ਡੀਪੀਐੱਸਯੂ ਤੇ ਓਐੱਫਬੀ ਦੇ ਸਿਹਤ ਕੇਂਦਰਾਂ 'ਚ ਹੋਵੇਗਾ ਕੋਰੋਨਾ ਮਰੀਜ਼ਾਂ ਦਾ ਇਲਾਜ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਹੈ ਕਿ ਜਨਤਕ ਖੇਤਰ ਦੇ ਰੱਖਿਆ ਅਦਾਰੇ (ਡੀਪੀਐੱਸਯੂ) ਤੇ ਆਯੁਧ ਕਾਰਖਾਨਾ ਬੋਰਡ (ਓਐੱਫਬੀ) ਦੇ ਸਾਰੇ ਸਿਹਤ ਕੇਂਦਰਾਂ ਨੂੰ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੱਖਿਆ ਮੰਤਰਾਲਾ ਮਹਾਮਾਰੀ ਨਾਲ ਸਿੱਝਣ ਲਈ ਸਥਾਨਕ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੇਗਾ।
Publish Date: Sat, 24 Apr 2021 08:22 PM (IST)
Updated Date: Sun, 25 Apr 2021 12:14 AM (IST)
ਪੀਟੀਆਈ, ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਹੈ ਕਿ ਜਨਤਕ ਖੇਤਰ ਦੇ ਰੱਖਿਆ ਅਦਾਰੇ (ਡੀਪੀਐੱਸਯੂ) ਤੇ ਆਯੁਧ ਕਾਰਖਾਨਾ ਬੋਰਡ (ਓਐੱਫਬੀ) ਦੇ ਸਾਰੇ ਸਿਹਤ ਕੇਂਦਰਾਂ ਨੂੰ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੱਖਿਆ ਮੰਤਰਾਲਾ ਮਹਾਮਾਰੀ ਨਾਲ ਸਿੱਝਣ ਲਈ ਸਥਾਨਕ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੇਗਾ।
ਰੱਖਿਆ ਮੰਤਰੀ ਨੇ ਭਾਰਤ ਵਿਚ ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਵਿਰੁੱਧ ਲੜਾਈ ਵਿਚ ਸਹਿਯੋਗ ਕਰ ਰਹੀਆਂ ਮੰਤਰਾਲੇ ਦੀਆਂ ਵੱਖ-ਵੱਖ ਇਕਾਈਆਂ ਦੇ ਯਤਨਾਂ ਦੀ ਸ਼ਨੀਵਾਰ ਨੂੰ ਸਮੀਖਿਆ ਕਰਨ ਤੋਂ ਬਾਅਦ ਇਹ ਗੱਲ ਕੀਤੀਆਂ। ਰਾਜਨਾਥ ਨੇ ਵੀਡੀਓ ਕਾਨਫਰੰਸ ਜ਼ਰੀਏ ਸਮੀਖਿਆ ਮੀਟਿੰਗ ਕੀਤੀ ਜਿਸ ਵਿਚ ਚੀਫ ਆਫ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਬਿਪਿਨ ਰਾਵਤ, ਫੌਜ ਮੁਖੀ ਜਨਰਲ ਐੱਮਐੱਮ ਨਰਵਣੇ, ਹਵਾਈ ਫੌਜ ਮੁਖੀ ਐਡਮਿਰਲ ਕਰਮਬੀਰ ਸਿੰਘ ਅਤੇ ਰੱਖਿਆ ਤੇ ਖੋਜ ਵਿਕਾਸ ਸੰਗਠਨ (ਡੀਆਰਡੀਓ) ਦੇ ਪ੍ਰਧਾਨ ਜੀ ਸਤੀਸ਼ ਰੈਡੀ ਅਤੇ ਹੋਰ ਅਧਿਕਾਰੀ ਸ਼ਾਮਲ ਹੋਏ।
ਰੱਖਿਆ ਮੰਤਰੀ ਨੇ ਕਿਹਾ ਕਿ ਡੀਆਰਡੀਓ ਦਿੱਲੀ ਹਵਾਈ ਅੱਡੇ ਨੇੜੇ ਸਥਿਤ ਆਪਣੇ ਸਰਦਾਰ ਵੱਲਭ ਭਾਈ ਪਟੇਲ ਹਸਪਤਾਲ 'ਚ 250 ਹੋਰ ਬਿਸਤਰਿਆਂ ਦਾ ਪ੍ਰਬੰਧ ਕਰੇਗਾ। ਇਸ ਤੋਂ ਬਾਅਦ ਹਸਪਤਾਲ 'ਚ ਬਿਸਤਰਿਆਂ ਦੀ ਕੁੱਲ ਗਿਣਤੀ ਵਧ ਕੇ 500 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ 1 ਹਜ਼ਾਰ ਬਿਸਤਰਿਆਂ ਵਾਲੇ ਹਸਪਤਾਲ ਦਾ ਸੰਚਾਲਨ ਸ਼ੁਰੂ ਹੋ ਚੁੱਕਾ ਹੈ। ਲਖਨਊ 'ਚ ਕੋਰੋਨਾ ਇਲਾਜ ਕੇਂਦਰ ਦਾ ਨਿਰਮਾਣ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਅਤੇ ਅਗਲੇ ਪੰਜ-ਛੇ ਦਿਨਾਂ ਵਿਚ ਉਸ ਦਾ ਸੰਚਾਲਨ ਸ਼ੁਰੂ ਹੋ ਜਾਵੇਗਾ। ਏਐੱਫਐੱਮਐੱਸ ਉੱਤਰ ਪ੍ਰਦੇਸ਼ ਸਰਕਾਰ ਦੇ ਸਹਿਯੋਗ ਨਾਲ ਹਸਪਤਾਲ ਦਾ ਸੰਚਾਲਨ ਕਰੇਗਾ।
ਜ਼ਿਕਰਯੋਗ ਹੈ ਕਿ ਕੋਰੋਨਾ ਦੇ ਤੇਜ਼ੀ ਨਾਲ ਵਧਦੇ ਮਾਮਲਿਆਂ ਨਾਲ ਸਿੱਝਣ ਲਈ ਫੌਜ ਦੇ ਤਿੰਨਾਂ ਅੰਗਾਂ ਦੇ ਨਾਲ-ਨਾਲ ਰੱਖਿਆ ਮੰਤਰਾਲਾ ਦੀਆਂ ਹੋਰ ਇਕਾਈਆਂ ਵੀ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਹਿਯੋਗ ਕਰ ਰਹੀਆਂ ਹਨ।