ਨਵੀਂ ਦਿੱਲੀ (ਏਐੱਨਆਈ) : ਕੇਂਦਰ ਸਰਕਾਰ ਨੂੰ ਸੋਸ਼ਲ ਮੀਡੀਆ ਅਕਾਊਂਟਾਂ ਨੂੰ ਆਧਾਰ ਨਾਲ ਲਿੰਕ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਸਬੰਧੀ ਇਕ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਦੀਪਕ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਕਰਤਾ ਅਸ਼ਵਨੀ ਉਪਾਧਿਆਏ ਨੂੰ ਇਸ ਸਬੰਧੀ ਸਬੰਧਿਤ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ, 'ਹਰ ਚੀਜ਼ ਲਈ ਸੁਪਰੀਮ ਕੋਰਟ ਆਉਣ ਦੀ ਲੋੜ ਨਹੀਂ ਹੈ। ਇਹ ਮਾਮਲਾ ਮਦਰਾਸ ਹਾਈ ਕੋਰਟ ਦੇ ਸਾਹਮਣੇ ਵਿਚਾਰ ਅਧੀਨ ਹੈ, ਤੁਸੀਂ ਉੱਥੇ ਜਾਓ।' ਅਸ਼ਵਨੀ ਉਪਾਧਿਆਏ ਨੇ ਆਪਣੀ ਪਟੀਸ਼ਨ ਵਿਚ ਕਿਹਾ ਕਿ ਫ਼ਰਜ਼ੀ ਤੇ ਪੇਡ ਨਿਊਜ਼ 'ਤੇ ਰੋਕ ਲਾਉਣ ਲਈ ਕੇਂਦਰ ਨੂੰ ਫ਼ਰਜ਼ੀ ਮੀਡੀਆ ਅਕਾਊਂਟਾਂ ਨੂੰ ਠੱਪ ਕਰਨ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ।