- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ’ਚ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਤੋਂ ਬਾਅਦ ਮੀਟਿੰਗ ਦੇ ਕੁਝ ਅਹਿਮ ਪਲ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਮੈਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਮੀਟਿੰਗ ਕੀਤੀ।

ਨਵੀਂ ਦਿੱਲੀ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ’ਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਈ ਮੀਟਿੰਗ ਮਗਰੋਂ ਕੇਂਦਰ ਨੇ ਸੂਬੇ ਨੂੰ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਸ ਮੀਟਿੰਗ ’ਚ ਬਿਜਲੀ ਦੇ ਨਾਲ-ਨਾਲ ਪੰਜਾਬ ਦੇ ਹੋਰ ਕਈ ਮਸਲਿਆਂ ਬਾਰੇ ਵੀ ਕੇਂਦਰੀ ਮੰਤਰੀ ਨਾਲ ਚਰਚਾ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ’ਚ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਤੋਂ ਬਾਅਦ ਮੀਟਿੰਗ ਦੇ ਕੁਝ ਅਹਿਮ ਪਲ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਮੈਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਨੂੰ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਨਾਲ ਸਬੰਧਤ ਮੁੱਦਿਆਂ ’ਤੇ ਸਾਰਥਕ ਚਰਚਾ ਹੋਈ। ਮੀਟਿੰਗ ਦੌਰਾਨ ਪੀਐੱਸਪੀਸੀਐੱਲ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਨਾਲ ਸਬੰਧਤ ਕਈ ਮੁੱਦਿਆਂ, ਖਾਸ ਕਰਕੇ ਕੋਲੇ ਦੀ ਸਪਲਾਈ ਤੇ ਬਿਜਲੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਅਸੀਂ ਕੇਂਦਰ ਨੂੰ ਜਾਣੂ ਕਰਵਾਇਆ ਕਿ ਪੰਜਾਬ, ਦੇਸ਼ ਦੇ ਅੰਨ ਭੰਡਾਰ ’ਚ 180 ਲੱਖ ਮੀਟ੍ਰਿਕ ਟਨ ਚੌਲ ਦਾ ਯੋਗਦਾਨ ਪਾਉਂਦਾ ਹੈ ਤੇ ਇਸ ਯੋਗਦਾਨ ਨੂੰ ਕਾਇਮ ਰੱਖਣ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਛਵਾੜਾ ਕੋਲਾ ਖਾਣਾਂ ਤੋਂ ਕੋਲੇ ਦੀ ਸਪਲਾਈ ਨੂੰ ਲੈ ਕੇ ਕੋਲ ਇੰਡੀਆ ਤੇ ਝਾਰਖੰਡ ਸਰਕਾਰ ਨਾਲ ਲਗਾਤਾਰ ਰਾਬਤਾ ਬਣਾ ਕੇ ਚੱਲ ਰਹੇ ਹਾਂ। ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕੋਲੇ ਦੀ ਸਪਲਾਈ ’ਚ ਕੋਈ ਅੜਚਣ ਨਾ ਆਵੇ ਤਾਂ ਜੋ ਪੰਜਾਬ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਉਤਪਾਦਨ ਜਾਰੀ ਰੱਖ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਕੇਂਦਰੀ ਮੰਤਰੀ ਨੇ ਸਾਡੀਆਂ ਲਗਭਗ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਹਨ ਤੇ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਅਸੀਂ ਵੀ ਆਪਣੀ ਵਚਨਬੱਧਤਾ ਦੁਹਰਾਈ ਹੈ ਕਿ ਪੰਜਾਬ, ਦੇਸ਼ ਦੇ ਅੰਨ ਭੰਡਾਰ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਜਾਰੀ ਰੱਖੇਗਾ।
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਕੌਮੀ ਪੱਧਰ 'ਤੇ ਲਾਗੂ ਕੀਤੀਆਂ ਜਾ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਵੱਖ-ਵੱਖ ਮੁੱਦੇ ਵੀ ਉਠਾਏ। ਕੇਂਦਰੀ ਮੰਤਰੀ ਨੂੰ ਪੰਜਾਬ ’ਚ ਰਣਜੀਤ ਸਾਗਰ ਤੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟਾਂ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਇੱਕ ਵਾਰ ਡੈਮ ਬਣ ਜਾਣ ਤੋਂ ਬਾਅਦ ਸੂਬੇ ਨੂੰ ਵਾਤਾਵਰਣ ਸਬੰਧੀ ਅਥਾਰਟੀਆਂ ਜਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਤੋਂ ਵਾਰ-ਵਾਰ ਨੋਟਿਸਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਾਨੂੰ ਚੱਲ ਰਹੇ ਪ੍ਰੋਜੈਕਟ ਸਬੰਧੀ ਲਗਭਗ ਹਰ ਸਾਲ ਇੱਕ ਜਾਂ ਦੋ ਨੋਟਿਸ ਮਿਲਦੇ ਰਹਿੰਦੇ ਹਨ ਜਿਸ ਨਾਲ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪਣ-ਬਿਜਲੀ ਉਤਪਾਦਨ ’ਚ ਪੰਜਾਬ ਦਾ ਯੋਗਦਾਨ ਲਗਭਗ 40 ਫ਼ੀਸਦ ਹੈ। ਅਸੀਂ ਕੇਂਦਰੀ ਬਿਜਲੀ ਮੰਤਰੀ ਨਾਲ ਇਨ੍ਹਾਂ ਮੁੱਦਿਆਂ ’ਤੇ ਚਰਚਾ ਕੀਤੀ ਹੈ ਕਿਉਂਕਿ ਸਾਡੇ ਪਣ-ਬਿਜਲੀ ਪ੍ਰੋਜੈਕਟਾਂ ਦਾ ਸੁਚਾਰੂ ਢੰਗ ਨਾਲ ਚੱਲਣਾ ਤੇ ਮੁਕੰਮਲ ਹੋਣਾ ਸੂਬੇ ਦੇ ਨਾਲ-ਨਾਲ ਦੇਸ਼ ਲਈ ਵੀ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
‘ਪਿਛਲੀ ਸਰਕਾਰਾਂ ਨੇ ਕਮਜ਼ੋਰ ਕਰ ਦਿੱਤੇ ਸਨ ਬਰਗਾੜੀ ਤੇ ਬਹਿਬਲ ਕਲਾਂ ਕੇਸ’
ਬਰਗਾੜੀ ਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ’ਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਇਹ ਘਟਨਾਵਾਂ ਵਾਪਰੀਆਂ ਸਨ, ਉਦੋਂ ਪਿਛਲੀਆਂ ਸਰਕਾਰਾਂ ਸੱਤਾ ’ਚ ਸਨ। ਇਸ ਤੋਂ ਬਾਅਦ ਆਈ ਕਾਂਗਰਸ ਸਰਕਾਰ ਨੇ ਵੀ ਇਨ੍ਹਾਂ ਕੇਸਾਂ ਨੂੰ ਇੰਨਾ ਕਮਜ਼ੋਰ ਕਰ ਦਿੱਤਾ ਸੀ ਕਿ ਹੁਣ ਸਾਨੂੰ ਇਨ੍ਹਾਂ ਨੂੰ ਮੁੜ ਤੋਂ ਤਿਆਰ ਕਰਨਾ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ’ਚ, ਅਸੀਂ ਨਵੇਂ ਗਵਾਹਾਂ ਨੂੰ ਸ਼ਾਮਲ ਕਰਕੇ ਤੇ ਇੱਕ ਨਵੀਂ ਪਹੁੰਚ ਅਪਣਾਉਂਦੇ ਹੋਏ ਅਦਾਲਤ ’ਚ ਚਲਾਨ ਪੇਸ਼ ਕਰਾਂਗੇ, ਤਾਂ ਜੋ ਇਨ੍ਹਾਂ ਕੇਸਾਂ ਨੂੰ ਮਜ਼ਬੂਤ ਕੀਤਾ ਜਾ ਸਕੇ।
‘ਮਾਨਸੇ ਦੀ ਘਟਨਾ ’ਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ’
ਮਾਨਸਾ ’ਚ ਵਾਪਰੀ ਦੁਖਦਾਈ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਤੇ ਇਸ ਲਈ ਜ਼ਿੰਮੇਵਾਰ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਘਟਨਾ ਦੀ ਸਾਜ਼ਿਸ਼ ਰਚਣ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਿਰੋਧੀ ਪਾਰਟੀਆਂ ਲਾਸ਼ਾਂ ’ਤੇ ਸਿਆਸਤ ਕਰ ਰਹੀਆਂ ਹਨ ਤੇ ਇਸ ਦੁਖਾਂਤ ਦੀ ਵਰਤੋਂ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਲਈ ਕਰ ਰਹੀਆਂ ਹਨ। ਸਾਡੀ ਪਹਿਲ ਇਹ ਯਕੀਨੀ ਬਣਾਉਣਾ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਿਆ ਜਾਵੇ।