ਮੁੰਬਈ (ਪੀਟੀਆਈ) : ਮਹਾਰਾਸ਼ਟਰ 'ਚ ਸ਼ਿਵ ਸੈਨਾ ਤੇ ਐੱਨਸੀਪੀ ਨੇ ਰਿਪਬਲਿਕਨ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸੂਬੇ 'ਚ ਸੱਤਾਧਾਰੀ ਗੱਠਜੋੜ ਦੇ ਸਹਿਯੋਗੀਆਂ ਦਾ ਕਹਿਣਾ ਹੈ ਕਿ ਅਰਨਬ ਦੇ ਬਾਲਾਕੋਟ 'ਤੇ ਭਾਰਤੀ ਹਵਾਈ ਫ਼ੌਜ ਦੇ ਹਵਾਈ ਹਮਲੇ ਦੀ ਜਾਣਕਾਰੀ ਪਹਿਲਾਂ ਤੋਂ ਹੋਣ ਦੀ ਵ੍ਹਟਸਐਪ ਚੈਟ 'ਚ ਜ਼ਿਕਰ ਨੂੰ ਬੇਹੱਦ ਗੰਭੀਰਤਾ ਨਾਲ ਲਏ ਜਾਣ ਦੀ ਜ਼ਰੂਰਤ ਹੈ।

ਸ਼ਿਵ ਸੈਨਾ ਨੇ ਆਪਣੇ ਮੁੱਖ ਅਖ਼ਬਾਰ ਸਾਮਨਾ 'ਚ ਭਾਜਪਾ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਹੀ ਹੈ ਕਿ ਭਾਜਪਾ ਆਗੂਆਂ ਨੇ ਤਾਂਡਵ ਵੈੱਬ ਸੀਰੀਜ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ ਪਰ ਜੇ ਉਨ੍ਹਾਂ 'ਚ ਹਿੰਮਤ ਹੈ ਤਾਂ ਉਹ ਪੱਤਰਕਾਰ ਅਰਨਬ ਗੋਸਵਾਮੀ ਖ਼ਿਲਾਫ਼ ਕੇਸ ਦਰਜ ਕਰ ਕੇ ਦਿਖਾਏ, ਜਿਸ ਨੇ ਸ਼ਹੀਦ ਭਾਰਤੀ ਫ਼ੌਜੀਆਂ ਦਾ ਅਪਮਾਨ ਕੀਤਾ ਹੈ। ਹੁਣ ਕੇਂਦਰ ਸਰਕਾਰ ਨੂੰ ਇਸ ਸਬੰਧੀ ਸੱਚਾਈ ਜਾਣਨ ਲਈ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ। ਦੂਜੇ ਪਾਸੇ, ਐੱਨਸੀਪੀ ਨੇ ਵੀ ਰਿਪਬਲਿਕਨ ਟੀਵੀ ਦੇ ਪ੍ਰਧਾਨ ਮੁੱਖ ਸੰਪਾਦਕ ਅਰਨਬ ਗੋਸਵਾਮੀ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਰਿਪਬਲਿਕਨ ਟੀਵੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਨਾਲ ਹੀ ਕਿਹਾ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।