ਹਲਕੇ ਦੀ ਜ਼ਿਮਨੀ ਚੋਣ ਜਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਨੂੰ ਵਿਧਾਇਕ ਵਜੋਂ ਸਹੁੰ ਚੁਕਾਉਣ ਤੋਂ ਬਾਅਦ ਰਾਣਾ ਕੇਪੀ ਸਿੰਘ ਇੱਥੇ ਆਪਣੇ ਚੈਂਬਰ 'ਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੁਪਹਿਰ ਦੋ ਵਜੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਚੈਂਬਰ ਵਿੱਚ ਪੁੱਜੇ ਅਤੇ ਸਪੀਕਰ ਨੇ ਉਨ੍ਹਾਂ ਨੂੰ ਸਹੁੰ ਚੁਕਾਈ।

Posted By: Seema Anand