'ਹੱਥ ਜੋੜ ਕੇ ਗਿੜਗਿੜਾਇਆ ਪਰ ਪੁਲਿਸ ਨੇ ਦੀਪਕੇ ਨੂੰ ਨਹੀਂ ਛੱਡਿਆ'; ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਨਾ ਹੋ ਸਕਣ 'ਤੇ ਪਰਿਵਾਰ ਦਾ ਦੋਸ਼
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਹਿਰਾਸਤ ਵਿੱਚ ਲਿਆ ਸੀ। ਤਿੰਨਾਂ ਨੇਤਾਵਾਂ ਨੂੰ ਐਤਵਾਰ ਨੂੰ ਕਾਰਜਕਾਰੀ ਮੈਜਿਸਟਰੇਟ ਸਾਹਮਣ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇਸ ਸ਼ਰਤ 'ਤੇ ਰਿਹਾਅ ਕੀਤਾ ਗਿਆ ਕਿ ਉਹ ਆਉਣ ਵਾਲੇ ਇੱਕ ਸਾਲ ਤੱਕ ਸ਼ਾਂਤੀ ਭੰਗ ਨਹੀਂ ਕਰਨਗੇ।
Publish Date: Sun, 11 Oct 2026 02:50 PM (IST)
Updated Date: Sun, 11 Oct 2026 02:52 PM (IST)
ਡਿਜੀਟਲ ਡੈਸਕ, ਮੁੰਬਈ। 'ਕਾਕਰੋਚ ਜਨਤਾ ਪਾਰਟੀ' ਦੇ ਕਨਵੀਨਰ ਅਭਿਜੀਤ ਦੀਪਕੇ ਦੇ ਪਰਿਵਾਰ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਵਾਰ-ਵਾਰ ਗੁਹਾਰ ਲਗਾਉਣ ਦੇ ਬਾਵਜੂਦ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਸਮੇਂ ਸਿਰ ਰਿਹਾਅ ਨਹੀਂ ਕੀਤਾ, ਜਿਸ ਕਾਰਨ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ।
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਹਿਰਾਸਤ ਵਿੱਚ ਲਿਆ ਸੀ। ਤਿੰਨਾਂ ਨੇਤਾਵਾਂ ਨੂੰ ਐਤਵਾਰ ਨੂੰ ਕਾਰਜਕਾਰੀ ਮੈਜਿਸਟਰੇਟ ਸਾਹਮਣ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇਸ ਸ਼ਰਤ 'ਤੇ ਰਿਹਾਅ ਕੀਤਾ ਗਿਆ ਕਿ ਉਹ ਆਉਣ ਵਾਲੇ ਇੱਕ ਸਾਲ ਤੱਕ ਸ਼ਾਂਤੀ ਭੰਗ ਨਹੀਂ ਕਰਨਗੇ।
ਦਾਦੀ ਦੇ ਦੇਹਾਂਤ 'ਤੇ ਪਰਿਵਾਰ ਦੀਆਂ ਮਿੰਨਤਾਂ ਹੋਈਆਂ ਅਣਸੁਣੀਆਂ
ਸੀਜੇਪੀ ਦੇ ਸੰਸਥਾਪਕ ਦੀ 85 ਸਾਲਾ ਦਾਦੀ, ਸਾਵਿਤਰੀਬਾਈ ਸ਼ੰਕਰਰਾਓ ਦੀਪਕੇ ਦਾ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ’ਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਸਵੇਰੇ ਕੀਤਾ ਗਿਆ।
ਅੰਤਿਮ ਸੰਸਕਾਰ ਤੋਂ ਪਹਿਲਾਂ ਇੱਕ ਰਿਸ਼ਤੇਦਾਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਦਾਦੀ ਦੇ ਦੇਹਾਂਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਪੁਲਿਸ ਨੂੰ ਅਭਿਜੀਤ ਨੂੰ ਤੁਰੰਤ ਛੱਡਣ ਦੀ ਕਈ ਵਾਰ ਅਪੀਲ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ।
ਅਭਿਜੀਤ ਦੇ ਚਾਚਾ ਵਿਲਾਸ ਦੀਪਕੇ ਨੇ ਕਿਹਾ ਕਿ ਮੈਂ ਹੱਥ ਜੋੜ ਕੇ ਦਿੱਲੀ ਪੁਲਿਸ ਨੂੰ ਘੱਟੋ-ਘੱਟ 10 ਵਾਰ ਬੇਨਤੀ ਕੀਤੀ ਕਿ ਅਭਿਜੀਤ ਨੂੰ ਛੱਡ ਦਿੱਤਾ ਜਾਵੇ ਕਿਉਂਕਿ ਅਸੀਂ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਾਂ। ਉਨ੍ਹਾਂ ਨੂੰ ਅੱਜ ਛੱਡਿਆ ਤਾਂ ਗਿਆ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਅੰਤਿਮ ਸੰਸਕਾਰ ਹੋ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਅਭਿਜੀਤ ਹੁਣ ਸਿਰਫ਼ ਆਪਣੀ ਦਾਦੀ ਦੀਆਂ ਅਸਥੀਆਂ ਇਕੱਠੀਆਂ ਕਰਨ ਲਈ ਉੱਥੇ ਪਹੁੰਚ ਸਕੇਗਾ।
ਦਿੱਲੀ ਪੁਲਿਸ ਨੇ ਕੀ ਕਿਹਾ?
ਦੂਜੇ ਪਾਸੇ, ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਦਾਅਵਾ ਕੀਤਾ ਸੀ ਕਿ ਅਭਿਜੀਤ ਨੂੰ ਉਨ੍ਹਾਂ ਦੀ ਦਾਦੀ ਦੇ ਦੇਹਾਂਤ ਅਤੇ ਅੰਤਿਮ ਸੰਸਕਾਰ ਦੇ ਸਮੇਂ ਦੀ ਜਾਣਕਾਰੀ ਤੁਰੰਤ ਦੇ ਦਿੱਤੀ ਗਈ ਸੀ। ਪੁਲਿਸ ਮੁਤਾਬਕ, ਉਨ੍ਹਾਂ ਨੇ ਅਭਿਜੀਤ ਨੂੰ ਉਨ੍ਹਾਂ ਦੇ ਗ੍ਰਹਿ ਨਗਰ ਭੇਜਣ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਵੀ ਕੀਤੀ ਸੀ। ਹਾਲਾਂਕਿ, ਪਰਿਵਾਰ ਨੇ ਪੁਲਿਸ ਦੇ ਇਨ੍ਹਾਂ ਦਾਅਵਿਆਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ।
ਸੀ.ਜੇ.ਪੀ. ਨੇ ਐਤਵਾਰ ਨੂੰ ਜੰਤਰ-ਮੰਤਰ 'ਤੇ ਆਪਣੇ ਵਿਰੋਧ ਪ੍ਰਦਰਸ਼ਨ ਦਾ ਸੱਦਾ ਫਿਰ ਤੋਂ ਦੁਹਰਾਇਆ ਹੈ। ਇਸ ਨੂੰ ਦੇਖਦਿਆਂ ਰਾਸ਼ਟਰੀ ਰਾਜਧਾਨੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਲਗਭਗ 30,000 ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।