ਜੰਤਰ-ਮੰਤਰ 'ਤੇ 700 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਹਿਰਾਸਤ 'ਚ; ਇੰਟਰਨੈੱਟ ਸੇਵਾ ਮੁਅੱਤਲ, 12 ਮੈਟਰੋ ਸਟੇਸ਼ਨਾਂ ਦੇ ਐਂਟਰੀ-ਐਗਜ਼ਿਟ ਬੰਦ
ਦਿੱਲੀ 'ਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜੰਤਰ-ਮੰਤਰ ਦੇ ਆਲੇ-ਦੁਆਲੇ ਇੰਟਰਨੈੱਟ ਸੇਵਾਵਾਂ ਵੀ ਮੁਅੱਤਲ ਕੀਤੀਆਂ ਗਈਆਂ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਵਾਲੇ ਇਲਾਕੇ ਦੇ ਲਗਪਗ 1.5 ਕਿਲੋਮੀਟਰ ਦੇ ਘੇਰੇ 'ਚ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਇੰਟਰਨੈੱਟ ਸੇਵਾ ਰੋਕਣ ਦੇ ਹੁਕਮ ਦਿੱਤੇ ਗਏ ਸਨ।
Publish Date: Fri, 02 Oct 2026 03:28 PM (IST)
Updated Date: Fri, 02 Oct 2026 03:31 PM (IST)
ਜੇਐੱਨਐੱਨ, ਨਵੀਂ ਦਿੱਲੀ : ਦਿੱਲੀ 'ਚ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੀ ਕੋਸ਼ਿਸ਼ ਕਰ ਰਹੇ 700 ਤੋਂ ਵੱਧ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ। ਇਨ੍ਹਾਂ 'ਚ ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੇ ਮੈਂਬਰ ਵੀ ਸ਼ਾਮਲ ਹਨ।
ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ। ਇਹ ਵਿਰੋਧ ਪ੍ਰਦਰਸ਼ਨ ਵੋਟਰ ਸੂਚੀਆਂ ਦੀ Special Intensive Revision (SIR) ਪ੍ਰਕਿਰਿਆ 'ਚ ਕਥਿਤ ਬੇਨਿਯਮੀਆਂ ਤੇ ਵੋਟਰਾਂ ਦੇ ਨਾਮ ਹਟਾਏ ਜਾਣ ਦੇ ਦੋਸ਼ਾਂ ਨੂੰ ਲੈ ਕੇ ਕੀਤਾ ਜਾ ਰਿਹਾ ਸੀ। ਪੁਲਿਸ ਨੇ ਪ੍ਰਦਰਸ਼ਨ ਲਈ ਇਜਾਜ਼ਤ ਨਾ ਮਿਲਣ ਦਾ ਹਵਾਲਾ ਦਿੰਦਿਆਂ ਕਾਰਵਾਈ ਕੀਤੀ।
ਦਿੱਲੀ 'ਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜੰਤਰ-ਮੰਤਰ ਦੇ ਆਲੇ-ਦੁਆਲੇ ਇੰਟਰਨੈੱਟ ਸੇਵਾਵਾਂ ਵੀ ਮੁਅੱਤਲ ਕੀਤੀਆਂ ਗਈਆਂ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਵਾਲੇ ਇਲਾਕੇ ਦੇ ਲਗਪਗ 1.5 ਕਿਲੋਮੀਟਰ ਦੇ ਘੇਰੇ 'ਚ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਇੰਟਰਨੈੱਟ ਸੇਵਾ ਰੋਕਣ ਦੇ ਹੁਕਮ ਦਿੱਤੇ ਗਏ ਸਨ। ਇਸ ਦੇ ਨਾਲ ਹੀ ਜੰਤਰ-ਮੰਤਰ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਕਈ ਮੈਟਰੋ ਸਟੇਸ਼ਨਾਂ ਦੇ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਕੀਤੇ ਗਏ। ਵੱਖ-ਵੱਖ ਰਿਪੋਰਟਾਂ 'ਚ ਇਹ ਗਿਣਤੀ 11 ਤੋਂ 12 ਸਟੇਸ਼ਨਾਂ ਤੱਕ ਦੱਸੀ ਗਈ ਹੈ।
ਜਦੋਂ ਜੰਤਰ-ਮੰਤਰ 'ਤੇ ਤਾਇਨਾਤ ਕਿਸੇ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਬਾਰੇ ਪੁਲਿਸ ਤੋਂ ਪੁੱਛਿਆ ਗਿਆ ਤਾਂ ਨਵੀਂ ਦਿੱਲੀ ਦੇ ਡੀਸੀਪੀ ਸਚਿਨ ਸ਼ਰਮਾ ਨੇ ਕਿਹਾ ਕਿ ਕੁਝ ਲੋਕਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਇਸ ਬਾਰੇ ਮੁਲਾਂਕਣ ਕੀਤਾ ਜਾ ਰਿਹਾ ਹੈ।
ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਤੋਂ ਰੋਕ ਰਹੀ ਪੁਲਿਸ ਦੇ ਰਵੱਈਏ ਬਾਰੇ CJP ਕਾਰਕੁਨ ਵਿਜੇਤਾ ਦਹੀਆ ਨੇ ਕਿਹਾ, “ਸਾਨੂੰ ਕਿਹਾ ਜਾ ਰਿਹਾ ਹੈ ਕਿ ਇੱਥੇ ਨਾ ਜਾਓ, ਉੱਥੇ ਨਾ ਜਾਓ... ਕੋਈ ਵੀ ਵਿਰੋਧ ਪ੍ਰਦਰਸ਼ਨ ਨਹੀਂ ਕਰਨਾ ਚਾਹੁੰਦਾ, ਪਰ ਜਦੋਂ ਤੁਸੀਂ ਗਲਤੀਆਂ ਕਰਦੇ ਹੋ ਤਾਂ ਸਾਨੂੰ ਉਨ੍ਹਾਂ ਦੇ ਖ਼ਿਲਾਫ਼ ਵਿਰੋਧ ਕਰਨਾ ਹੀ ਪੈਂਦਾ ਹੈ... ਦੇਸ਼ 'ਚ ਕਿਤੇ ਵੀ ਵਿਰੋਧ ਪ੍ਰਦਰਸ਼ਨ ਕਰਨਾ ਵੋਟ ਦੇ ਅਧਿਕਾਰ ਦਾ ਮਾਮਲਾ ਹੈ।'
'ਗਿਆਨੇਸ਼ ਕੁਮਾਰ, PM ਤੇ ਗ੍ਰਹਿ ਮੰਤਰੀ ਆਪਣੀਆਂ ਗਲਤੀਆਂ ਨਹੀਂ ਲੁਕਾ ਸਕਦੇ'
ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੀ ਇਜਾਜ਼ਤ ਨਾ ਦਿੱਤੇ ਜਾਣ ਬਾਰੇ RJD ਦੇ ਰਾਜ ਸਭਾ ਮੈਂਬਰ ਮਨੋਜ ਝਾ ਨੇ ਕਿਹਾ, “ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਕੀ ਵਿਰੋਧ ਪ੍ਰਦਰਸ਼ਨ ਲਈ ਇਜਾਜ਼ਤ ਦੀ ਲੋੜ ਹੁੰਦੀ ਹੈ? ਆਖ਼ਰਕਾਰ ਇਹ ਗਾਂਧੀ ਦਾ ਦੇਸ਼ ਹੈ। ਅੱਜ ਗਾਂਧੀ ਜੈਅੰਤੀ ਹੈ।' ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਣ ਜਾ ਰਹੇ ਹਨ ਤਾਂ ਉਨ੍ਹਾਂ ਨੇ ਕਿਹਾ, “ਬਿਲਕੁਲ!... ਮੈਂ ਕਹਿਣਾ ਚਾਹੁੰਦਾ ਹਾਂ ਕਿ ਇਸ ਨੂੰ ਪੁਲਿਸ ਰਾਜ 'ਚ ਬਦਲਣ ਦੇ ਬਾਵਜੂਦ ਗਿਆਨੇਸ਼ ਕੁਮਾਰ, ਪੀਐਮ ਮੋਦੀ ਅਤੇ ਅਮਿਤ ਸ਼ਾਹ ਆਪਣੀਆਂ ਗਲਤੀਆਂ ਨੂੰ ਲੁਕਾ ਨਹੀਂ ਸਕਣਗੇ।”