ਸਿਆਸਤ 'ਚ ਤੂਫ਼ਾਨ : ਰਾਹੁਲ ਗਾਂਧੀ ਤੇ ਕੇਜਰੀਵਾਲ 'ਚ ਛਿੜਿਆ ਕਾਟੋ ਕਲੇਸ਼, ਠੋਕਵਾਂ ਜਵਾਬ ਦਿੰਦਿਆਂ ਕਿਹਾ- ਲਾਸ਼ਾਂ ’ਤੇ ਸਿਆਸਤ ਕਰਨੀ ਬੰਦ ਕਰੋ
ਪੰਜਾਬ 'ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਿਚਾਲੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਰਾਹੁਲ ਗਾਂਧੀ ਦੇ ਦੋਸ਼ਾਂ ਅਤੇ ਸੋਸ਼ਲ ਮੀਡੀਆ ’ਤੇ ਕੀਤੀ ਪੋਸਟ ਤੋਂ ਬਾਅਦ ਕੇਜਰੀਵਾਲ ਨੇ ਪਲਟਵਾਰ ਕਰਦਿਆਂ ਕਾਂਗਰਸ ’ਤੇ ਪੰਜਾਬ 'ਚ ਨਸ਼ਿਆਂ ਨੂੰ ਵਧਾਵਾ ਦੇਣ ਦਾ ਦੋਸ਼ ਲਗਾਇਆ ਹੈ।
Publish Date: Wed, 09 Sep 2026 03:40 PM (IST)
Updated Date: Wed, 09 Sep 2026 03:42 PM (IST)
ਡਿਜੀਟਲ ਡੈਸਕ, ਚੰਡੀਗੜ੍ਹ - ਪੰਜਾਬ 'ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਿਚਾਲੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਰਾਹੁਲ ਗਾਂਧੀ ਦੇ ਦੋਸ਼ਾਂ ਅਤੇ ਸੋਸ਼ਲ ਮੀਡੀਆ ’ਤੇ ਕੀਤੀ ਪੋਸਟ ਤੋਂ ਬਾਅਦ ਕੇਜਰੀਵਾਲ ਨੇ ਪਲਟਵਾਰ ਕਰਦਿਆਂ ਕਾਂਗਰਸ ’ਤੇ ਪੰਜਾਬ 'ਚ ਨਸ਼ਿਆਂ ਨੂੰ ਵਧਾਵਾ ਦੇਣ ਦਾ ਦੋਸ਼ ਲਗਾਇਆ ਹੈ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਜੰਗ ਲੜ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀ ਵਾਰ ਦੇਸ਼ 'ਚ ਕੋਈ ਸੂਬਾ ਨਸ਼ਿਆਂ ਖ਼ਿਲਾਫ਼ ਇਸ ਤਰ੍ਹਾਂ ਦੀ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਫੈਲੀ ਅਤੇ ਹੁਣ ਉਨ੍ਹਾਂ ਦੀ ਸਰਕਾਰ ਇਸ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕੇਜਰੀਵਾਲ ਨੇ ਕਿਹਾ, “ਪੰਜਾਬ 'ਚ ਨਸ਼ਾ ਕੌਣ ਲੈ ਕੇ ਆਇਆ? ਤੁਹਾਡੀ ਕਾਂਗਰਸ ਸਰਕਾਰ ਲੈ ਕੇ ਆਈ। ਅਕਾਲੀ ਦਲ ਅਤੇ ਭਾਜਪਾ ਦੀਆਂ ਸਰਕਾਰਾਂ ਲੈ ਕੇ ਆਈਆਂ। ਪਹਿਲੀ ਵਾਰ ਪੂਰੇ ਦੇਸ਼ 'ਚ ਕੋਈ ਸੂਬਾ ਨਸ਼ਿਆਂ ਖ਼ਿਲਾਫ਼ ਇਸ ਤਰ੍ਹਾਂ ਜੰਗ ਛੇੜ ਰਿਹਾ ਹੈ। ਅੱਜ ਪੰਜਾਬ ਸਰਕਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਫੈਲਾਏ ਗਏ ਨਸ਼ਿਆਂ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੈਨੂੰ ਬਹੁਤ ਦੁੱਖ ਹੈ ਕਿ ਤੁਹਾਡੇ ਵਰਗਾ ਆਗੂ ਲਾਸ਼ਾਂ ’ਤੇ ਗੰਦੀ ਸਿਆਸਤ ਕਰ ਰਿਹਾ ਹੈ।”
ਗੁਲਜ਼ਾਰ ਸਿੰਘ ਦੀ ਮੌਤ ’ਤੇ ਸਿਆਸਤ ਨਾ ਕਰੋ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਰਾਹੁਲ ਗਾਂਧੀ ਵੱਲੋਂ ਲਗਾਏ ਗਏ ਦੋਸ਼ਾਂ ’ਤੇ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਰਾਹੁਲ ਗਾਂਧੀ ਵਰਗੇ ਆਗੂ ਇੱਕ ਵਿਅਕਤੀ ਦੀ ਮੌਤ ’ਤੇ ਸਿਆਸਤ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿਅਕਤੀ ਦੀ ਮੌਤ ’ਤੇ ਸਿਆਸਤ ਕਰਨ ਲਈ ਜਦੋਂ ਕੱਲ੍ਹ ਤੁਹਾਡੇ ਵਿਧਾਇਕ ਵੀ ਉਸ ਪਿੰਡ 'ਚ ਗਏ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਉਥੋਂ ਕੱਢ ਦਿੱਤਾ।
ਕੇਜਰੀਵਾਲ ਨੇ ਆਪਣੇ ਪੇਜ ’ਤੇ ਇੱਕ ਵੀਡੀਓ ਵੀ ਸਾਂਝੀ ਕੀਤੀ। ਉਨ੍ਹਾਂ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਵੀ ਇੱਕ ਵਾਰ ਇਸ ਪਿੰਡ ਦਾ ਦੌਰਾ ਕਰਕੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਿਸੇ ਮੰਤਰੀ ਜਾਂ ਕਿਸੇ ਵਿਧਾਇਕ ਦਾ ਇਸ ਵਿਅਕਤੀ ਦੀ ਮੌਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਇਸ ਤਰ੍ਹਾਂ ਦੀ ਗੰਦੀ ਸਿਆਸਤ ਨਾ ਕੀਤੀ ਜਾਵੇ।
ਗੁਲਜ਼ਾਰ ਸਿੰਘ ਦੀ ਮੌਤ ’ਤੇ ਸਿਆਸਤ ਤੇਜ਼ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਚ ਸਰਕਾਰੀ ਨਾਕਾਮੀਆਂ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਧਮਕੀਆਂ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਕੋਲ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਸਵਾਲ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ’ਤੇ ਮੁਆਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ ਅਤੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਗਿਆ।
ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਨੇ ਜ਼ਹਿਰ ਖਾ ਲਿਆ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਵਿੱਤ ਮੰਤਰੀ ਦਾ ਅਸਤੀਫ਼ਾ ਲੈਣ ਅਤੇ ਮਾਮਲੇ ਦੀ ਸੁਤੰਤਰ ਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਹੁਣ ਕੇਜਰੀਵਾਲ ਦੇ ਜਵਾਬ ਤੋਂ ਬਾਅਦ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਹੋਰ ਵੀ ਗਰਮਾ ਗਈ ਹੈ।