ਪੰਜਾਬੀ ਜਾਗਰਣ ਕੇਂਦਰ, ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵਿਸ਼ਵਾਸ ਦਿਵਾਇਆ ਹੈ ਕਿ ਜੰਮੂ-ਕਸ਼ਮੀਰ ਦੇ ਸਿੱਖਾਂ ਨੂੰ ਜਲਦੀ ਹੀ ਘੱਟ ਗਿਣਤੀ ਦਾ ਦਰਜਾ ਮਿਲੇਗਾ। ਇਹ ਜਾਣਕਾਰੀ ਪੀਕਸ ਸ੍ਰੀਨਗਰ ਦੇ ਸੀਈਓ ਬਲਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਅੱਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲੇ ਅਤੇ ਉਨ੍ਹਾਂ ਤੋਂ ਇਹ ਮੰਗ ਕੀਤੀ ਕਿ ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸੂਬੇ ਦੀਆਂ ਭਾਸ਼ਾਵਾਂ 'ਚ ਪੁਆਇਆ ਜਾਵੇ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਸੂਬੇ ਦੀਆਂ ਭਾਸ਼ਾਵਾਂ ਵਿੱਚੋਂ ਬਾਹਰ ਕੱਢ ਦਿੱਤਾ ਸੀ। ਬਲਦੇਵ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਇਹ ਮੰਗ ਕੀਤੀ ਕਿ ਜੰਮੂ-ਕਸ਼ਮੀਰ ਵਿਚ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਦਿੱਤਾ ਜਾਵੇ ਅਤੇ ਸ. ਪੁਰੀ ਨੇ ਉਸੇ ਵੇਲੇ ਗ੍ਹਿ ਸਕੱਤਰ ਨੂੰ ਫੋਨ ਕਰਕੇ ਕਿਹਾ ਕਿ ਇਸ ਸਬੰਧੀ ਜਲਦ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਕਿਹਾ ਕਿ ਦੇਸ਼ ਦੀ ਵੰਡ ਸਮੇਂ ਹਜ਼ਾਰਾਂ ਸਿੱਖ ਜੰਮੂ-ਕਸ਼ਮੀਰ ਦੇ ਸ਼ਹੀਦ ਹੋਏ ਹਨ ਪਰ ਸਿੱਖਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਬਲਦੇਵ ਸਿੰਘ ਨੇ ਆਪਣੀਆਂ ਮੰਗਾਂ ਵਿਚ ਸਿੱਖਾਂ ਨੂੰ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਦੇਣ ਬਾਰੇ ਅਤੇ ਵੰਡ ਤੋਂ ਪਹਿਲਾਂ ਜੋ ਦੋ ਸੀਟਾਂ ਬਾਰਾਮੂਲਾ ਅਤੇ ਤਰਾਲ ਸਿੱਖ ਭਾਈਚਾਰੇ ਲਈ ਰਾਖਵੀਆਂ ਸਨ ਉਨ੍ਹਾਂ ਨੂੰ ਮੁੜ ਸਿੱਖਾਂ ਲਈ ਰਾਖਵਾਂ ਕੀਤਾ ਜਾਵੇ। ਹਰਦੀਪ ਸਿੰਘ ਪੁਰੀ ਨੇ ਬਲਦੇਵ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਕੱਢਿਆ ਜਾਵੇਗਾ।