ਨਵੀਂ ਦਿੱਲੀ, ਆਨਲਾਈਨ ਡੈਸਕ। ਗੁਜਰਾਤ ਦੀ ਸੂਰਤ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਚਾਰ ਸਾਲ ਪੁਰਾਣੇ ਮਾਣਹਾਨੀ ਦੇ ਕੇਸ ਵਿੱਚ ਸਜ਼ਾ ਸੁਣਾਈ ਹੈ। ਸੂਰਤ ਦੀ ਅਦਾਲਤ ਨੇ ਰਾਹੁਲ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਸ ਨੂੰ ਅਦਾਲਤ ਤੋਂ ਜ਼ਮਾਨਤ ਵੀ ਮਿਲ ਗਈ ਹੈ। ਅਦਾਲਤ ਨੇ ਰਾਹੁਲ ਨੂੰ ਆਈਪੀਸੀ ਦੀ ਧਾਰਾ 499 ਅਤੇ 500 ਤਹਿਤ ਦੋਸ਼ੀ ਠਹਿਰਾਇਆ। ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਲਟਕ ਗਈ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਰਾਹੁਲ ਗਾਂਧੀ ਕੋਲ ਹੁਣ ਕੀ-ਕੀ ਆਪਸ਼ਨਾਂ ਹਨ, ਪਰ ਇਸ ਤੋਂ ਪਹਿਲਾਂ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਆਖਰ ਇਹ ਪੂਰਾ ਮਾਮਲਾ ਹੈ ਕੀ?

ਕੀ ਹੈ ਮਾਮਲਾ?

ਇਹ ਮਾਮਲਾ ਮੋਦੀ ਸਰਨੇਮ 'ਤੇ ਕੀਤੀ ਗਈ ਵਿਵਾਦਤ ਟਿੱਪਣੀ ਨਾਲ ਜੁੜਿਆ ਹੋਇਆ ਹੈ। ਦਰਅਸਲ, 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਰਨਾਟਕ ਦੇ ਕੋਲਾਰ ਵਿੱਚ ਇੱਕ ਰੈਲੀ ਦੌਰਾਨ ਕਿਹਾ ਸੀ, "ਨੀਰਵ ਮੋਦੀ, ਲਲਿਤ ਮੋਦੀ, ਨਰਿੰਦਰ ਮੋਦੀ ਦਾ ਸਰਨੇਮ ਇੱਕ ਹੀ ਕਿਉਂ ਹੈ? ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ?" ਰਾਹੁਲ ਦੀ ਇਸ ਟਿੱਪਣੀ ਨੂੰ ਲੈ ਕੇ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਸ਼ਿਕਾਇਤ ਦਰਜ ਕਰਵਾਈ ਹੈ। ਰਾਹੁਲ ਖਿਲਾਫ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਭਾਜਪਾ ਆਗੂ ਨੇ ਕਿਹਾ ਕਿ ਇਸ ਟਿੱਪਣੀ ਨਾਲ ਰਾਹੁਲ ਗਾਂਧੀ ਨੇ ਪੂਰੇ ਮੋਦੀ ਭਾਈਚਾਰੇ ਨੂੰ ਬਦਨਾਮ ਕੀਤਾ ਹੈ।

ਕੀ ਰਾਹੁਲ ਗਾਂਧੀ ਗੁਆਉਣਗੇ ਲੋਕ ਸਭਾ ਮੈਂਬਰੀ?

ਜੇਕਰ ਰਾਹੁਲ ਗਾਂਧੀ ਨੂੰ ਦੋ ਸਾਲ ਤੋਂ ਵੱਧ ਦੀ ਸਜ਼ਾ ਹੋਈ ਤਾਂ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਖਤਰੇ ਵਿੱਚ ਪੈ ਸਕਦੀ ਹੈ। ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੂੰ ਅਦਾਲਤ ਨੇ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਜਿਹੇ 'ਚ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਬਰਕਰਾਰ ਰਹੇਗੀ। ਸੁਪਰੀਮ ਕੋਰਟ ਦੇ ਇੱਕ ਫੈਸਲੇ ਅਨੁਸਾਰ ਜੇਕਰ ਵਿਧਾਇਕਾਂ ਜਾਂ ਸੰਸਦ ਮੈਂਬਰਾਂ ਨੂੰ ਕਿਸੇ ਵੀ ਮਾਮਲੇ ਵਿੱਚ ਦੋ ਸਾਲ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਨ੍ਹਾਂ ਦੀ ਸੰਸਦ ਜਾਂ ਵਿਧਾਨ ਸਭਾ ਦੀ ਮੈਂਬਰਸ਼ਿਪ ਖੋਹ ਲਈ ਜਾਵੇਗੀ।

ਰਾਹੁਲ ਗਾਂਧੀ ਕੋਲ ਕਿਹੜੇ ਵਿਕਲਪ ਹਨ?

ਰਾਹੁਲ ਗਾਂਧੀ ਨੂੰ ਜ਼ਮਾਨਤ ਦਿੰਦੇ ਹੋਏ ਸੂਰਤ ਦੀ ਅਦਾਲਤ ਨੇ 30 ਦਿਨਾਂ ਲਈ ਸਜ਼ਾ ਮੁਅੱਤਲ ਕਰ ਦਿੱਤੀ ਹੈ। ਯਾਨੀ ਉਨ੍ਹਾਂ ਨੂੰ ਉੱਚ ਅਦਾਲਤ ਵਿੱਚ ਅਰਜ਼ੀ ਦਾਇਰ ਕਰਨ ਲਈ ਅਦਾਲਤ ਤੋਂ ਸਮਾਂ ਮਿਲਿਆ ਹੈ। ਰਾਹੁਲ ਸਜ਼ਾ ਵਿਰੁੱਧ ਅਪੀਲ ਕਰ ਸਕਦੇ ਹਨ। ਹਾਲਾਂਕਿ ਉਨ੍ਹਾਂ ਨੂੰ 30 ਦਿਨਾਂ ਦੇ ਅੰਦਰ ਅਦਾਲਤ 'ਚ ਪਟੀਸ਼ਨ ਦਾਇਰ ਕਰਨੀ ਹੋਵੇਗੀ।

Posted By: Tejinder Thind