ਨਈ ਦੁਨੀਆ, ਨਵੀਂ ਦਿੱਲੀ : ਜਿਵੇਂ-ਜਿਵੇਂ 31 ਮਈ ਨੇੜੇ ਆ ਰਹੀ ਹੈ, ਹਰ ਕਿਸੇ ਦੇ ਮਨ ਵਿਚ ਇਹੀ ਸਵਾਲ ਹੈ ਕਿ ਕੀ ਦੇਸ਼ ਵਿਚ ਲਾਕਡਾਊਨ 5.0 ਲੱਗੇਗਾ ਜਾਂ ਛੋਟ ਦਿੱਤੀ ਜਾਵੇਗੀ। ਇਸ ਦੌਰਾਨ ਅਗਲੀ ਰਣਨੀਤੀ 'ਤੇ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਲਾਹ ਮੰਗੀ। ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ 'ਤੇ ਚਰਚਾ ਕਰਨ ਤੋਂ ਬਾਅਦ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਦੱਸਿਆ ਕਿ ਉਨ੍ਹਾਂ ਦੀ ਨਜ਼ਰ 'ਚ ਅਜੇ 15 ਦਿਨ ਦਾ ਲਾਕਡਾਊਨ ਹੋਰ ਵਧਣਾ ਚਾਹੀਦਾ ਹੈ ਕਿਉਂਕਿ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵੱਧ ਰਹੇ ਹਨ।

ਇਸ ਦੌਰਾਨ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਅਹਿਮ ਮੀਟਿੰਗ ਹੋ ਰਹੀ ਹੈ, ਜਿਸ ਵਿਚ ਲਾਕਡਾਊਨ ਦੀਆਂ ਅਗਲੀਆਂ ਸ਼ਰਤਾਂ 'ਤੇ ਵਿਚਾਰ ਵਟਾਂਦਰਾ ਚੱਲ ਰਿਹਾ ਹੈ। ਮੀਟਿੰਗ ਵਿਚ ਅਮਿਤ ਸ਼ਾਹ ਸਣੇ ਆਲਾ ਅਧਿਕਾਰੀ ਮੌਜੂਦ ਹਨ।

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਮੁਤਾਬਕ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਜਿਥੇ ਸੰਭਵ ਹੋਵੇ ਛੋਟ ਦੇ ਦਿੱਤੀ ਜਾਣੀ ਚਾਹੀਦੀ ਹੈ। ਮਸਲਨ 50 ਫੀਸਦ ਸਮਰੱਥਾ ਅਤੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਦੇ ਹੋਏ ਰੈਸਟੋਰੈਂਟਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਜਾਣੀ ਚਾਹੀਦੀ ਹੈ। ਕੁਝ ਲੋਕ ਜਿਮ ਖੋਲ੍ਹਣ ਦੀ ਮੰਗ ਵੀ ਕਰ ਰਹੇ ਹਨ।

ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦਾ ਕਹਿਣਾ ਹੈ ਕਿ ਸੂਬੇ ਵਿਚ ਕੋਰੋਨਾ ਵਾਇਰਸ ਦੇ ਕੇਸ ਵੱਧ ਰਹੇ ਹਨ ਪਰ ਹਾਲਾਤ ਵਿਚ ਜਲਦ ਸੁਧਾਰ ਆਏਗਾ ਕਿਉਂਕਿ ਜ਼ਿਆਦਾਤਰ ਮਾਮਲੇ ਉਨ੍ਹਾਂ ਮਜ਼ਦੂਰਾਂ ਨਾਲ ਜੁੜੇ ਹਨ,ਜੋ ਦੂਜੇ ਸੂਬਿਆਂ ਤੋਂ ਇਥੇ ਪਰਤੇ ਹਨ। ਉਥੇ ਕੇਰਲ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਥੇ ਕਮਿਊਨਿਟੀ ਟਰਾਂਸਮਿਸ਼ਨ ਦੇ ਕੋਈ ਸੰਕੇਤ ਨਹੀਂ ਮਿਲ ਰਹੇ। ਡਾਕਟਰਾਂ ਦੀ ਟੀਮ ਲਗਾਤਾਰ ਕੰਮ ਕਰ ਰਹੀ ਹੈ ਅਤੇ ਸ਼ੱਕੀਆਂ ਦੀ ਜਾਂਚ ਕਰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

Posted By: Tejinder Thind