ਨਵੀਂ ਦਿੱਲੀ (ਪੀਟੀਆਈ) : ਕਾਬੁਲ ਸਥਿਤ ਭਾਰਤੀ ਦੂਤਘਰ ਅਫ਼ਗਾਨਿਸਤਾਨ 'ਚ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰਾਂ ਦੇ ਸੰਪਰਕ ਵਿਚ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀਰਵਾਰ ਨੂੰ ਇਹ ਗੱਲ ਕਹੀ। ਬੁੱਧਵਾਰ ਨੂੰ ਕਾਬੁਲ ਸਥਿਤ ਗੁਰਦੁਆਰੇ 'ਤੇ ਬੰਦੂਕਧਾਰੀਆਂ ਦੀ ਅੰਨ੍ਹੇਵਾਹ ਗੋਲ਼ੀਬਾਰੀ ਵਿਚ 25 ਸਿੱਖ ਸ਼ਰਧਾਲੂ ਮਾਰੇ ਗਏ ਸਨ। ਮਿ੍ਤਕਾਂ ਵਿਚ ਪੁਰਾਣੀ ਦਿੱਲੀ ਵਾਸੀ ਤਿਆਨ ਸਿੰਘ (71) ਵੀ ਸ਼ਾਮਲ ਹੈ। ਅੱਤਵਾਦੀ ਜਮਾਤ ਇਸਲਾਮਿਕ ਸਟੇਟ (ਆਈਐੱਸ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਅਮਰੀਕਾ ਅਤੇ ਤਾਲਿਬਾਨ ਨੇ ਅਫ਼ਗਾਨਿਸਤਾਨ ਵਿਚ ਸਥਾਈ ਸ਼ਾਂਤੀ ਲਈ ਹਾਲ ਹੀ ਵਿਚ ਇਤਿਹਾਸਕ ਸਮਝੌਤਾ ਕੀਤਾ ਹੈ।

ਵਿਦੇਸ਼ ਮੰਤਰੀ ਨੇ ਟਵੀਟ ਕੀਤਾ, 'ਅੱਤਵਾਦੀ ਹਮਲੇ ਤੋਂ ਪੈਦਾ ਗੁੱਸੇ ਅਤੇ ਦੁੱਖ ਨੂੰ ਸਮਝਦਾ ਹਾਂ। ਭਾਰਤੀ ਰਾਜਦੂਤ ਤਿਆਨ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਲਈ ਕੰਮ ਕਰ ਰਹੇ ਹਨ। ਅਫ਼ਗਾਨਿਸਤਾਨ 'ਚ ਭਾਰਤ ਦੇ ਰਾਜਦੂਤ ਵਿਨੈ ਕੁਮਾਰ ਨੇ ਵੀਰਵਾਰ ਨੂੰ ਹਮਲੇ ਤੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਨੇ ਜ਼ਖ਼ਮੀਆਂ ਦੇ ਉਚਿਤ ਇਲਾਜ ਦਾ ਪ੍ਰਬੰਧ ਨਿਸ਼ਚਿਤ ਕਰਨ ਦੀ ਗੱਲ ਵੀ ਕਹੀ। ਇਸ ਤੋਂ ਪਹਿਲੇ, ਵਿਦੇਸ਼ ਮੰਤਰਾਲੇ ਨੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਸੀ ਕਿ ਅਸੀਂ ਇਸ ਹਮਲੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ। ਭਾਰਤ ਇਸ ਘੜੀ ਵਿਚ ਅਫ਼ਗਾਨਿਸਤਾਨ ਵਿਚ ਪ੍ਰਭਾਵਿਤ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਨੂੰ ਤਿਆਰ ਹੈ।

ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਕਹਿਰ ਵਿਚਕਾਰ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਪੂਜਾ ਸਥਾਨ 'ਤੇ ਅਜਿਹਾ ਕਾਇਰਾਨਾ ਹਮਲਾ ਇਨ੍ਹਾਂ ਹਮਲਾਵਰਾਂ ਅਤੇ ਉਨ੍ਹਾਂ ਦਾ ਸਮੱਰਥਨ ਕਰਨ ਵਾਲਿਆਂ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਮੰਤਰਾਲੇ ਨੇ ਕਿਹਾ ਕਿ ਅਸੀਂ ਇਸ ਹਮਲੇ ਦਾ ਜਵਾਬ ਦੇਣ ਲਈ ਅਫ਼ਗਾਨਿਸਤਾਨ ਦੇ ਸੁਰੱਖਿਆ ਬਲਾਂ ਦੀ ਕਾਰਵਾਈ, ਉਨ੍ਹਾਂ ਦੇ ਸਾਹਸ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹਾਂ। ਅਫ਼ਗਾਨਿਸਤਾਨ 'ਚ ਸ਼ਾਂਤੀ ਅਤੇ ਸੁਰੱਖਿਆ ਦੇ ਵਾਤਾਵਰਣ ਦੇ ਯਤਨਾਂ ਵਿਚ ਭਾਰਤ ਉੱਥੋਂ ਦੇ ਲੋਕਾਂ, ਸਰਕਾਰ ਅਤੇ ਸੁਰੱਖਿਆ ਬਲਾਂ ਨਾਲ ਖੜ੍ਹਾ ਹੈ।

ਯੂਐੱਨ ਨੇ ਕੀਤੀ ਹਮਲੇ ਦੀ ਨਿੰਦਾ

ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ ਦੀ ਸੰਯੁਕਤ ਰਾਸ਼ਟਰ (ਯੂਐੱਨ) ਨੇ ਨਿੰਦਾ ਕੀਤੀ ਹੈ। ਨਾਲ ਹੀ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਦੁਨੀਆ ਦੇ ਕਿਸੇ ਵੀ ਹਿੱਸੇ 'ਚ ਧਾਰਮਿਕ ਸਥਾਨਾਂ ਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਰਗੇ ਕੰਮ ਦਾ ਕੋਈ ਸਮਰਥਨ ਨਹੀਂ ਕੀਤਾ ਜਾ ਸਕਦਾ ਹੈ। ਯੂਐੱਨ ਸਕੱਤਰ ਜਨਰਲ ਐਂਟੋਨੀਓ ਗੁਤਰਸ ਦੇ ਬੁਲਾਰੇ ਸਟੀਫਨ ਡੁਜਾਰਿਕ ਨੇ ਕਿਹਾ ਕਿ ਸਕੱਤਰ ਜਨਰਲ ਨੇ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਅਮਰੀਕਾ ਨੇ ਵੀ ਹਮਲੇ ਦੀ ਆਲੋਚਨਾ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਿਹਾ ਕਿ ਆਈਐੱਸ ਅਤੇ ਹੋਰ ਅੱਤਵਾਦੀ ਜਮਾਤਾਂ ਤੋਂ ਮੁਕਤ ਭਵਿੱਖ ਅਫ਼ਗਾਨਿਸਤਾਨ ਦੇ ਲੋਕਾਂ ਦਾ ਹੱਕ ਹੈ। ਉਨ੍ਹਾਂ ਨੂੰ ਸਿਆਸੀ ਸਮਝੌਤੇ 'ਤੇ ਗੱਲ ਕਰਨ ਲਈ ਅੱਗੇ ਆਉਣ ਅਤੇ ਅੱਤਵਾਦੀ ਜਮਾਤਾਂ ਖ਼ਿਲਾਫ਼ ਇਕ ਸਾਂਝਾ ਮੋਰਚਾ ਬਣਾਉਣ ਦੀ ਲੋੜ ਹੈ।