ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ CBI-ED ਜਾਂਚ ਦੇ ਹਾਈ ਕੋਰਟ ਦੇ ਹੁਕਮ ਰੱਦ
Supreme Court ਨੇ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਨੂੰ ਕਿਹਾ ਸੀ ਕਿ ਉਹ ਕਾਂਗਰਸ ਆਗੂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਨਾਲ ਜੁੜੇ ਮਾਮਲੇ 'ਚ ਅੱਗੇ ਦੀ ਕਾਰਵਾਈ ਨਾ ਕਰੇ। ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (CBI) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਵੀ ਕਿਹਾ ਸੀ ਕਿ ਉਹ ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਕੋਈ ਰਿਪੋਰਟ ਦਾਖ਼ਲ ਨਾ ਕਰਨ।
Publish Date: Wed, 25 Nov 2026 03:10 PM (IST)
Updated Date: Wed, 25 Nov 2026 03:12 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ 'ਚ ਕੇਂਦਰੀ ਜਾਂਚ ਬਿਊਰੋ (CBI) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ।
ਭਾਜਪਾ ਮੈਂਬਰ ਦੀ ਪਟੀਸ਼ਨ ਹਾਈ ਕੋਰਟ ਨੂੰ ਵਾਪਸ ਭੇਜੀ
ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਭਾਜਪਾ ਮੈਂਬਰ ਵਿਗਨੇਸ਼ ਸ਼ਿਸ਼ਿਰ ਵੱਲੋਂ ਦਾਇਰ ਪਟੀਸ਼ਨ ਨੂੰ ਮੁੜ ਵਿਚਾਰ ਕਰਨ ਲਈ ਹਾਈ ਕੋਰਟ ਕੋਲ ਵਾਪਸ ਭੇਜ ਦਿੱਤਾ ਹੈ। ਪਟੀਸ਼ਨ ਵਾਪਸ ਭੇਜੇ ਜਾਣ ਤੋਂ ਬਾਅਦ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਕੀ ਇਹ ਪਟੀਸ਼ਨ ਸੁਣਵਾਈ ਦੇ ਯੋਗ ਹੈ ਜਾਂ ਨਹੀਂ।
ਸੁਪਰੀਮ ਕੋਰਟ ਨੇ ਹਾਈ ਕੋਰਟ, CBI ਤੇ ED ਨੂੰ ਦਿੱਤੇ ਨਿਰਦੇਸ਼
ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਨੂੰ ਕਿਹਾ ਸੀ ਕਿ ਉਹ ਕਾਂਗਰਸ ਆਗੂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਨਾਲ ਜੁੜੇ ਮਾਮਲੇ 'ਚ ਅੱਗੇ ਦੀ ਕਾਰਵਾਈ ਨਾ ਕਰੇ। ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (CBI) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਵੀ ਕਿਹਾ ਸੀ ਕਿ ਉਹ ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਕੋਈ ਰਿਪੋਰਟ ਦਾਖ਼ਲ ਨਾ ਕਰਨ।
ਇਹ ਮਾਮਲਾ ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤਾ ਗਿਆ ਸੀ। ਰਾਹੁਲ ਗਾਂਧੀ ਨੇ ਪਹਿਲਾਂ ਵੀ ਹਾਈ ਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ 'ਚ CBI ਅਤੇ ED ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਗਏ ਸਨ।
ਹਾਈ ਕੋਰਟ ਨੇ CBI ਨੂੰ ਦਿੱਤਾ ਸੀ ਇਹ ਹੁਕਮ
ਹਾਈ ਕੋਰਟ ਨੇ CBI ਦੇ ਭ੍ਰਿਸ਼ਟਾਚਾਰ ਵਿਰੋਧੀ ਵਿਭਾਗ ਦੇ ਮੁੱਖ ਦਫ਼ਤਰ 'ਚ ਤਾਇਨਾਤ ਸੰਯੁਕਤ ਨਿਰਦੇਸ਼ਕ ਜਾਂ ਸਬੰਧਤ ਜ਼ੋਨ ਦੇ ਮੁਖੀ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਨਿੱਜੀ ਤੌਰ 'ਤੇ ਨਵਾਂ ਹਲਫ਼ਨਾਮਾ ਦਾਖ਼ਲ ਕਰਨ। ਇਸ 'ਚ ਮਾਮਲੇ 'ਚ ਹੁਣ ਤੱਕ ਹੋਈ ਕਾਰਵਾਈ ਦੀ ਪੂਰੀ ਜਾਣਕਾਰੀ ਦੇਣ ਲਈ ਕਿਹਾ ਗਿਆ ਸੀ।
CBI ਵੱਲੋਂ ਪਹਿਲਾਂ ਦਾਇਰ ਕੀਤਾ ਗਿਆ ਹਲਫ਼ਨਾਮਾ ਉਸ ਦੇ ਪਿਛਲੇ ਹੁਕਮ ਦੇ ਅਨੁਸਾਰ ਨਹੀਂ ਸੀ। ਇਸ 'ਚ ਪਟੀਸ਼ਨਕਰਤਾ ਵੱਲੋਂ ਰਾਹੁਲ ਗਾਂਧੀ ਦੀ ਜਾਇਦਾਦ ਸਬੰਧੀ ਕੀਤੀ ਗਈ ਸ਼ਿਕਾਇਤ 'ਤੇ ਹੁਣ ਤੱਕ ਹੋਈ ਕਾਰਵਾਈ ਬਾਰੇ ਲੋੜੀਂਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ।