ਜਾਗਰਣ ਬਿਊਰੋ, ਨਵੀਂ ਦਿੱਲੀ : ਸਰਕਾਰ ਨੇ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨੂੰ 19 ਜਨਵਰੀ ਨੂੰ ਹੋਣ ਵਾਲੀ ਗੱਲਬਾਤ ਵਿਚ ਤਿੰਨਾਂ ਕਾਨੂੰਨਾਂ 'ਤੇ ਬਿੰਦੂਵਾਰ ਚਰਚਾ ਲਈ ਤਿਆਰ ਹੋ ਕੇ ਆਉਣ ਲਈ ਕਿਹਾ ਹੈ। ਕਾਨੂੰਨ ਦੇ ਕਿਸੇ ਨੁਕਤੇ 'ਤੇ ਕਿਸਾਨ ਆਗੂਆਂ ਨੂੰ ਜੇ ਕੋਈ ਇਤਰਾਜ਼ ਹੋਵੇ ਤਾਂ ਉਸ 'ਤੇ ਸਰਕਾਰ ਚਰਚਾ ਨਾਲ ਸੋਧ 'ਤੇ ਵਿਚਾਰ ਕਰ ਸਕਦੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਸੁਧਾਰ ਕਾਨੂੰਨਾਂ ਦੇ ਅਮਲ 'ਤੇ ਸੁਪਰੀਮ ਕੋਰਟ ਦੀ ਰੋਕ ਤੋਂ ਬਾਅਦ ਜ਼ਿੱਦ ਦਾ ਸਵਾਲ ਹੀ ਖ਼ਤਮ ਹੋ ਗਿਆ ਹੈ। ਕਿਸਾਨਾਂ ਕੋਲ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਹੋਰ ਬਦਲ ਹੋਵੇ ਤਾਂ ਉਹ ਸਰਕਾਰ ਸਾਹਮਣੇ ਰੱਖ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਕਿਸਾਨਾਂ ਦੀ ਮੀਟਿੰਗ ਵਿਚ ਸਾਰੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਹੋਵੇਗੀ। ਏਸੇ ਦੇ ਆਧਾਰ 'ਤੇ ਤਿਆਰ ਤਜਵੀਜ਼ਾਂ ਨਾਲ ਅੰਦੋਲਨਕਾਰੀ ਕਿਸਾਨ 10ਵੇਂ ਦੌਰ ਦੀ ਗੱਲਬਾਤ ਵਿਚ ਹਿੱਸਾ ਲੈਣਗੇ। ਤੋਮਰ ਨੇ ਕਿਹਾ ਕਿ ਅਗਲੇ ਦੌਰ ਦੀ ਗੱਲਬਾਤ ਵਿਚ ਕਿਸਾਨ ਜਥੇਬੰਦੀਆਂ ਤਿੰਨਾਂ ਖੇਤੀ ਕਾਨੂੰਨਾਂ 'ਤੇ ਚਰਚਾ ਕਰ ਕੇ ਆਪਣੇ ਇਤਰਾਜ਼ ਦੱਸਣ ਤਾਂ ਸਰਕਾਰ ਉਨ੍ਹਾਂ 'ਤੇ ਵਿਚਾਰ ਕਰੇਗੀ। ਉਨ੍ਹਾਂ ਨੇ ਇਸ ਵਾਰ ਕਿਸਾਨ ਆਗੂਆਂ ਦੇ ਖ਼ਦਸ਼ਿਆਂ ਦਾ ਹੱਲ ਹੋਣ ਅਤੇ ਗੱਲਬਾਤ ਸਫਲ ਰਹਿਣ ਦੀ ਉਮੀਦ ਪ੍ਰਗਟ ਕੀਤੀ ਹੈ। ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮੰਤਰੀ ਤੋਮਰ ਦੀ ਅਗਵਾਈ ਵਾਲਾ ਮੰਤਰੀ ਸਮੂਹ ਲਗਾਤਾਰ ਗੱਲਬਾਤ ਕਰ ਰਿਹਾ ਹੈ।

ਪ੍ਰਦਰਸ਼ਨਕਾਰੀ ਹੁਣ ਵੀ ਅੜੇ

ਦੂਜੇ ਪਾਸੇ 53 ਦਿਨ ਤੋਂ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਲਗਾਤਾਰ ਕਾਨੂੰਨ ਰੱਦ ਕਰਵਾਉਣ 'ਤੇ ਅੜੀਆਂ ਹੋਈਆਂ ਹਨ। ਏਸੇ ਲਈ ਆਪਣੇ ਪ੍ਰਦਰਸ਼ਨ ਨੂੰ ਤੇਜ਼ ਕਰਨ 'ਤੇ ਜ਼ੋਰ ਦੇ ਰਹੀਆਂ ਹਨ। ਖੇਤੀਬਾੜੀ ਮੰਤਰੀ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਹਰ ਵਾਰ ਸਕਾਰਾਤਮਕ ਤਰੀਕੇ ਨਾਲ ਆਪਣੀ ਗੱਲ ਕਹਿ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਉਹ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਜ਼ਿੱਦ 'ਤੇ ਅੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੰਸਦ ਤੋਂ ਪਾਸ ਕਾਨੂੰਨ ਪੂਰੇ ਦੇਸ਼ ਲਈ ਹੁੰਦਾ ਹੈ। ਇਨ੍ਹਾਂ ਤਿੰਨਾਂ ਕਾਨੂੰਨਾਂ ਨਾਲ ਦੇਸ਼ ਦੇ ਜ਼ਿਆਦਾਤਰ ਕਿਸਾਨ, ਵਿਦਵਾਨ, ਵਿਗਿਆਨੀ ਤੇ ਖੇਤੀ ਸੈਕਟਰ ਵਿਚ ਕੰਮ ਕਰਨ ਵਾਲੇ ਲੋਕ ਪੂਰੀ ਤਰ੍ਹਾਂ ਸਹਿਮਤ ਹਨ ਤੇ ਇਨ੍ਹਾਂ ਦੇ ਸਮਰਥਨ ਵਿਚ ਖੜ੍ਹੇ ਹਨ।

ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਪਹਿਲ : ਅਮਿਤ ਸ਼ਾਹ

ਕਰਨਾਟਕ (ਪੀਟੀਆਈ) : ਗ੍ਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਨਰਿੰਦਰ ਮੋਦੀ ਸਰਕਾਰ ਦੀ ਪਹਿਲ ਹੈ। ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ ਵਧਾਉਣ ਵਿਚ ਸਹਾਇਕ ਹੋਣਗੇ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਤਾਂ ਮੋਦੀ ਸਰਕਾਰ ਨੇ ਖੇਤੀ ਖੇਤਰ ਦਾ ਬਜਟ ਵਧਾਇਆ ਹੈ ਅਤੇ ਕਈ ਫ਼ਸਲਾਂ ਦਾ ਐੱਮਐੱਸਪੀ ਵਧਾਇਆ ਹੈ।