- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਪੰਜਾਬ ਵਿੱਚ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ ਹੈ। ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਗਠਜੋੜ ਦਾ ਐਲਾਨ ਕੀਤਾ ਹੈ। ਇਸ ਗਠਜੋੜ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ - ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਪੰਜਾਬ ਵਿੱਚ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ ਹੈ। ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਗਠਜੋੜ ਦਾ ਐਲਾਨ ਕੀਤਾ ਹੈ। ਇਸ ਗਠਜੋੜ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਕਰਦਿਆਂ ਲਿਖਿਆ, "ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨੂੰ ਸਭ ਤੋਂ ਉੱਪਰ ਰੱਖਣਾ! ਮੈਨੂੰ ਬਹੁਤ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ਵਿੱਚ ਵਾਪਸ ਆ ਰਿਹਾ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ।"
ਉਨ੍ਹਾਂ ਅੱਗੇ ਲਿਖਿਆ, "ਸਾਡਾ ਗਠਜੋੜ ਇੱਕ ਸੁਭਾਵਿਕ ਗਠਜੋੜ ਹੈ, ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਨੂੰ ਲੋਕ-ਹਿੱਤੈਸ਼ੀ ਸ਼ਾਸਨ ਮਿਲੇ, ਜੋ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵੇ। ਅਟਲ ਜੀ, ਅਡਵਾਨੀ ਜੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗਠਜੋੜ ਸਮੇਂ ਦੀ ਕਸੌਟੀ ’ਤੇ ਖਰਾ ਉਤਰਿਆ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡਾ ਗਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੇਗਾ।"
ਨਵੀਂ ਦਿੱਲੀ ਵਿੱਚ ਭਾਜਪਾ ਦੇ ਪ੍ਰਧਾਨ ਨਿਤਿਨ ਨਬੀਨ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਸੁਖਬੀਰ ਸਿੰਘ ਬਾਦਲ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਸ ਗਠਜੋੜ ਦਾ ਐਲਾਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਗਠਜੋੜ ਦਾ ਮੁੱਖ ਮੰਤਰੀ ਚਿਹਰਾ ਅਕਾਲੀ ਦਲ ਵੱਲੋਂ ਹੋਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਗਠਜੋੜ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਵਿੱਚ ਰਹੇਗਾ ਅਤੇ ਵੱਡੇ ਭਰਾ ਦੀ ਪਾਰਟੀ ਦਾ ਹੀ ਮੁੱਖ ਮੰਤਰੀ ਬਣੇਗਾ। ਦੋਵੇਂ ਪਾਰਟੀਆਂ ਮਿਲ ਕੇ ਸਾਰੀਆਂ 117 ਸੀਟਾਂ ’ਤੇ ਚੋਣ ਲੜਨਗੀਆਂ। ਉਨ੍ਹਾਂ ਕਿਹਾ ਕਿ ਅੱਜ NDA ਦਾ ਪੁਰਾਣਾ ਸਾਥੀ ਵਾਪਸ ਆ ਗਿਆ ਹੈ।
ਦੱਸ ਦੇਈਏ ਕਿ ਨਵੰਬਰ 2020 ਵਿੱਚ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ 24 ਸਾਲ ਪੁਰਾਣਾ ਗਠਜੋੜ ਟੁੱਟ ਗਿਆ ਸੀ। ਇਸ ਤਰ੍ਹਾਂ ਹੁਣ ਦੋਵੇਂ ਪਾਰਟੀਆਂ 6 ਸਾਲ ਬਾਅਦ ਮੁੜ ਇਕੱਠੀਆਂ ਹੋਈਆਂ ਹਨ।