ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: ਪਹਿਲਾਂ ਵੀ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਅਪਰਾਧੀ 'ਤੁਰੰਤ ਸੁਣਵਾਈ' ਦੇ ਆਧਾਰ 'ਤੇ ਨਹੀਂ ਲੈ ਸਕੇਗਾ ਜ਼ਮਾਨਤ
Supreme Court ਨੇ 18 ਨਵੰਬਰ ਦੇ ਆਪਣੇ ਹੁਕਮ 'ਚ ਕਿਹਾ ਕਿ ਪੁਰਾਣਾ ਅਪਰਾਧਿਕ ਰਿਕਾਰਡ ਅਤੇ ਪਹਿਲਾਂ ਦੀ ਸਜ਼ਾ ਵਾਲੇ ਕਿਸੇ ਅਪਰਾਧੀ ਨੂੰ ਸਿਰਫ਼ 'ਜਲਦ ਸੁਣਵਾਈ ਦੇ ਅਧਿਕਾਰ' ਦੇ ਆਧਾਰ 'ਤੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
Publish Date: Tue, 24 Nov 2026 03:35 PM (IST)
Updated Date: Tue, 24 Nov 2026 03:41 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਅਹਿਮ ਫ਼ੈਸਲੇ 'ਚ ਸਪੱਸ਼ਟ ਕੀਤਾ ਹੈ ਕਿ ਅਪਰਾਧਿਕ ਪਿਛੋਕੜ ਰੱਖਣ ਵਾਲੇ ਅਤੇ ਪਹਿਲਾਂ ਵੀ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਕਿਸੇ ਅਪਰਾਧੀ ਨੂੰ ਸਿਰਫ਼ ਜਲਦ ਸੁਣਵਾਈ ਦੇ ਅਧਿਕਾਰ ਦੇ ਆਧਾਰ 'ਤੇ ਜ਼ਮਾਨਤ 'ਤੇ ਰਿਹਾਅ ਨਹੀਂ ਕੀਤਾ ਜਾ ਸਕਦਾ।
ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਚੰਦਰਸ਼ੇਖਰ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕ ਹੁਕਮ ਨੂੰ ਰੱਦ ਕਰਦਿਆਂ ਇਹ ਟਿੱਪਣੀ ਕੀਤੀ। ਹਾਈ ਕੋਰਟ ਨੇ ਕਤਲ ਦੇ ਇਕ ਮਾਮਲੇ 'ਚ ਮੁਲਜ਼ਮ ਨੂੰ ਜ਼ਮਾਨਤ ਦੇ ਦਿੱਤੀ ਸੀ।
ਬੈਂਚ ਨੇ ਕਿਹਾ, 'ਸੰਵਿਧਾਨ ਦੀ ਧਾਰਾ 21 ਤਹਿਤ ਜਲਦ ਸੁਣਵਾਈ ਦਾ ਅਧਿਕਾਰ ਇਕ ਮਹੱਤਵਪੂਰਨ ਪਹਿਲੂ ਹੈ। ਪਰ ਜਦੋਂ ਕੋਈ ਮੁਲਜ਼ਮ ਗੰਭੀਰ ਅਪਰਾਧ 'ਚ ਸ਼ਾਮਲ ਹੋਵੇ ਤਾਂ ਉਸ ਦੇ ਅਧਿਕਾਰਾਂ ਦੇ ਨਾਲ-ਨਾਲ ਸਮਾਜ ਦੇ ਹਿੱਤਾਂ ਨੂੰ ਵੀ ਧਿਆਨ 'ਚ ਰੱਖਣਾ ਜ਼ਰੂਰੀ ਹੈ। ਇਨ੍ਹਾਂ ਹਿੱਤਾਂ 'ਚ ਪੀੜਤ ਅਤੇ ਉਸ ਦੇ ਪਰਿਵਾਰ ਦੇ ਹਿੱਤ ਵੀ ਸ਼ਾਮਲ ਹਨ।'
ਸੁਪਰੀਮ ਕੋਰਟ ਨੇ 18 ਨਵੰਬਰ ਦੇ ਆਪਣੇ ਹੁਕਮ 'ਚ ਕਿਹਾ ਕਿ ਪੁਰਾਣਾ ਅਪਰਾਧਿਕ ਰਿਕਾਰਡ ਅਤੇ ਪਹਿਲਾਂ ਦੀ ਸਜ਼ਾ ਵਾਲੇ ਕਿਸੇ ਅਪਰਾਧੀ ਨੂੰ ਸਿਰਫ਼ 'ਜਲਦ ਸੁਣਵਾਈ ਦੇ ਅਧਿਕਾਰ' ਦੇ ਆਧਾਰ 'ਤੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
ਅਦਾਲਤ ਨੇ ਕਿਹਾ, 'ਜਦੋਂ ਕੋਈ ਵਿਅਕਤੀ ਕਈ ਅਪਰਾਧਾਂ 'ਚ ਸ਼ਾਮਲ ਹੋਵੇ ਤਾਂ ਅਦਾਲਤ ਦਾ ਫ਼ਰਜ਼ ਹੈ ਕਿ ਉਹ ਜਲਦ ਸੁਣਵਾਈ ਦੇ ਅਧਿਕਾਰ ਅਤੇ ਸਮਾਜਿਕ ਹਿੱਤਾਂ ਵਿਚਾਲੇ ਸੰਤੁਲਨ ਬਣਾਈ ਰੱਖੇ। ਇਹ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਜਦੋਂ ਮੁਲਜ਼ਮ ਨੇ ਹਾਈ ਕੋਰਟ ਦੇ ਸਾਹਮਣੇ ਗ਼ਲਤ ਬਿਆਨ ਦੇ ਕੇ ਜ਼ਮਾਨਤ ਹਾਸਲ ਕੀਤੀ ਹੋਵੇ।'
ਸੁਪਰੀਮ ਕੋਰਟ ਨੇ ਇਹ ਹੁਕਮ ਮ੍ਰਿਤਕ ਦੇ ਪਿਤਾ (ਸ਼ਿਕਾਇਤਕਰਤਾ) ਦੀ ਅਪੀਲ 'ਤੇ ਸੁਣਵਾਈ ਕਰਦਿਆਂ ਦਿੱਤਾ। ਉਨ੍ਹਾਂ ਨੇ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ 'ਚ ਮੁਲਜ਼ਮ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਬੈਂਚ ਨੇ ਗੌਰ ਕੀਤਾ ਕਿ ਹਾਈ ਕੋਰਟ ਨੇ ਇਸ ਆਧਾਰ 'ਤੇ ਜ਼ਮਾਨਤ ਦਿੱਤੀ ਸੀ ਕਿ ਮੁਲਜ਼ਮ ਪੰਜ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ 'ਚ ਬੰਦ ਸੀ।
ਸ਼ਿਕਾਇਤਕਰਤਾ ਨੇ ਦਲੀਲ ਦਿੱਤੀ ਸੀ ਕਿ ਹਾਈ ਕੋਰਟ ਨੂੰ ਮਾਮਲੇ ਦੇ ਸਾਰੇ ਪਹਿਲੂਆਂ 'ਤੇ ਵਿਚਾਰ ਕਰਨਾ ਚਾਹੀਦਾ ਸੀ, ਜਿਸ 'ਚ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਵੀ ਸ਼ਾਮਲ ਹੈ। ਖ਼ਾਸ ਤੌਰ 'ਤੇ ਇਸ ਤੱਥ 'ਤੇ ਧਿਆਨ ਦੇਣਾ ਜ਼ਰੂਰੀ ਸੀ ਕਿ ਉਸ ਨੂੰ ਪਹਿਲਾਂ ਵੀ ਕਤਲ ਦੀ ਕੋਸ਼ਿਸ਼ ਦੇ ਇਕ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਸੀ।
ਮੁਲਜ਼ਮ ਦੇ ਵਕੀਲ ਨੇ ਦਾਅਵਾ ਕੀਤਾ ਕਿ ਹਾਈ ਕੋਰਟ 'ਚ ਦਾਇਰ ਜ਼ਮਾਨਤ ਪਟੀਸ਼ਨ 'ਚ ਅਪਰਾਧਿਕ ਪਿਛੋਕੜ ਦਾ ਜ਼ਿਕਰ ਕੀਤਾ ਗਿਆ ਸੀ। ਪਰ ਸੁਪਰੀਮ ਕੋਰਟ ਨੇ ਪਾਇਆ ਕਿ ਪਟੀਸ਼ਨ 'ਚ ਦੋ ਥਾਵਾਂ 'ਤੇ ਇਹ ਗ਼ਲਤ ਜਾਣਕਾਰੀ ਦਿੱਤੀ ਗਈ ਸੀ ਕਿ ਮੁਲਜ਼ਮ ਮੌਜੂਦਾ ਮਾਮਲੇ ਤੋਂ ਇਲਾਵਾ ਕਿਸੇ ਹੋਰ ਕੇਸ 'ਚ ਸ਼ਾਮਲ ਨਹੀਂ ਹੈ।
ਅਦਾਲਤ ਨੇ ਕਿਹਾ ਕਿ ਮੁਲਜ਼ਮ ਨੇ ਆਪਣੀ ਪਿਛਲੀ ਸਜ਼ਾ ਲੁਕਾਈ ਸੀ। ਉਸ ਨੂੰ ਇਸੇ ਮ੍ਰਿਤਕ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮੌਜੂਦਾ ਕਤਲ ਵੀ ਉਸ ਨੇ ਉਸੇ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਰਹਿੰਦਿਆਂ ਕੀਤਾ ਸੀ।
ਇਹ ਮੰਨਦਿਆਂ ਕਿ ਹਾਈ ਕੋਰਟ ਨੂੰ ਮੁਕੱਦਮੇ ਦੀ ਸੁਣਵਾਈ ਦੌਰਾਨ ਉਸ ਨੂੰ ਜ਼ਮਾਨਤ ਨਹੀਂ ਦੇਣੀ ਚਾਹੀਦੀ ਸੀ, ਬੈਂਚ ਨੇ ਅਪੀਲ ਮਨਜ਼ੂਰ ਕਰ ਲਈ ਅਤੇ ਹਾਈ ਕੋਰਟ ਦਾ ਹੁਕਮ ਰੱਦ ਕਰ ਦਿੱਤਾ। ਨਾਲ ਹੀ ਮੁਲਜ਼ਮ ਨੂੰ ਇਕ ਹਫ਼ਤੇ ਦੇ ਅੰਦਰ ਸਬੰਧਤ ਅਦਾਲਤ 'ਚ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ।
(ਨਿਊਜ਼ ਏਜੰਸੀ ਪੀਟੀਆਈ ਦੇ ਇਨਪੁਟ ਨਾਲ)