ਵਿਦਿਆਰਥੀ ਅੰਦੋਲਨ ਦੇ ਪਹਿਲੇ ਦਿਨ ਹੀ ਧਰਮਿੰਦਰ ਪ੍ਰਧਾਨ ਨੇ ਕਰ ਦਿੱਤੀ ਸੀ ਅਸਤੀਫ਼ੇ ਦੀ ਪੇਸ਼ਕਸ਼, ਭਾਜਪਾ ਆਗੂ ਦਾ ਵੱਡਾ ਦਾਅਵਾ
ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ’ਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਧਰਮਿੰਦਰ ਪ੍ਰਧਾਨ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਅਟਕਲਾਂ ਦਾ ਬਾਜ਼ਾਰ ਗਰਮ ਹੈ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਲਾਸ਼ ਵਿਜੇਵਰਗੀਆ ਨੇ ਵੱਡਾ ਦਾਅਵਾ ਕੀਤਾ ਹੈ।
Publish Date: Sun, 26 Jul 2026 11:47 AM (IST)
Updated Date: Sun, 26 Jul 2026 11:51 AM (IST)
ਡਿਜੀਟਲ ਡੈਸਕ, ਨਵੀਂ ਦਿੱਲੀ। ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ’ਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਧਰਮਿੰਦਰ ਪ੍ਰਧਾਨ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਅਟਕਲਾਂ ਦਾ ਬਾਜ਼ਾਰ ਗਰਮ ਹੈ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਲਾਸ਼ ਵਿਜੇਵਰਗੀਆ ਨੇ ਵੱਡਾ ਦਾਅਵਾ ਕੀਤਾ ਹੈ।
ਉਨ੍ਹਾਂ ਦਾ ਦਾਅਵਾ ਹੈ ਕਿ ਧਰਮਿੰਦਰ ਪ੍ਰਧਾਨ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਣ ਦੇ ਪਹਿਲੇ ਦਿਨ ਹੀ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਸ਼ਨੀਵਾਰ ਨੂੰ ਇੰਦੌਰ ਵਿੱਚ ਨਿਊਜ਼ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ ਵਿਜੇਵਰਗੀਆ ਨੇ ਕਿਹਾ ਕਿ ਪ੍ਰਧਾਨ ਨੇ ਭਾਜਪਾ ਲੀਡਰਸ਼ਿਪ ਨੂੰ ਦੱਸ ਦਿੱਤਾ ਸੀ ਕਿ ਜੇਕਰ ਪਾਰਟੀ ਨੂੰ ਜ਼ਰੂਰੀ ਲੱਗੇ ਤਾਂ ਉਹ ਅਸਤੀਫ਼ਾ ਦੇਣ ਲਈ ਤਿਆਰ ਹਨ।
'ਉਸ ਸਮੇਂ ਅਸਤੀਫ਼ੇ ਨੂੰ ਲੈ ਕੇ ਪਾਰਟੀ ਨੇ ਕੋਈ ਫ਼ੈਸਲਾ ਨਹੀਂ ਲਿਆ ਸੀ'
ਵਿਜੇਵਰਗੀਆ ਨੇ ਕਿਹਾ, "ਪਹਿਲੇ ਦਿਨ ਜਿਵੇਂ ਹੀ ਵਿਦਿਆਰਥੀਆਂ ਦਾ ਅੰਦੋਲਨ ਸ਼ੁਰੂ ਹੋਇਆ, ਪ੍ਰਧਾਨ ਨੇ ਭਾਜਪਾ ਪ੍ਰਧਾਨ ਨੂੰ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਜ਼ਰੂਰੀ ਲੱਗੇ ਤਾਂ ਉਹ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਨ।" ਭਾਜਪਾ ਆਗੂ ਅਨੁਸਾਰ, ਪਾਰਟੀ ਪ੍ਰਧਾਨ ਨੇ ਪ੍ਰਧਾਨ ਨੂੰ ਉਸ ਸਮੇਂ ਅਸਤੀਫ਼ਾ ਨਾ ਦੇਣ ਲਈ ਕਿਹਾ ਅਤੇ ਦੱਸਿਆ ਕਿ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ, ਨਾਲ ਹੀ ਉਨ੍ਹਾਂ ਨੂੰ ਇਸ ਮਾਮਲੇ 'ਤੇ ਅੱਗੇ ਚਰਚਾ ਨਾ ਕਰਨ ਦੀ ਸਲਾਹ ਦਿੱਤੀ।
ਵਿਜੇਵਰਗੀਆ ਨੇ ਕੀਤਾ ਧਰਮਿੰਦਰ ਪ੍ਰਧਾਨ ਦਾ ਬਚਾਅ
ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਬਾਅਦ ਵਿੱਚ ਪਾਰਟੀ ਨੇ ਫ਼ੈਸਲਾ ਕੀਤਾ ਕਿ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਤਾਂ ਪ੍ਰਧਾਨ ਨੇ ਤੁਰੰਤ ਅਸਤੀਫ਼ਾ ਦੇ ਦਿੱਤਾ। ਸਾਬਕਾ ਸਿੱਖਿਆ ਮੰਤਰੀ ਦਾ ਬਚਾਅ ਕਰਦਿਆਂ ਵਿਜੇਵਰਗੀਆ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਆਪਣੇ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਲਗਨ ਨਾਲ ਨਿਭਾਇਆ ਹੈ।
ਪ੍ਰਧਾਨ ਦੇ ਅਸਤੀਫ਼ੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਇਸ ਕਦਮ ਨੇ ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਰਗੀ ਅਸ਼ਾਂਤੀ ਫੈਲਾ ਕੇ ਭਾਰਤ ਨੂੰ ਅਸਥਿਰ ਕਰਨ ਦੀਆਂ ਵਿਦੇਸ਼ੀ ਤਾਕਤਾਂ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰ ਦਿੱਤਾ ਹੈ।
'ਪ੍ਰਧਾਨ ਨੇ ਜੋ ਕੀਤਾ, ਉਸ ਲਈ ਉਹ ਵਧਾਈ ਦੇ ਪਾਤਰ ਹਨ'
ਉਨ੍ਹਾਂ ਕਿਹਾ, "ਪ੍ਰਧਾਨ ਦੇ ਅਸਤੀਫ਼ੇ ਨੇ ਉਨ੍ਹਾਂ ਵਿਦੇਸ਼ੀ ਤਾਕਤਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ ਜੋ ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਾਂਗ ਭਾਰਤ ਵਿੱਚ ਹਿੰਸਾ ਫੈਲਾ ਕੇ ਅਸਥਿਰਤਾ ਪੈਦਾ ਕਰਨਾ ਚਾਹੁੰਦੀਆਂ ਸਨ। ਉਨ੍ਹਾਂ ਨੇ ਜੋ ਕੀਤਾ ਹੈ, ਉਸ ਲਈ ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ।"
ਦੱਸ ਦੇਈਏ ਕਿ ਪ੍ਰਧਾਨ ਨੇ ਸ਼ਨੀਵਾਰ ਨੂੰ ਅਸਤੀਫ਼ਾ ਦੇ ਦਿੱਤਾ, ਜਿਸ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ ਨੇ ਆਪਣਾ 36 ਦਿਨਾਂ ਦਾ ਅੰਦੋਲਨ ਵਾਪਸ ਲੈ ਲਿਆ। ਇਸ ਅੰਦੋਲਨ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਕਥਿਤ ਗੜਬੜੀਆਂ ਅਤੇ ਨੀਟ ਪੇਪਰ ਲੀਕ ਨੂੰ ਲੈ ਕੇ ਲੱਖਾਂ ਲੋਕ ਇਕੱਠੇ ਹੋਏ ਸਨ।