
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

Pune Rape Case : ਡਿਪਟੀ ਸੀਐੱਮ ਨੇ ਅੱਗੇ ਕਿਹਾ ਕਿ ਉਹ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੋਂ ਇਸ ਮਾਮਲੇ ਦੀ ਸੁਣਵਾਈ ਫਾਸਟ-ਟਰੈਕ ਕੋਰਟ 'ਚ ਕਰਵਾਉਣ ਦੀ ਵਿਸ਼ੇਸ਼ ਬੇਨਤੀ ਕਰਨਗੇ, ਤਾਂ ਜੋ ਮੁਲਜ਼ਮ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਮਿਲ ਸਕੇ। ਫਿਲਹਾਲ ਪੁਲਿਸ ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕਰ ਰਹੀ ਹੈ।

ਡਿਜੀਟਲ ਡੈਸਕ, ਪੁਣੇ : ਮਹਾਰਾਸ਼ਟਰ ਦੇ ਪੁਣੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਜੁੰਨਰ ਇਲਾਕੇ ਦੇ ਪਿੰਪਲਵੰਡੀ ਪਿੰਡ ਵਿੱਚ 9 ਸਾਲਾ ਮਾਸੂਮ ਬੱਚੀ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ ਹੇਠ 25 ਸਾਲਾ ਗੁਆਂਢੀ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਰੀ ਰੋਸ ਹੈ ਅਤੇ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਪੀੜਤ ਬੱਚੀ ਖੇਤ ਮਜ਼ਦੂਰ ਦੀ ਧੀ ਸੀ ਅਤੇ ਚੌਥੀ ਜਮਾਤ 'ਚ ਪੜ੍ਹਦੀ ਸੀ। ਪੁਲਿਸ ਮੁਤਾਬਕ ਮੰਗਲਵਾਰ ਨੂੰ ਤਬੀਅਤ ਖ਼ਰਾਬ ਹੋਣ ਕਾਰਨ ਉਹ ਸਕੂਲ ਨਹੀਂ ਗਈ ਸੀ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੁਪਹਿਰ ਸਮੇਂ ਜਦੋਂ ਬੱਚੀ ਦੇ ਮਾਤਾ-ਪਿਤਾ ਘਰ ਵਿੱਚ ਨਹੀਂ ਸਨ, ਤਾਂ ਮੁਲਜ਼ਮ ਨੇ ਇਸ ਦਾ ਫਾਇਦਾ ਚੁੱਕਿਆ। ਉਸ ਨੇ ਕਥਿਤ ਤੌਰ 'ਤੇ ਬੱਚੀ ਨਾਲ ਜਬਰ-ਜਨਾਹ ਕੀਤਾ ਅਤੇ ਫਿਰ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ।
ਸ਼ਾਮ ਨੂੰ ਜਦੋਂ ਬੱਚੀ ਘਰ ਨਹੀਂ ਮਿਲੀ ਤਾਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੇ ਬਾਵਜੂਦ ਜਦੋਂ ਬੱਚੀ ਦਾ ਕੋਈ ਪਤਾ ਨਹੀਂ ਲੱਗਾ ਤਾਂ ਪੁਲਿਸ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਖ਼ੁਦ ਵੀ ਨਾਟਕ ਕਰਦੇ ਹੋਏ ਪਿੰਡ ਵਾਸੀਆਂ ਅਤੇ ਪੁਲਿਸ ਨਾਲ ਬੱਚੀ ਦੀ ਭਾਲ ਵਿੱਚ ਸ਼ਾਮਲ ਹੋ ਗਿਆ ਸੀ।
ਪੁਲਿਸ ਨੇ ਮਾਮਲੇ ਦੀ ਜਾਂਚ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ। ਇੱਕ ਫੁਟੇਜ ਵਿੱਚ ਇੱਕ ਸ਼ੱਕੀ ਵਿਅਕਤੀ ਸਾਈਕਲ 'ਤੇ ਨਜ਼ਰ ਆਇਆ। ਜਦੋਂ ਪੁਲਿਸ ਨੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਮੁਲਜ਼ਮ ਸਾਹਿਲ ਖੈਰੇ ਨੇ ਮੰਨਿਆ ਕਿ ਫੁਟੇਜ ਵਿੱਚ ਸਾਈਕਲ ਚਲਾਉਣ ਵਾਲਾ ਉਹ ਖ਼ੁਦ ਸੀ। ਅੱਗੇ ਦੀ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ।
ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਨਾਲੇ ਦੇ ਨੇੜੇ ਇਕ ਦਰੱਖਤ ਹੇਠੋਂ ਬੱਚੀ ਦੀ ਲਾਸ਼ ਬਰਾਮਦ ਕੀਤੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ।
ਇਸ ਘਟਨਾ ਨੂੰ ਲੈ ਕੇ ਪਿੰਪਲਵੰਡੀ ਅਤੇ ਜੁੰਨਰ ਇਲਾਕੇ 'ਚ ਭਾਰੀ ਗੁੱਸਾ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਗੁੱਸੇ 'ਚ ਆਏ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਪੁਣੇ-ਨਾਸਿਕ ਹਾਈਵੇ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਮੌਤ ਦੀ ਸਜ਼ਾ ਦਿੱਤੀ ਜਾਵੇ ਅਤੇ ਮਾਮਲੇ ਦੀ ਸੁਣਵਾਈ ਫਾਸਟ-ਟਰੈਕ ਕੋਰਟ ਵਿੱਚ ਕੀਤੀ ਜਾਵੇ। ਇੰਨਾ ਹੀ ਨਹੀਂ, ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 15 ਦਿਨਾਂ ਦੇ ਅੰਦਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਮਾਮਲੇ 'ਚ ਪੁਣੇ ਦਿਹਾਤੀ ਦੇ ਐੱਸਪੀ ਸੰਦੀਪ ਸਿੰਘ ਗਿੱਲ ਜਦੋਂ ਰਾਤ ਨੂੰ ਘਟਨਾ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ ਤਾਂ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਮੁਲਜ਼ਮ ਨੂੰ ਫਾਂਸੀ ਦੇਣ ਦੀ ਮੰਗ ਦੁਹਰਾਈ।
ਪੀੜਤ ਪਰਿਵਾਰ ਦੀ ਇਕ ਔਰਤ ਨੇ ਰੋਂਦੇ ਹੋਏ ਕਿਹਾ ਕਿ ਭਾਵੇਂ ਮੁਲਜ਼ਮ ਸਾਡੇ ਹੀ ਭਾਈਚਾਰੇ ਜਾਂ ਰਿਸ਼ਤੇਦਾਰਾਂ 'ਚੋਂ ਕਿਉਂ ਨਾ ਹੋਵੇ, ਸਾਨੂੰ ਇਸ ਦੀ ਪਰਵਾਹ ਨਹੀਂ ਹੈ। ਉਸ ਨੇ ਸਾਡੀ ਬੱਚੀ ਨੂੰ ਸਾਡੇ ਤੋਂ ਖੋਹ ਲਿਆ ਹੈ। ਉਸ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਜਦੋਂ ਤਕ ਇਨਸਾਫ਼ ਨਹੀਂ ਮਿਲੇਗਾ, ਅਸੀਂ ਇੱਥੋਂ ਨਹੀਂ ਹਟਾਂਗੇ।
ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਆਗੂਆਂ ਅਤੇ ਪ੍ਰਸ਼ਾਸਨ ਨੇ ਸਖ਼ਤ ਰੁਖ ਅਪਣਾਇਆ ਹੈ। ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਸੁਨੇਤਰਾ ਅਜੀਤ ਪਵਾਰ ਨੇ ਇਸ ਘਟਨਾ ਨੂੰ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਦੱਸਿਆ ਹੈ। ਉਨ੍ਹਾਂ ਨੇ ਪੁਣੇ ਦਿਹਾਤੀ ਦੇ ਐੱਸਪੀ ਤੋਂ ਪੂਰੀ ਜਾਣਕਾਰੀ ਲਈ ਅਤੇ ਪਾਰਦਰਸ਼ੀ ਜਾਂਚ ਦੇ ਨਿਰਦੇਸ਼ ਦਿੱਤੇ ਹਨ।
ਡਿਪਟੀ ਸੀਐੱਮ ਨੇ ਅੱਗੇ ਕਿਹਾ ਕਿ ਉਹ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੋਂ ਇਸ ਮਾਮਲੇ ਦੀ ਸੁਣਵਾਈ ਫਾਸਟ-ਟਰੈਕ ਕੋਰਟ 'ਚ ਕਰਵਾਉਣ ਦੀ ਵਿਸ਼ੇਸ਼ ਬੇਨਤੀ ਕਰਨਗੇ, ਤਾਂ ਜੋ ਮੁਲਜ਼ਮ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਮਿਲ ਸਕੇ। ਫਿਲਹਾਲ ਪੁਲਿਸ ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕਰ ਰਹੀ ਹੈ।