ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅੰਤਿ੍ਮ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਉਹ ਇਸ ਸਮੇਂ ਤਿਹਾੜ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

ਚੀਫ ਜਸਟਿਸ ਐੱਸ ਏ ਬੋਬਡੇ, ਜੱਜ ਬੀ ਆਰ ਗਵਾਈ ਅਤੇ ਜੱਜ ਸੂਰਿਆ ਕਾਂਤ ਨੇ ਕਿਹਾ ਕਿ ਉਹ ਸੱਜਣ ਕੁਮਾਰ ਬਾਰੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੀ ਮੈਡੀਕਲ ਰਿਪੋਰਟ, ਸਬਰੀਮਾਲਾ ਮੰਦਰ ਦੇ ਕੇਸ ਦੀ ਸੁਣਵਾਈ ਪੂਰੀ ਹੋਣ ਪਿੱਛੋਂ ਦੇਖਣਗੇ। ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਹ ਮਾਮਲਾ ਇਕ-ਦੋ ਨਵੰਬਰ, 1984 ਨੂੰ ਦਿੱਲੀ ਛਾਉਣੀ ਦੇ ਰਾਜ ਨਗਰ ਇਲਾਕੇ ਵਿਚ ਪੰਜ ਸਿੱਖਾਂ ਦੀ ਮੌਤ ਅਤੇ ਰਾਜ ਨਗਰ ਗੁਰਦੁਆਰੇ ਨੂੰ ਸਾੜਨ ਨਾਲ ਸਬੰਧਤ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ, 1984 ਨੂੰ ਹੱਤਿਆ ਪਿੱਛੋਂ ਦੇਸ਼ ਭਰ 'ਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ ਜਿਨ੍ਹਾਂ ਵਿਚ ਸੈਂਕੜੇ ਸਿੱਖ ਮਾਰੇ ਗਏ ਸਨ।