ਜੇਐੱਨਐੱਨ, ਨਵੀਂ ਦਿੱਲੀ : ਦਿੱਲੀ ਦੇ ਫਿਲਮਿਸਤਾਨ ਇਲਾਕੇ 'ਚ ਲੱਗੀ ਅੱਗ ਨਾਲ ਭਾਰੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੌਕੇ 'ਤੇ ਪਹੁੰਚ ਗਏ ਹਨ ਤੇ ਉਨ੍ਹਾਂ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਲੀ ਸਰਕਾਰ ਵੱਲੋਂ 10-10 ਲੱਖ ਮੁਆਵਜ਼ਾ ਦਿੱਤਾ ਜਾਵੇਗਾ। ਜਦਕਿ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ 'ਚ ਹੋਏ ਅਗਨੀਕਾਂਡ 'ਚ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਲਈ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ (PMNRF) 'ਚੋਂ ਹਰੇਕ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਜ਼ਖ਼ਮੀਆਂ ਲਈ ਵੀ 50,000 ਰੁਪਏ ਦੀ ਮਨਜ਼ੂਰੀ ਦਿੱਤੀ ਹੈ।

ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਇਕ-ਇਕ ਲੱਖ ਰੁਪਏ ਆਰਥਿਕ ਮਦਦ ਦਿੱਤੀ ਜਾਵੇਗੀ। ਸੀਐੱਮ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਦੇ ਇਲਾਜ ਦਾ ਖ਼ਰਚ ਸਰਕਾਰ ਦੇਵੇਗੀ। ਮੌਕੇ 'ਤੇ ਪਹੁੰਚੇ ਦਿੱਲੀ ਦੇ ਕੈਬਨਿਟ ਮੰਤਰੀ ਇਮਰਾਨ ਹੁਸੈਨ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤਾ ਜਾਵੇਗੀ।

ਭਾਜਪਾ ਆਗੂ ਵੀ ਮੌਕੇ 'ਤੇ ਪਹੁੰਚੇ

ਉੱਥੇ ਹੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਹਰਦੀਪ ਸਿੰਘ ਪੁਰੀ, ਭਾਜਪਾ ਸੂਬਾ ਪ੍ਰਧਾਨ ਮਨੋਜ ਤਿਵਾੜੀ ਤੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਵੀ ਮੌਕੇ 'ਤੇ ਪਹੁੰਚ ਗਏ ਹਨ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਵੀ ਮੌਕੇ 'ਤੇ ਪਹੁੰਚ ਗਏ ਹਨ। ਇਨ੍ਹਾਂ ਤੋਂ ਇਲਾਵਾ ਘਟਨਾ ਵਾਲੀ ਥਾਂ 'ਤੇ ਵਿਰੋਧੀ ਧਿਰ ਦੇ ਨੇਤਾ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇਂਦਰ ਗੁਪਤਾ ਵੀ ਹਨ।

ਸੋਗ ਪ੍ਰਗਟਾਉਂਦਿਆਂ ਵਿਜੇਂਦਰ ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਇਸ ਘਟਨਾ ਬਾਰੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ। ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਦਿੱਲੀ ਸਰਕਾਰ ਮ੍ਰਿਤਕਾਂ ਤੇ ਜ਼ਖ਼ਮੀਆਂ ਦੀ ਆਰਥਿਕ ਮਦਦ ਕਰੇ।

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦੇਵੇਗੀ ਭਾਜਪਾ

ਮੌਕੇ 'ਤੇ ਪੁੱਜੀ ਮਨੋਜ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 25 ਹਜ਼ਾਰ ਰੁਪਏ ਦੇਵੇਗੀ। ਉਨ੍ਹਾਂ ਦੱਸਿਆ ਕਿ ਉਹ ਦਿੱਲੀ 'ਚ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰਦੀ ਹੈ।

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਸੋਗ

ਇਸ ਘਟਨਾ ਸਬੰਧੀ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਇਸ ਘਟਨਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਨੂੰ ਹਮਦਰਦੀ ਹੈ। ਉਹ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦੇ ਹਨ।

ਟਵਿੱਟਰ 'ਤੇ ਪੀਐੱਮ ਮੋਦੀ ਨੇ ਕਿਹਾ ਕਿ ਇਹ ਹਾਦਸਾ ਦੁਖਦਾਈ ਹੈ। ਬਚਾਅ ਕਾਰਜ 'ਚ ਅਧਿਕਾਰੀ ਤੇ ਮੁਲਾਜ਼ਮ ਜੁਟੇ ਹੋਏ ਹਨ। ਉੱਥੇ ਹੀ ਅਮਿਤ ਸ਼ਾਹ ਨੇ ਵੀ ਇਸ ਘਟਨਾ 'ਤੇ ਸੋਗ ਪ੍ਰਗਟਾਉਂਦਿਆਂ ਪੀੜਤ ਪਰਿਵਾਰਕ ਮੈਂਬਰਾਂ ਪ੍ਰਤੀ ਹਮਦਰਦੀ ਪ੍ਰਗਟਾਈ।

ਇਸ ਤੋਂ ਇਲਾਵਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸੋਗ ਪ੍ਰਗਟਾਇਆ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਘਟਨਾ ਪ੍ਰਤੀ ਸੋਗ ਪ੍ਰਗਟਾਇਆ ਹੈ।

Posted By: Seema Anand