Breaking : ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਤਾਬੜਤੋੜ ਫਾਇਰਿੰਗ, ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਨਜ਼ਦੀਕੀ ਪਿੰਡ ਫਰਵਾਹੀ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਤੇ ਆਸ-ਪਾਸ ਦੇ ਇਲਾਕੇ 'ਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
Publish Date: Sun, 13 Sep 2026 11:24 AM (IST)
Updated Date: Sun, 13 Sep 2026 11:27 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਨਜ਼ਦੀਕੀ ਪਿੰਡ ਫਰਵਾਹੀ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਤੇ ਆਸ-ਪਾਸ ਦੇ ਇਲਾਕੇ 'ਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲਗਭਗ 12 ਵਜੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਨੌਜਵਾਨਾਂ, ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ, ਨੇ ਗਾਇਕ ਗੁਲਾਬ ਸਿੱਧੂ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰੀਬ 10 ਤੋਂ 12 ਰਾਊਂਡ ਫਾਇਰਿੰਗ ਕੀਤੀ। ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਸਰਪੰਚ ਅਨੁਸਾਰ ਘਟਨਾ ਸਮੇਂ ਗਾਇਕ ਗੁਲਾਬ ਸਿੱਧੂ ਆਪਣੇ ਸ਼ੋਅ ਤੇ ਟੂਰ ਪ੍ਰੋਗਰਾਮਾਂ ਦੇ ਸਿਲਸਿਲੇ 'ਚ ਘਰੋਂ ਬਾਹਰ ਸਨ, ਪਰ ਉਨ੍ਹਾਂ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਹੀ ਮੌਜੂਦ ਸੀ। ਖੁਸ਼ਕਿਸਮਤੀ ਨਾਲ ਇਸ ਗੋਲੀਬਾਰੀ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ ਤੇ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ।
ਇਸ ਗੋਲੀਬਾਰੀ ਦੀ ਪੂਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ, ਜਿਸ ਦੀ ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਦੇ ਆਧਾਰ 'ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਤੇ ਸਰਪੰਚ ਜਗਸੀਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਲਾਕੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।