ਤਿਹਾੜ ਜੇਲ੍ਹ 'ਚ ਵਿਗੜੀ ਸੀ ਸੱਜਣ ਕੁਮਾਰ ਦੀ ਸਿਹਤ, ਸਫਦਰਜੰਗ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੋ ਗਈ ਮੌਤ; 1 ਮਾਮਲੇ 'ਚ ਹੋਇਆ ਸੀ ਬਰੀ ਤੇ 2 'ਚ ਸੀ ਦੋਸ਼ੀ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ 'ਚ ਸਜ਼ਾਯਾਫਤਾ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਵੀਰਵਾਰ ਨੂੰ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਤਿਹਾੜ ਜੇਲ੍ਹ 'ਚ ਬੰਦ ਸੱਜਣ ਕੁਮਾਰ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਸਫਦਰਜੰਗ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Publish Date: Thu, 20 Aug 2026 02:00 PM (IST)
Updated Date: Thu, 20 Aug 2026 02:01 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ 'ਚ ਸਜ਼ਾਯਾਫਤਾ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਵੀਰਵਾਰ ਨੂੰ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਤਿਹਾੜ ਜੇਲ੍ਹ 'ਚ ਬੰਦ ਸੱਜਣ ਕੁਮਾਰ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਸਫਦਰਜੰਗ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
PM ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਸਿੱਖ ਵਿਰੋਧੀ ਦੰਗਿਆਂ ਦੇ ਸਭ ਤੋਂ ਚਰਚਿਤ ਮਾਮਲਿਆਂ ਨਾਲ ਜੁੜਿਆ ਰਿਹਾ ਨਾਮ
ਸੱਜਣ ਕੁਮਾਰ ਦਾ ਨਾਮ 1984 'ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ 'ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਸਭ ਤੋਂ ਚਰਚਿਤ ਮਾਮਲਿਆਂ ਨਾਲ ਜੁੜਿਆ ਰਿਹਾ। ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ ਦਸੰਬਰ 2018 'ਚ ਉਸ ਨੂੰ ਪੰਜ ਸਿੱਖਾਂ ਦੀ ਹੱਤਿਆ ਅਤੇ ਦੰਗਿਆਂ ਨਾਲ ਜੁੜੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਫਰਵਰੀ 2025 'ਚ ਸੁਣਾਈ ਗਈ ਸੀ ਉਮਰ ਕੈਦ ਦੀ ਸਜ਼ਾ ਇਸ ਤੋਂ ਬਾਅਦ ਵੀ ਸੱਜਣ ਕੁਮਾਰ ਖ਼ਿਲਾਫ਼ 1984 ਦੇ ਦੰਗਿਆਂ ਨਾਲ ਸਬੰਧਤ ਹੋਰ ਮਾਮਲਿਆਂ 'ਚ ਕਾਨੂੰਨੀ ਕਾਰਵਾਈ ਜਾਰੀ ਰਹੀ। ਫਰਵਰੀ 2025 'ਚ ਦਿੱਲੀ ਦੀ ਅਦਾਲਤ ਨੇ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਵੀ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਮੌਤ ਦੀ ਸਜ਼ਾ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਹਾਲਾਂਕਿ ਜਨਵਰੀ 2026 'ਚ ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ 'ਚ ਦੰਗਿਆਂ ਨਾਲ ਸਬੰਧਤ ਇੱਕ ਹੋਰ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਮਾਮਲੇ 'ਚ ਉਸ ਦੀ ਭੂਮਿਕਾ ਸਾਬਤ ਕਰਨ ਲਈ ਲੋੜੀਂਦੇ ਸਬੂਤ ਪੇਸ਼ ਨਹੀਂ ਕੀਤੇ ਜਾ ਸਕੇ। ਸੱਜਣ ਕੁਮਾਰ ਦੀ ਮੌਤ ਨਾਲ 1984 ਦੇ ਦੰਗਿਆਂ ਨਾਲ ਜੁੜੀ ਲੰਬੀ ਕਾਨੂੰਨੀ ਅਤੇ ਸਿਆਸੀ ਚਰਚਾ ਮੁੜ ਕੇਂਦਰ 'ਚ ਆ ਗਈ ਹੈ।
3 ਮਾਮਲੇ ਸਨ, 1 'ਚ ਬਰੀ, 2 'ਚ ਦੋਸ਼ੀ ਦਿੱਲੀ ਛਾਉਣੀ ਦੇ ਪਾਲਮ ਕਲੋਨੀ ਇਲਾਕੇ 'ਚ ਪੰਜ ਸਿੱਖਾਂ ਦੇ ਕਤਲ ਤੋਂ ਬਾਅਦ ਇੱਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਤੰਬਰ 2023 'ਚ ਰਾਊਜ਼ ਐਵੇਨਿਊ ਅਦਾਲਤ ਨੇ ਉਸ ਨੂੰ ਦਿੱਲੀ ਦੇ ਸੁਲਤਾਨਪੁਰੀ 'ਚ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਮਾਮਲੇ 'ਚ ਬਰੀ ਕਰ ਦਿੱਤਾ ਸੀ। ਦੰਗਿਆਂ ਸੰਬੰਧੀ ਸੀਬੀਆਈ ਦੀ ਇੱਕ ਮੁੱਖ ਗਵਾਹ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਸੱਜਣ ਭੀੜ ਨੂੰ ਭੜਕਾ ਰਿਹਾ ਸੀ। ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ 'ਚ ਮਾਰ ਦਿੱਤਾ ਗਿਆ ਸੀ। ਦੰਗਾਕਾਰੀਆਂ ਨੇ ਉਨ੍ਹਾਂ 'ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ, ਬਾਅਦ 'ਚ ਦੋਵਾਂ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ। ਉਸਨੂੰ 12 ਫਰਵਰੀ, 2025 ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 25 ਫਰਵਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।