ਲਖਨਊ: ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ 'ਚ ਸਰਪ੍ਰਸਤ ਮੁਲਾਇਮ ਯਾਦਵ ਤੇ ਸਪਾ ਪ੍ਰਧਾਨ ਅਖਿਲੇਸ਼ ਯਾਦਵ ਖ਼ਿਲਾਫ਼ ਸੀਬੀਆਈ ਨੇ ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਖ਼ਲ ਕੀਤਾ ਹੈ। ਇਸ ਮਾਮਲੇ 'ਚ ਸੀਬੀਆਈ ਨੇ ਹਲਫ਼ਨਾਮੇ 'ਚ ਮੁਲਾਇਮ ਸਿੰਘ ਯਾਦਵ ਅਤੇ ਅਖਿਲੇਸ਼ ਯਾਦਵ ਨੂੰ ਕਲੀਨ ਚਿੱਟ ਦਿੱਤੀ ਹੈ। ਸੀਬੀਆਈ ਨੇ ਹਲਫ਼ਨਾਮੇ 'ਚ ਕਿਹਾ ਹੈ ਕਿ ਪਿਤਾ ਅਤੇ ਪੁੱਤਰ ਖ਼ਿਲਾਫ਼ ਉਨ੍ਹਾਂ ਨੂੰ ਕੋਈ ਸਬੂਤ ਨਹੀਂ ਮਿਲਿਆ।

ਸੀਬੀਆਈ ਨੇ ਕੋਰਟ ਨੂੰ ਕਿਹਾ ਹੈ ਕਿ ਆਰੰਭਿਕ ਜਾਂਚ 'ਚ ਦੋਵਾਂ ਖ਼ਿਲਾਫ਼ ਕੁਝ ਨਹੀਂ ਮਿਲਿਆ ਹੈ। ਇਸ ਮਾਮਲੇ ਦੀ ਜਾਂਚ 2013 'ਚ ਪੂਰੀ ਹੋ ਗਈ ਸੀ ਅਤੇ ਸੀਵੀਸੀ ਨੂੰ ਰਿਪੋਰਟ ਸੌਂਪ ਕੇ ਮਾਮਲਾ ਬੰਦ ਕਰ ਦਿੱਤਾ ਗਿਆ ਸੀ। ਪਟੀਸ਼ਨਰ ਵਿਸ਼ਵਨਾਥ ਚਤੁਰਵੇਦੀ ਨੇ ਅਰਜ਼ੀ ਦਾਖ਼ਲ ਕਰ ਅਦਾਲਤ ਤੋਂ ਸੀਬੀਆਈ ਨੂੰ ਦੋਵਾਂ ਆਗੂਆਂ ਦੇ ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਬਾਰੇ ਰਿਪੋਰਟ ਦਾਖ਼ਲ ਕਰਨ ਦੇ ਆਦੇਸ਼ ਦੀ ਮੰਗ ਕੀਤੀ ਸੀ, ਜਿਸ 'ਤੇ ਅਦਾਲਤ ਨੇ ਸੀਬੀਆਈ ਤੋਂ ਹਲਫ਼ਨਾਮਾ ਦਾਖ਼ਲ ਕਰ ਸੀਬੀਆਈ ਨੂੰ ਜਵਾਬ ਦੇਣ ਲਈ ਕਿਹਾ ਸੀ।

ਸਮਾਜਵਾਦੀ ਪਾਰਟੀ ਨੇ ਆਗੂ ਮੁਲਾਇਮ ਸਿੰਘ ਯਾਦਵ ਤੇ ਉਨ੍ਹਾਂ ਦੇ ਪੁੱਤਰ ਅਖਿਲੇਸ਼ ਯਾਦਵ ਖ਼ਿਲਾਫ਼ ਆਦਮਨ ਤੋਂ ਜ਼ਿਆਦਾ ਜਾਇਦਾਦ ਦੇ 12 ਸਾਲ ਪੁਰਾਣੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਸੀ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਸੀਬੀਆਈ ਤੋਂ ਕੇਸ ਦੀ ਜਾਂਚ ਰਿਪੋਰਟ ਮੰਗੀ ਸੀ। ਪਟੀਸ਼ਨਰ ਦਾ ਕਹਿਣਾ ਸੀ ਕਿ ਛੇ ਸਾਲ ਪਹਿਲਾਂ ਜਾਂਚ ਪੂਰੀ ਹੋਣ ਦੇ ਬਾਵਜੂਦ ਸੀਬੀਆਈ ਨੇ ਇਸ ਦੀ ਰਿਪੋਰਟ ਨਹੀਂ ਸੌਂਪੀ ਸੀ।

ਇਸ ਤੋਂ ਬਾਅਦ ਸਪਾ ਆਗੂ ਮੁਲਾਇਮ ਸਿੰਘ ਯਾਦਵ ਨੇ ਸੁਪਰੀਮ ਕੋਰਟ 'ਚ ਜਵਾਬ ਦਾਖ਼ਲ ਕਰ ਕਿਹਾ ਸੀ ਕਿ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਸੀ ਕਿ ਲੋਕ ਸਭਾ ਚੋਣ ਹੋਣੇ ਹਨ ਇਸ ਲਈ ਜਾਣਬੁਝ ਕੇ ਉਨ੍ਹਾਂ ਖ਼ਿਲਾਫ਼ ਇਹ ਅਰਜ਼ੀ ਦਾਖ਼ਲ ਕੀਤੀ ਗਈ ਹੈ। ਆਮਦਨ ਵਿਭਾਗ ਨੇ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਇਦਾਦ ਦੀ ਜਾਂਚ ਕੀਤੀ ਸੀ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਅਜਿਹੇ 'ਚ ਉਨ੍ਹਾਂ ਤੇ ਉਨ੍ਹਾਂ ਪਰਿਵਾਰ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖ਼ਾਰਜ ਕੀਤਾ ਚਾਹੀਦਾ ਹੈ।

Posted By: Akash Deep