- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਨੇ ਕਿਹਾ ਕਿ ਰਾਜੋਆਣਾ ਨੂੰ ਨਾ ਤਾਂ ਸੰਵਿਧਾਨ ’ਚ ਵਿਸ਼ਵਾਸ ਹੈ ਅਤੇ ਨਾ ਹੀ ਅਦਾਲਤਾਂ ’ਚ। ਰਾਜੋਆਣਾ ਲਗਪਗ 30 ਸਾਲਾਂ ਤੋਂ ਜੇਲ੍ਹ ’ਚ ਬੰਦ ਹੈ, ਜਿਨ੍ਹਾਂ ’ਚੋਂ 15 ਸਾਲ ਤੋਂ ਵੱਧ ਸਮਾਂ ਉਹ ਮੌਤ ਦੀ ਸਜ਼ਾ ਪ੍ਰਾਪਤ ਕੈਦੀ ਵਜੋਂ ਗੁਜ਼ਾਰ ਚੁੱਕਾ ਹੈ। ਉਸ ਨੇ ਆਪਣੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਕਰਨ ’ਚ ਹੋ ਰਹੀ ਦੇਰੀ ਦੇ ਆਧਾਰ ’ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ (ਪੀਟੀਆਈ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਸੁਪਰੀਮ ਕੋਰਟ ’ਚ ਦਾਖ਼ਲ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ਦਾ ਕੇਂਦਰ ਸਰਕਾਰ ਨੇ ਵਿਰੋਧ ਕੀਤਾ ਹੈ। ਕੇਂਦਰ ਨੇ ਕਿਹਾ ਕਿ ਰਾਜੋਆਣਾ ਨੂੰ ਨਾ ਤਾਂ ਸੰਵਿਧਾਨ ’ਚ ਵਿਸ਼ਵਾਸ ਹੈ ਅਤੇ ਨਾ ਹੀ ਅਦਾਲਤਾਂ ’ਚ। ਰਾਜੋਆਣਾ ਲਗਪਗ 30 ਸਾਲਾਂ ਤੋਂ ਜੇਲ੍ਹ ’ਚ ਬੰਦ ਹੈ, ਜਿਨ੍ਹਾਂ ’ਚੋਂ 15 ਸਾਲ ਤੋਂ ਵੱਧ ਸਮਾਂ ਉਹ ਮੌਤ ਦੀ ਸਜ਼ਾ ਪ੍ਰਾਪਤ ਕੈਦੀ ਵਜੋਂ ਗੁਜ਼ਾਰ ਚੁੱਕਾ ਹੈ। ਉਸ ਨੇ ਆਪਣੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਕਰਨ ’ਚ ਹੋ ਰਹੀ ਦੇਰੀ ਦੇ ਆਧਾਰ ’ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕੀਤੀ ਹੈ। ਪਟੀਸ਼ਨ ’ਤੇ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਤੇ ਸਬੰਧਤ ਧਿਰਾਂ ਨੂੰ ਤਿੰਨ ਹਫ਼ਤਿਆਂ ਅੰਦਰ ਲਿਖਤੀ ਦਲੀਲਾਂ ਦਾਖ਼ਲ ਕਰਨ ਲਈ ਕਿਹਾ।
ਸੁਣਵਾਈ ਦੌਰਾਨ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ (ਏਐੱਸਜੀ) ਕੇਐੱਮ ਨਟਰਾਜ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਰਾਜੋਆਣਾ ਨੇ ਖ਼ੁਦ ਕਿਹਾ ਹੈ ਕਿ ਉਸ ਨੂੰ ਸੰਵਿਧਾਨ ’ਚ ਵਿਸ਼ਵਾਸ ਨਹੀਂ ਤੇ ਨਾ ਹੀ ਅਦਾਲਤਾਂ ’ਤੇ ਭਰੋਸਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਇਹ ਬਿਆਨ ਮੁਕੱਦਮੇ ਦੀ ਸੁਣਵਾਈ ਕਰਨ ਵਾਲੀ ਅਦਾਲਤ ਦੇ ਫ਼ੈਸਲੇ ’ਚ ਦਰਜ ਹਨ। ਉਨ੍ਹਾਂ ਦਲੀਲ ਦਿੱਤੀ ਕਿ ਰਾਜੋਆਣਾ ਨੇ ਹਾਈ ਕੋਰਟ ’ਚ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਮੌਤ ਦੀ ਸਜ਼ਾ ਵਿਰੁੱਧ ਕਦੇ ਅਪੀਲ ਦਾਖ਼ਲ ਨਹੀਂ ਕੀਤੀ ਤੇ ਨਾ ਹੀ ਉਸ ਨੇ ਖ਼ੁਦ ਕੋਈ ਰਹਿਮ ਦੀ ਅਪੀਲ ਜਾਂ ਮੌਤ ਦੀ ਸਜ਼ਾ ਵਿਰੁੱਧ ਹਵਾਲਾ ਪਟੀਸ਼ਨ ਦਾਖ਼ਲ ਕੀਤੀ ਹੈ।
ਏਐੱਸਜੀ ਨੇ ਰਾਜਪਾਲਾਂ ਤੇ ਰਾਸ਼ਟਰਪਤੀ ਦੀਆਂ ਸੂਬਾਈ ਬਿੱਲਾਂ ਸਬੰਧੀ ਸ਼ਕਤੀਆਂ ਬਾਰੇ 2025 ਦੇ ਸੰਵਿਧਾਨਕ ਬੈਂਚ ਦੀ ਰਾਏ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 142 ਤਹਿਤ ਰਾਹਤ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਇਸ ਧਾਰਾ ਦੀ ਵਰਤੋਂ ਧਾਰਾ 72 ਤੇ 161 ਤਹਿਤ ਮਾਫ਼ੀ ਜਾਂ ਸਜ਼ਾ ਘਟਾਉਣ ਦੀਆਂ ਸੰਵਿਧਾਨਕ ਸ਼ਕਤੀਆਂ ਦੇ ਬਦਲ ਵਜੋਂ ਨਹੀਂ ਕੀਤੀ ਜਾ ਸਕਦੀ।
ਦੂਜੇ ਪਾਸੇ ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਪੰਜਾਬ ਦੇ ਉਸ ਸਮੇਂ ਦੇ ਹਾਲਾਤ ਕਾਰਨ ਕਿਸੇ ਸਮੇਂ ‘ਗੁਮਰਾਹ’ ਹੋਏ ਇਸ ਵਿਅਕਤੀ ਨੇ ਲਗਪਗ 30 ਸਾਲ ਜੇਲ੍ਹ ’ਚ ਬਿਤਾ ਦਿੱਤੇ ਹਨ। ਉਸ ਨੂੰ ਮੌਤ ਦੀ ਸਜ਼ਾ ਦੀ ਤਲਵਾਰ ਹੇਠ ਹੋਰ ਲੰਬੇ ਸਮੇਂ ਤੱਕ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਿਆ ਜਾਵੇ ਅਤੇ ਉਸ ਨੂੰ ਸਜ਼ਾ ’ਚ ਛੋਟ ਦਾ ਲਾਭ ਵੀ ਦਿੱਤਾ ਜਾਵੇ। ਰੋਹਤਗੀ ਨੇ ਮੰਨਿਆ ਕਿ ਰਾਜੋਆਣਾ ਨੇ ਨਾ ਤਾਂ ਖ਼ੁਦ ਕੋਈ ਰਹਿਮ ਦੀ ਅਪੀਲ ਦਾਖ਼ਲ ਕੀਤੀ ਹੈ ਤੇ ਨਾ ਹੀ ਹਾਈ ਕੋਰਟ ’ਚ ਮੌਤ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਹੋਰ ਸਹਿ-ਦੋਸ਼ੀਆਂ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਮੌਤ ਦੀ ਸਜ਼ਾ ਵੀ ਹਾਈ ਕੋਰਟ ਨੇ ਉਮਰ ਕੈਦ ’ਚ ਬਦਲ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਮਾਰਚ 2012 ’ਚ ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ।
ਉਨ੍ਹਾਂ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਨੇ ਮਈ 2023 ਦੇ ਆਪਣੇ ਫ਼ੈਸਲੇ ’ਚ ਉਸ ਸਮੇਂ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਤੋਂ ਇਨਕਾਰ ਕਰਦਿਆਂ ਸਮਰੱਥ ਅਥਾਰਟੀ ਨੂੰ ਰਹਿਮ ਦੀ ਅਪੀਲ ’ਤੇ ਢੁੱਕਵੇਂ ਸਮੇਂ ’ਤੇ ਵਿਚਾਰ ਕਰਨ ਦੀ ਛੋਟ ਦਿੱਤੀ ਸੀ। ਰੋਹਤਗੀ ਨੇ ਕਿਹਾ ਕਿ ਉਸ ਫ਼ੈਸਲੇ ਤੋਂ ਬਾਅਦ ਲਗਪਗ ਸਾਢੇ ਤਿੰਨ ਸਾਲ ਬੀਤ ਚੁੱਕੇ ਹਨ, ਪਰ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ।
ਬੈਂਚ ਨੇ ਕਿਹਾ ਕਿ ਜੇਕਰ ਤੱਥਾਂ ਬਾਰੇ ਕੋਈ ਵਿਵਾਦ ਨਹੀਂ ਹੈ ਤਾਂ ਉਹ ਆਪਣਾ ਫ਼ੈਸਲਾ ਰਾਖਵਾਂ ਰੱਖ ਰਿਹਾ ਹੈ ਤੇ ਸਬੰਧਤ ਧਿਰਾਂ ਤਿੰਨ ਹਫ਼ਤਿਆਂ ਅੰਦਰ ਆਪਣੀਆਂ ਲਿਖਤੀ ਦਲੀਲਾਂ ਪੇਸ਼ ਕਰ ਸਕਦੀਆਂ ਹਨ।
ਜ਼ਿਕਰਯੋਗ ਹੈ ਕਿ 28 ਅਕਤੂਬਰ ਨੂੰ ਵੀ ਕੇਂਦਰ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਬਦਲਣ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਉਸ ਨੂੰ ਅਜਿਹੀ ਰਾਹਤ ਨਹੀਂ ਦਿੱਤੀ ਜਾ ਸਕਦੀ। ਸਤੰਬਰ 2024 ’ਚ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗੇ ਸਨ।
31 ਅਗਸਤ 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ ’ਤੇ ਹੋਏ ਧਮਾਕੇ ’ਚ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ ਮਾਰੇ ਗਏ ਸਨ। ਜੁਲਾਈ 2007 ’ਚ ਵਿਸ਼ੇਸ਼ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੇ ਆਪਣੀ ਪਟੀਸ਼ਨ ’ਚ ਰਿਹਾਈ ਦੇ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਸੀ।
3 ਮਈ 2023 ਨੂੰ ਸੁਪਰੀਮ ਕੋਰਟ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਮਰੱਥ ਅਥਾਰਟੀ ਉਸ ਦੀ ਰਹਿਮ ਦੀ ਅਪੀਲ ’ਤੇ ਵਿਚਾਰ ਕਰ ਸਕਦੀ ਹੈ।
2024 ’ਚ ਦਾਇਰ ਆਪਣੀ ਨਵੀਂ ਪਟੀਸ਼ਨ ’ਚ ਰਾਜੋਆਣਾ ਨੇ ਦੱਸਿਆ ਸੀ ਕਿ ਉਹ 28.8 ਸਾਲ ਜੇਲ੍ਹ ’ਚ ਬਿਤਾ ਚੁੱਕਾ ਹੈ, ਜਿਨ੍ਹਾਂ ’ਚੋਂ 15 ਸਾਲ ਤੋਂ ਵੱਧ ਸਮਾਂ ਉਸ ਨੇ ਮੌਤ ਦੀ ਸਜ਼ਾ ਪ੍ਰਾਪਤ ਕੈਦੀ ਵਜੋਂ ਗੁਜ਼ਾਰਿਆ ਹੈ। ਉਸ ਨੇ ਕਿਹਾ ਸੀ ਕਿ ਐੱਸਜੀਪੀਸੀ ਨੇ ਮਾਰਚ 2012 ’ਚ ਸੰਵਿਧਾਨ ਦੀ ਧਾਰਾ 72 ਤਹਿਤ ਉਸ ਦੀ ਤਰਫ਼ੋਂ ਰਹਿਮ ਦੀ ਅਪੀਲ ਦਾਇਰ ਕਰਕੇ ਮਾਫ਼ੀ ਦੀ ਮੰਗ ਕੀਤੀ ਸੀ।
ਪਟੀਸ਼ਨ ’ਚ ਦਲੀਲ ਦਿੱਤੀ ਗਈ ਸੀ ਕਿ ਸੁਪਰੀਮ ਕੋਰਟ ਵੱਲੋਂ ਸਮਰੱਥ ਅਥਾਰਟੀ ਨੂੰ ਰਹਿਮ ਦੀ ਅਪੀਲ ’ਤੇ ਵਿਚਾਰ ਕਰਕੇ ਅਗਲਾ ਫ਼ੈਸਲਾ ਲੈਣ ਦਾ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਵੀ ਇਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਇਸ ’ਚ ਸੁਪਰੀਮ ਕੋਰਟ ਦੇ ਅਪ੍ਰੈਲ 2023 ਦੇ ਇਕ ਹੋਰ ਮਾਮਲੇ ਦੇ ਹੁਕਮ ਦਾ ਵੀ ਹਵਾਲਾ ਦਿੱਤਾ ਗਿਆ ਸੀ, ਜਿਸ ’ਚ ਸਾਰੇ ਸੂਬਿਆਂ ਅਤੇ ਸਬੰਧਤ ਅਥਾਰਟੀਆਂ ਨੂੰ ਲੰਬਿਤ ਰਹਿਮ ਦੀਆਂ ਅਪੀਲਾਂ ’ਤੇ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਜਲਦੀ ਫ਼ੈਸਲਾ ਕਰਨ ਲਈ ਕਿਹਾ ਗਿਆ ਸੀ।