ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਬਾਈਕ ਰਾਈਡ, ਕਾਲਕਾ ਜੀ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਮਹਾਨ ਸ਼ਹਾਦਤ ਨੂੰ ਕੀਤਾ ਸਿਜਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਟੀਮ ਕਾਲਕਾ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਬਾਈਕ ਰਾਈਡ ਕਰਵਾਈ ਗਈ।
Publish Date: Tue, 17 Nov 2026 09:09 AM (IST)
Updated Date: Tue, 17 Nov 2026 09:10 AM (IST)
ਪੰਜਾਬੀ ਜਾਗਰਣ ਕੇਂਦਰ, ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਟੀਮ ਕਾਲਕਾ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਬਾਈਕ ਰਾਈਡ ਕਰਵਾਈ ਗਈ।
ਇਹ ਰਾਈਡ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਐੱਲ ਬਲਾਕ, ਕਾਲਕਾ ਜੀ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਮਾਪਤ ਹੋਈ। ਇਸ ਵਿੱਚ ਵੱਡੀ ਗਿਣਤੀ ਵਿੱਚ ਬਾਈਕ ਰਾਈਡਰਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਤੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ।
ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ, ਆਜ਼ਾਦੀ ਅਤੇ ਮਾਨਵੀ ਕਦਰਾਂ-ਕੀਮਤਾਂ ਦੀ ਰਾਖੀ ਦੀ ਅਦੁੱਤੀ ਮਿਸਾਲ ਹੈ। ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਤੇ ਕੁਰਬਾਨੀ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਦੋਵਾਂ ਆਗੂਆਂ ਨੇ ਰਾਈਡ ਵਿੱਚ ਸ਼ਾਮਲ ਹੋਏ ਸਾਰੇ ਰਾਈਡਰਾਂ, ਸਹਿਯੋਗੀਆਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਸਦਕਾ ਇਹ ਉਪਰਾਲਾ ਯਾਦਗਾਰੀ ਬਣਿਆ ਅਤੇ ਅਜਿਹੇ ਕਾਰਜ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।