12ਵੀਂ ਸਦੀ ਤੱਕ ਫ਼ਰੀਦਕੋਟ ਨੂੰ ਮੋਕਲ ਨਗਰ ਦੇ ਨਾਮ ਨਾਲ ਹੀ ਜਾਣਿਆ ਜਾਂਦਾ ਸੀ, ਉਸ ਸਮੇਂ ਰਾਜਾ ਮੋਕਲਦੇਵ ਇੱਥੋਂ ਦਾ ਸ਼ਾਸਕ ਸੀ ਅਤੇ ਉਨ੍ਹਾਂ ਨੇ ਬਾਬਾ ਫ਼ਰੀਦ ਜੀ ਦੀ ਫੇਰੀ ਦੌਰਾਨ ਇਸ ਸ਼ਹਿਰ ਦਾ ਨਾਮ ਫ਼ਰੀਦਕੋਟ ਰੱਖਿਆ। ਫ਼ਰੀਦਕੋਟ 16ਵੀਂ ਸਦੀ ਤੱਕ ਅਨੇਕਾਂ ਲੋਕਾਂ ਦੇ ਹੱਥਾਂ ਵਿੱਚ ਰਿਹਾ। ਅੰਤ ਵਿੱਚ ਇਸ ’ਤੇ ਬਰਾੜ ਵੰਸ਼ ਦਾ ਕਬਜ਼ਾ ਹੋ ਗਿਆ।

12ਵੀਂ ਸਦੀ ਤੱਕ ਫ਼ਰੀਦਕੋਟ (Faridkot) ਨੂੰ ਮੋਕਲ ਨਗਰ (Mokal Nagar) ਦੇ ਨਾਮ ਨਾਲ ਹੀ ਜਾਣਿਆ ਜਾਂਦਾ ਸੀ, ਉਸ ਸਮੇਂ ਰਾਜਾ ਮੋਕਲਦੇਵ ਇੱਥੋਂ ਦਾ ਸ਼ਾਸਕ ਸੀ ਅਤੇ ਉਨ੍ਹਾਂ ਨੇ ਬਾਬਾ ਫ਼ਰੀਦ (Baba Farid) ਜੀ ਦੀ ਫੇਰੀ ਦੌਰਾਨ ਇਸ ਸ਼ਹਿਰ ਦਾ ਨਾਮ ਫ਼ਰੀਦਕੋਟ ਰੱਖਿਆ। ਫ਼ਰੀਦਕੋਟ 16ਵੀਂ ਸਦੀ ਤੱਕ ਅਨੇਕਾਂ ਲੋਕਾਂ ਦੇ ਹੱਥਾਂ ਵਿੱਚ ਰਿਹਾ। ਅੰਤ ਵਿੱਚ ਇਸ ’ਤੇ ਬਰਾੜ ਵੰਸ਼ ਦਾ ਕਬਜ਼ਾ ਹੋ ਗਿਆ। ਕਾਫ਼ੀ ਸਮਾਂ ਬਰਾੜ ਚੌਧਰੀਆਂ ਦਾ ਇਲਾਕੇ ’ਤੇ ਕਬਜ਼ਾ ਰਿਹਾ। ਦੁਨੀਆ ਭਰ ਵਿੱਚ ਆਪਣੀ ਵਿਲੱਖਣ ਪਛਾਣ ਵਾਲੀ ਫ਼ਰੀਦਕੋਟ ਰਿਆਸਤ ਸਤਲੁਜ ਦਰਿਆ ਦੇ ਦੱਖਣ ਵਾਲੇ ਕੰਢੇ ’ਤੇ ਸਥਾਪਿਤ ਕੀਤੀ ਗਈ ਸੀ ਅਤੇ ਇਹ ਲਾਹੌਰ ਤੋਂ 105 ਕਿਲੋਮੀਟਰ ਦੂਰ ਹੈ।
ਰਿਆਸਤ ਦੇ ਰਾਜਾ
ਮੁਗ਼ਲ ਰਾਜਭਾਗ ਦੀ ਸਮਾਪਤੀ ਤੋਂ ਬਾਅਦ ਇਸ ਉੱਪਰ ਬਰਾੜ ਵੰਸ਼ ਦੇ ਰਾਜਾ ਪਹਾੜਾ ਸਿੰਘ ਦਾ ਕਬਜ਼ਾ ਹੋ ਗਿਆ| 1849 ਵਿੱਚ ਪਹਾੜਾ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ 21 ਸਾਲਾ ਪੁੱਤਰ ਵਜ਼ੀਰ ਸਿੰਘ (1849-1874) ਇਸ ਰਿਆਸਤ ਦੇ ਰਾਜਾ ਰਹੇ। ਵਜ਼ੀਰ ਸਿੰਘ ਦੀ ਮੌਤ ਤੋਂ ਬਾਅਦ ਮਹਾਰਾਜਾ ਬਿਕਰਮ ਸਿੰਘ (1874-1898) ਨੂੰ ਫ਼ਰੀਦਕੋਟ ਸਿੱਖ ਰਿਆਸਤ ’ਤੇ ਰਾਜਭਾਗ ਕਰਨ ਦਾ ਮੌਕਾ ਮਿਲਿਆ। ਮਹਾਰਾਜਾ ਬਿਕਰਮ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਦੇ ਲੰਗਰ ਲਈ ਇਮਾਰਤ ਦਾ ਨਿਰਮਾਣ ਕਰਵਾਇਆ ਅਤੇ ਦਰਬਾਰ ਸਾਹਿਬ ਵਿੱਚ ਬਿਜਲੀ ਲਈ 25 ਹਜ਼ਾਰ ਰੁਪਏ ਖ਼ਰਚ ਕੀਤੇ। ਬਿਕਰਮ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਮਹਾਰਾਜਾ ਬਲਬੀਰ ਸਿੰਘ (1898-1906) ਫ਼ਰੀਦਕੋਟ ਦੇ ਸ਼ਕਤੀਸ਼ਾਲੀ ਸ਼ਾਸਕ ਵਜੋਂ ਉੱਭਰੇ। ਸੰਨ 1906 ਤੋਂ 1916 ਤੱਕ ਫ਼ਰੀਦਕੋਟ ਰਿਆਸਤ ਵਿੱਚ ਕੌਂਸਲ ਆਫ਼ ਰੀਜੰਸੀ ਦਾ ਕਬਜ਼ਾ ਰਿਹਾ।
ਆਲੀਸ਼ਾਨ ਇਮਾਰਤਾਂ ਤੇ ਬਾਗ਼ਾਂ ਦਾ ਨਿਰਮਾਣ
1916 ਵਿੱਚ ਮਹਾਰਾਜਾ ਬ੍ਰਿਜਿੰਦਰ ਸਿੰਘ (Maharaja Brijinder Singh) ਨੇ ਫ਼ਰੀਦਕੋਟ ਦਾ ਕਾਰਜ ਭਾਗ ਸੰਭਾਲਿਆ। ਉਨ੍ਹਾਂ ਫ਼ਰੀਦਕੋਟ ਰਿਆਸਤ ਵਿੱਚ ਆਲੀਸ਼ਾਨ ਇਮਾਰਤਾਂ ਅਤੇ ਬਾਗ਼ਾਂ ਦਾ ਨਿਰਮਾਣ ਕਰਵਾਇਆ। ਇਸ ਮੌਕੇ ਪਹਿਲਾ ਵਿਸ਼ਵ ਯੁੱਧ ਛਿੜ ਚੁੱਕਾ ਸੀ ਅਤੇ ਮਹਾਰਾਜਾ ਬ੍ਰਿਜਿੰਦਰ ਸਿੰਘ ਨੇ ਬ੍ਰਿਟਿਸ਼ ਸਰਕਾਰ ਨੂੰ 17 ਲੱਖ ਰੁਪਏ ਕਰਜ਼ੇ ਵਜੋਂ ਦਿੱਤੇ ਅਤੇ ਬ੍ਰਿਟਿਸ਼ ਸਰਕਾਰ ਨੂੰ ਹਥਿਆਰ, ਘੋੜੇ, ਊਠ ਅਤੇ 2800 ਦੇ ਕਰੀਬ ਫ਼ੌਜੀ ਜਵਾਨ ਵੀ ਭੇਜੇ ਜਿਸ ਤੋਂ ਉਨ੍ਹਾਂ ਦੇ ਬ੍ਰਿਟਿਸ਼ ਸਰਕਾਰ ਨਾਲ ਸਬੰਧ ਹੋਰ ਵੀ ਗੂੜ੍ਹੇ ਹੋ ਗਏ| ਮਹਾਰਾਜਾ ਬ੍ਰਿਜਿੰਦਰ ਸਿੰਘ ਦੀ ਇਸ ਸਹਾਇਤਾ ਤੋਂ ਖ਼ੁਸ਼ ਹੋ ਕੇ ਬ੍ਰਿਟਿਸ਼ ਸਰਕਾਰ ਨੇ ਸਨਮਾਨ ਵਜੋਂ ਉਸ ਨੂੰ ਮੇਜਰ ਰੈਂਕ ਦੀ ਉਪਾਧੀ ਦੇ ਦਿੱਤੀ। ਪਰੰਤੂ ਉਹ ਬਹੁਤਾ ਸਮਾਂ ਰਾਜ ਭਾਗ ਨਹੀਂ ਕਰ ਸਕੇ ਅਤੇ 1918 ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੰਨ 1918-1934 ਤੱਕ ਫ਼ਰੀਦਕੋਟ ਰਿਆਸਤ ਵਿੱਚ ਕੌਂਸਲ ਆਫ਼ ਐਡਮਨਿਸਟਰੇਸ਼ਨ ਦਾ ਕੰਮ ਚਲਾਊ ਪ੍ਰਬੰਧ ਰਿਹਾ|
ਬਰਾੜ ਵੰਸ਼ ਦੇ ਆਖਰੀ ਰਾਜਾ ਹਰਿੰਦਰ ਸਿੰਘ
ਬਰਾੜ ਵੰਸ਼ ਦੇ ਆਖਰੀ ਰਾਜਾ ਹਰਿੰਦਰ ਸਿੰਘ ਨੇ 17 ਅਕਤੂਬਰ 1934 ਨੂੰ ਫ਼ਰੀਦਕੋਟ ਰਿਆਸਤ ਦੇ ਰਾਜੇ ਵਜੋਂ ਕਾਰਜ ਭਾਗ ਸੰਭਾਲਿਆ| ਉਨ੍ਹਾਂ ਨੇ ਆਪਣੇ ਸਮੇਂ ਵਿੱਚ ਫ਼ਰੀਦਕੋਟ ਸਿੱਖ ਰਿਆਸਤ ਵਿੱਚ ਵਿਲੱਖਣ ਇਮਾਰਤਾਂ ਦਾ ਨਿਰਮਾਣ ਕਰਵਾਇਆ ਅਤੇ ਉੱਚਤਮ ਸਿੱਖਿਆ ਦੇ ਪ੍ਰਬੰਧ ਕੀਤੇ। ਕਾਮਰਸ ਦਾ ਕਾਲਜ ਪਿਸ਼ਾਵਰ ਅਤੇ ਦਿੱਲੀ ਤੋਂ ਬਾਅਦ ਇਕੱਲੇ ਫ਼ਰੀਦਕੋਟ ਵਿੱਚ ਹੀ ਮੌਜੂਦ ਸੀ। ਰਾਜਾ ਹਰਿੰਦਰ ਸਿੰਘ ਨੇ ਬ੍ਰਿਜਿੰਦਰਾ ਕਾਲਜ, ਜੂਨੀਅਰ ਬੇਸਿਕ ਟਰੇਨਿੰਗ ਸਕੂਲ ਬ੍ਰਿਕਰਮ ਕਾਲਜ ਆਫ਼ ਕਾਮਰਸ, ਖੇਤੀਬਾੜੀ ਕਾਲਜ, ਆਰਟ ਤੇ ਕਰਾਫ਼ਟ ਸਕੂਲ ਉਸ ਸਮੇਂ ਫ਼ਰੀਦਕੋਟ ਰਿਆਸਤ ਵਿੱਚ 8 ਹਾਈ ਸਕੂਲ ਅਤੇ ਹਰ ਪਿੰਡ ਵਿੱਚ ਇੱਕ ਪ੍ਰਾਇਮਰੀ ਸਕੂਲ ਸਮੇਤ ਸਿਹਤ ਕੇਂਦਰਾਂ ਦਾ ਨਿਰਮਾਣ ਕਰਵਾਇਆ। ਫ਼ਰੀਦਕੋਟ ਵਿੱਚ ਤਿੰਨ ਦਰਜਨ ਤੋਂ ਵੱਧ ਖ਼ੂਬਸੂਰਤ ਇਮਾਰਤਾਂ ਦੇ ਨਿਰਮਾਣ ਨੇ ਇੱਥੋਂ ਦੀ ਭਵਨ ਨਿਰਮਾਣ ਕਲਾ ਨੂੰ ਦੁਨੀਆ ਵਿੱਚ ਖੂਬ ਪ੍ਰਸਿੱਧੀ ਦਿਵਾਈ| ਹਾਲਾਂਕਿ ਸਮਾਂ ਬੀਤਣ ਨਾਲ ਬਹੁਤ ਸਾਰੀਆਂ ਇਤਿਹਾਸਕ ਇਮਾਰਤਾਂ ਦਾ ਵਜੂਦ ਖ਼ਤਮ ਹੋ ਚੁੱਕਾ ਹੈ| ਪਰੰਤੂ ਸਕੱਤਰੇਤ, ਵਿਕਟੋਰੀਆ ਟਾਵਰ, ਲਾਲ ਕੋਠੀ, ਅਰਾਮ ਘਰ, ਅਸਤਬਲ, ਰਾਜ ਮਹਿਲ, ਸ਼ੀਸ਼ ਮਹਿਲ, ਮੋਤੀ ਮਹਿਲ, ਸ਼ਾਹੀ ਕਿਲ੍ਹਾ, ਸ਼ਾਹੀ ਸਮਾਧਾਂ ਆਦਿ ਇਮਾਰਤਾਂ ਅੱਜ ਵੀ ਦੇਖੀਆਂ ਜਾ ਸਕਦੀਆਂ ਹਨ। ਫ਼ਰੀਦਕੋਟ ਰਿਆਸਤ ਦੀਆਂ ਖ਼ੂਬਸੂਰਤ ਇਮਾਰਤਾਂ ਲਾਹੌਰ, ਸ਼ਿਮਲਾ ਅਤੇ ਦਿੱਲੀ ਵਿੱਚ ਵੀ ਹਨ| ਰਾਜਾ ਹਰਿੰਦਰ ਸਿੰਘ ਇੱਕ ਕੁਸ਼ਲ ਪ੍ਰਬੰਧਕ ਵਜੋਂ ਵੀ ਮਕਬੂਲ ਹੋਏ| ਉਨ੍ਹਾਂ ਨੇ ਆਪਣੀ ਰਿਆਸਤ ਵਿੱਚ ਭੀਖ ਮੰਗਣ ’ਤੇ ਮੁਕੰਮਲ ਪਾਬੰਦੀ ਲਾਈ ਹੋਈ ਸੀ ਅਤੇ ਦੇਸ਼ ਦੇ ਬਟਵਾਰੇ ਸਮੇਂ ਉਸਨੇ ਆਪਣੀ ਰਿਆਸਤ ਵਿੱਚ ਇੱਕ ਵੀ ਦੰਗਾ ਫ਼ਸਾਦ, ਲੁੱਟ-ਖੋਹ ਜਾਂ ਕਤਲ ਨਹੀਂ ਹੋਣ ਦਿੱਤਾ| ਪਾਕਿਸਤਾਨ ਜਾਣ ਵਾਲੇ ਪਰਿਵਾਰਾਂ ਨੂੰ ਪੂਰੀ ਹਿਫ਼ਾਜ਼ਤ ਨਾਲ ਭੇਜਿਆ ਗਿਆ| ਮਹਾਰਾਜਾ ਹਰਿੰਦਰ ਸਿੰਘ ਨੇ ਆਪਣੇ ਰਾਜਭਾਗ ਦੌਰਾਨ ਫ਼ਰੀਦਕੋਟ ਸਿੱਖ ਰਿਆਸਤ ਬਾਰੇ ਇੱਕ ਵਸੀਅਤ ਕੀਤੀ ਸੀ, ਜਿਸ ਵਿੱਚ ਉਸ ਨੇ ਫ਼ਰੀਦਕੋਟ ਰਿਆਸਤ ਦੀਆਂ ਵਿਰਾਸਤੀ ਇਮਾਰਤਾਂ, ਖ਼ਜ਼ਾਨਾ, ਜਾਇਦਾਦ ਆਦਿ ਸੰਭਾਲਣ ਲਈ ਮਹਾਂਰਾਵਲ ਖੇਵਾ ਜੀ ਟਰੱਸਟ ਦੀ ਸਥਾਪਨਾ ਕੀਤੀ|
ਲੋਕਤੰਤਰ ਸਰਕਾਰ ਦਾ ਗਠਨ
ਭਾਰਤ ਸਰਕਾਰ ਨੇ 15 ਜੁਲਾਈ 1948 ਨੂੰ ਫ਼ਰੀਦਕੋਟ ਰਿਆਸਤ ਨੂੰ ਖ਼ਤਮ ਕਰ ਕੇ ਇੱਥੇ ਲੋਕਤੰਤਰ ਸਰਕਾਰ ਦਾ ਗਠਨ ਕਰ ਦਿੱਤਾ ਸੀ। ਬਾਅਦ ਵਿੱਚ ਪੰਜਾਬ ਸਰਕਾਰ ਨੇ ਫ਼ਰੀਦਕੋਟ ਰਿਆਸਤ ਦਾ ਵੱਡਾ ਹਿੱਸਾ ਜਾਇਦਾਦ ਅਤੇ ਇਮਾਰਤਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ| ਮਹਾਰਾਜਾ ਹਰਿੰਦਰ ਸਿੰਘ ਫ਼ਰੀਦਕੋਟ ਰਿਆਸਤ ਦੇ ਆਖਰੀ ਰਾਜਾ ਸਨ ਅਤੇ ਉਨ੍ਹਾਂ ਦਾ 16 ਅਕਤੂਬਰ 1989 ਨੂੰ ਦੇਹਾਂਤ ਹੋ ਗਿਆ ਸੀ| ਉਨ੍ਹਾਂ ਦੀਆਂ ਤਿੰਨ ਬੇਟੀਆਂ ਅਤੇ ਇੱਕ ਬੇਟਾ ਸਨ| ਇਨ੍ਹਾਂ ਦੇ ਪੁੱਤਰ ਪ੍ਰਿੰਸ ਹਰਮੋਹਿੰਦਰ ਸਿੰਘ ਦਾ ਦੇਹਾਂਤ 1981 ਵਿੱਚ ਹੀ ਹੋ ਗਿਆ ਸੀ| ਫ਼ਰੀਦਕੋਟ ਰਿਆਸਤ ਦਾ ਰਾਜ ਮਹਿਲ ਅਤੇ ਸ਼ਾਹੀ ਕਿਲ੍ਹਾ ਅੱਜ ਵੀ ਆਪਣੀ ਸਦੀ ਪੁਰਾਣੀ ਦਿੱਖ ਨੂੰ ਸੁਰੱਖਿਅਤ ਸਾਂਭੀ ਬੈਠਾ ਹੈ। ਇਸ ਅੰਦਰ ਆਮ ਲੋਕਾਂ ਦੇ ਜਾਣ ’ਤੇ ਮਨਾਹੀ ਹੈ ਜੋ ਸ਼ਾਇਦ ਆਉਣ ਵਾਲੇ ਸਮੇਂ ਵਿੱਚ ਸ਼ੁਰੂ ਹੋ ਸਕਦੀ ਹੈ| ਰਾਜ ਮਹਿਲ ਆਪਣੇ ਆਪ ਵਿੱਚ ਦੁਨੀਆ ਦੇ ਖ਼ੂਬਸੂਰਤ ਮਹਿਲਾਂ ਵਿੱਚੋਂ ਇੱਕ ਹੈ| ਸ਼ਾਹੀ ਕਿਲ੍ਹੇ ਦੇ ਤੋਸ਼ਖਾਨੇ ਵਿੱਚ ਰਿਆਸਤ ਦੇ ਹਥਿਆਰਾਂ ਸਮੇਤ ਦਸਮ ਗੁਰੂ ਸ਼੍ਰੀ ਗੋਬਿੰਦ ਸਿੰਘ ਜੀ ਦਾ ਖੜਗ ਅਤੇ ਢਾਲ ਅੱਜ ਵੀ ਪਈ ਹੈ ਜੋ ਉਨ੍ਹਾਂ ਨੇ ਚੌਧਰੀ ਕਪੂਰਾ ਸਿੰਘ ਨੂੰ ਬਖ਼ਸ਼ੀ ਸੀ|
ਉੱਤਮ ਭਵਨ ਨਮੂਨਿਆਂ ਦੀ ਮਿਸਾਲ ਸਵਾਗਤੀ ਦਰਵਾਜ਼ੇ
ਫ਼ਰੀਦਕੋਟ ਰਿਆਸਤ ਵਿੱਚ ਬਣਾਏ ਸਵਾਗਤੀ ਦਰਵਾਜ਼ੇ ਦੁਨੀਆ ਦੇ ਸਭ ਤੋਂ ਉੱਤਮ ਭਵਨ ਨਮੂਨਿਆਂ ਦੀ ਮਿਸਾਲ ਪੇਸ਼ ਕਰਦੇ ਹਨ। ਇਸ ਸ਼ਹਿਰ ਵਿੱਚ ਬਾਬਾ ਫ਼ਰੀਦ ਜੀ ਦੀ ਫੇਰੀ ਨੇ ਇਸ ਦੀ ਵਿਰਾਸਤ ਨੂੰ ਦੁਨੀਆ ਭਰ ਵਿੱਚ ਮਕਬੂਲ ਕਰਨ ਲਈ ਅਹਿਮ ਯੋਗਦਾਨ ਪਾਇਆ ਹੈ। ਬਾਬਾ ਫ਼ਰੀਦ ਦੀ ਯਾਦ ਵਿੱਚ ਬਣੇ ਟਿੱਲ੍ਹਾ ਬਾਬਾ ਫ਼ਰੀਦ (Tilla Baba Farid) ਵਿਖੇ ਦੁਨੀਆ ਭਰ ਤੋਂ ਬਾਬਾ ਫ਼ਰੀਦ ਜੀ ਦੇ ਸ਼ਰਧਾਲੂ ਇੱਥੇ ਆਉੇਂਦੇ ਹਨ।
• ਪ੍ਰਮੋਦ ਧੀਰ