ਅਵਾਰਾ ਕੁੱਤਿਆਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਵੀਰਵਾਰ ਨੂੰ ਇਕ ਅਹਿਮ ਕਦਮ ਸਾਹਮਣੇ ਆਇਆ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਇਸ ਮਾਮਲੇ 'ਚ ਦਾਇਰ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ: ਅਵਾਰਾ ਕੁੱਤਿਆਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਵੀਰਵਾਰ ਨੂੰ ਇਕ ਅਹਿਮ ਕਦਮ ਸਾਹਮਣੇ ਆਇਆ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਇਸ ਮਾਮਲੇ 'ਚ ਦਾਇਰ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਨੇ ਸਾਰੀਆਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਵਕੀਲਾਂ ਨੂੰ ਲਿਖਤੀ ਦਲੀਲਾਂ ਜਮ੍ਹਾ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ 'ਚ ਅਵਾਰਾ ਕੁੱਤਿਆਂ ਨਾਲ ਜੁੜੇ ਇਕ ਪੁਰਾਣਾ ਮਾਮਲੇ 'ਚ ਬਦਲਾਅ ਦੀ ਮੰਗ ਨੂੰ ਲੈ ਕੇ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ਅਰਜ਼ੀਆਂ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ।
ਅਦਾਲਤ ਕਦੋਂ ਸੁਣਾਏਗੀ ਫ਼ੈਸਲਾ?
ਅਦਾਲਤ ਨੇ ਸਾਰੇ ਵਕੀਲਾਂ ਨੂੰ ਕਿਹਾ ਕਿ ਉਹ ਇਕ ਹਫ਼ਤੇ ਦੇ ਅੰਦਰ ਆਪਣੀਆਂ ਲਿਖਤੀ ਦਲੀਲਾਂ ਜਮ੍ਹਾ ਕਰਵਾਉਣ। ਇਸ ਤੋਂ ਬਾਅਦ ਅਦਾਲਤ ਇਸ ਮਾਮਲੇ 'ਤੇ ਫ਼ੈਸਲਾ ਸੁਣਾਏਗੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐੱਨਵੀ ਅੰਜਾਰੀਆ ਦੀ ਬੈਂਚ ਨੇ ਕੀਤੀ।
ਸੁਣਵਾਈ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਨਾਲ ਜੁੜੀਆਂ ਸਾਰੀਆਂ ਧਿਰਾਂ ਨੇ ਆਪਣੀ ਗੱਲ ਅਦਾਲਤ ਦੇ ਸਾਹਮਣੇ ਰੱਖੀ। ਇਨ੍ਹਾਂ 'ਚ ਡੌਗ ਲਵਰਜ਼, ਕੁੱਤਿਆਂ ਦੇ ਵੱਢਣ ਨਾਲ ਪ੍ਰਭਾਵਿਤ ਲੋਕ, ਪਸ਼ੂ ਅਧਿਕਾਰ ਵਰਕਰ ਅਤੇ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਪੇਸ਼ ਹੋਏ ਵਕੀਲ ਸ਼ਾਮਲ ਸਨ।
ਪੰਜਾਬ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਰਾਜਾਂ ਨੇ ਅਵਾਰਾ ਕੁੱਤਿਆਂ ਨੂੰ ਲੈ ਕੇ ਉਠਾਏ ਗਏ ਕਦਮਾਂ ਦੀ ਜਾਣਕਾਰੀ ਅਦਾਲਤ ਨੂੰ ਦਿੱਤੀ। ਸੁਪਰੀਮ ਕੋਰਟ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (NHAI) ਦੇ ਵਕੀਲ ਦੀਆਂ ਵੀ ਦਲੀਲਾਂ ਸੁਣੀਆਂ, ਜਿਸ 'ਚ ਰਾਸ਼ਟਰੀ ਰਾਜਮਾਰਗਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਅਤੇ ਸੜਕਾਂ ਦੀ ਸਹੀ ਤਰੀਕੇ ਨਾਲ ਫੇਂਸਿੰਗ ਕਰਨ ਦੇ ਯਤਨਾਂ 'ਤੇ ਗੱਲ ਕੀਤੀ ਗਈ।
ਸੁਪਰੀਮ ਕੋਰਟ ਦਾ AWIB ਨੂੰ ਨਿਰਦੇਸ਼
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ (AWIB) ਨੂੰ ਵੀ ਸਾਫ਼ ਨਿਰਦੇਸ਼ ਦਿੱਤੇ। ਅਦਾਲਤ ਨੇ ਕਿਹਾ ਕਿ ਜੋ ਐੱਨਜੀਓ ਪਸ਼ੂ ਸਹਾਰਾ ਗ੍ਰਹਿ ਜਾਂ ਐਨੀਮਲ ਬਰਥ ਕੰਟਰੋਲ ਸੈਂਟਰ ਚਲਾਉਣ ਦੀ ਆਗਿਆ ਮੰਗ ਰਹੇ ਹਨ, ਉਨ੍ਹਾਂ ਦੀਆਂ ਅਰਜ਼ੀਆਂ ਜਲਦੀ ਨਿਪਟਾਈਆਂ ਜਾਣ। ਅਦਾਲਤ ਨੇ AWIB ਨੂੰ ਕਿਹਾ, 'ਜਾਂ ਤਾਂ ਅਰਜ਼ੀ ਮਨਜ਼ੂਰ ਕਰੋ ਜਾਂ ਖਾਰਜ ਕਰੋ, ਪਰ ਇਸ 'ਚ ਦੇਰੀ ਨਾ ਕਰੋ।'