ਏਐਨਆਈ, ਨਵੀਂ ਦਿੱਲੀ : 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਅਦਾਲਤ ਉਨ੍ਹਾਂ ਦੀ ਪਟੀਸ਼ਨ 'ਤੇ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗੀ।

ਦਿੱਲੀ ਹਾਈਕੋਰਟ ਦੀ ਡਬਲ ਬੈਂਚ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਹੇਠਲੀ ਅਦਾਲਤ ਦਾ ਫ਼ੈਸਲਾ ਪਲਟਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਤੇ ਉਮਰ ਕੈਦ ਦੀ ਸਜ਼ਾ ਸੁਣਾਈ। ਨਾਲ ਹੀ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਸੀ।

ਦਿੱਲੀ ਤੋਂ ਲੋਕ ਸਭਾ ਸੰਸਦ ਮੈਂਬਰ ਰਹਿ ਚੁੱਕੇ ਕਾਂਗਰਸੀ ਆਗੂ ਸੱਜਣ ਕੁਮਾਰ 'ਤੇ ਹੱਤਿਆ, ਸਾਜ਼ਿਸ਼, ਦੰਗੇ ਭੜਕਾਉਣ ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ਹਨ। ਸੱਜਣ ਕੁਮਾਰ ਨੇ 1980 'ਚ ਆਪਣੇ ਜੀਵਨ ਦੀ ਪਹਿਲੀ ਲੋਕ ਸਭਾ ਚੋਣ ਲੜੀ ਤੇ ਇਤਿਹਾਸ ਸਿਰਜਦੇ ਹੋਏ ਦਿੱਲੀ ਦੇ ਪਹਿਲੇ ਮੁੱਖ ਮੰਤਰੀ ਚੌਧਰੀ ਬ੍ਰਹਮ ਪ੍ਰਕਾਸ਼ ਨੂੰ ਹਰਾਇਆ ਸੀ। ਇਸੇ ਜਿੱਤ ਨੇ ਉਸ ਨੂੰ ਤੱਤਕਾਲੀ ਕਾਂਗਰਸੀ ਆਗੂ ਸੰਜੇ ਗਾਂਧੀ ਦੀਆਂ ਨਜ਼ਰਾਂ 'ਚ ਲਿਆ ਖੜ੍ਹੇ ਕੀਤਾ ਸੀ।

Posted By: Tejinder Thind