ਜੇਐੱਨਐੱਨ, ਨਵੀਂ ਦਿੱਲੀ : Delhi Violence : ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਹੱਕ ਤੇ ਵਿਰੋਧ ਦਰਮਿਆਨ ਭੜਕੀ ਹਿੰਸਾ ਦੇ ਮਾਮਲੇ 'ਚ ਬੁੱਧਵਾਰ ਨੂੰ ਸੁਣਵਾਈ ਕੀਤੀ। ਅਦਾਲਤ ਨੇ ਦਿੱਲੀ ਹਿੰਸਾ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੁਲਿਸ ਸੁਧਾਰ ਬਾਰੇ ਸੁਪਰੀਮ ਕੋਰਟ ਦੇ ਪ੍ਰਕਾਸ਼ ਸਿੰਘ ਫ਼ੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੁਲਿਸ ਨੂੰ ਕਾਰਵਾਈ ਲਈ ਆਜ਼ਾਦ ਹੋਣਾ ਚਾਹੀਦਾ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜਦੋਂ ਅਸੀਂ ਪ੍ਰਕਾਸ਼ ਸਿੰਘ ਦੀ ਗੱਲ ਕਰਦੇ ਹਾਂ ਤਾਂ ਜ਼ਮੀਨੀ ਹਕੀਕਤ ਭੁੱਲ ਜਾਂਦੇ ਹਾਂ। ਸੁਪਰੀਮ ਕੋਰਟ ਨੇ ਕੋਈ ਹੁਕਮ ਨਹੀਂ ਦਿੱਤਾ ਹੈ। ਕੋਰਟ ਨੇ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਨੂੰ ਕੰਮ ਕਰਨ ਦੇਣਾ ਚਾਹੀਦਾ ਹੈ। ਅਦਾਲਤ ਨਾ ਕੋਈ ਹੁਕਮ ਦੇ ਰਹੀ ਹੈ ਤੇ ਨਾ ਹੀ ਰੋਕ ਰਹੀ ਹੈ।

ਇਸ ਤੋਂ ਪਹਿਲਾਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਪੁਲਿਸ ਨੂੰ ਨਿਰਾਸ਼ ਕਰਨ ਵਾਲੀ ਗੱਲ ਨਹੀਂ ਹੋਣੀ ਚਾਹੀਦੀ। ਧਿਆਨ ਦਿੱਤਾ ਜਾਵੇ ਕਿ ਸਾਡਾ ਇਕ ਸਿਪਾਹੀ ਮਰਿਆ ਹੈ ਤੇ ਡੀਸੀਪੀ ਵੈਂਟੀਲੇਟਰ 'ਤੇ ਹਨ। ਡੀਸੀਪੀ ਦਾ ਹੈਲਮਟ ਉਤਾਰ ਕੇ ਉਸ 'ਤੇ ਹਮਲਾ ਕੀਤਾ ਗਿਆ। ਉਸ ਦੀ ਲਿੰਚਿੰਗ ਹੋਈ।

ਸਾਬਕਾ ਮੁੱਖ ਸੂਚਨਾ ਕਮਿਸ਼ਨਰ ਵਜਾਹਦ ਹਬੀਬੁੱਲਾ ਤੇ ਹੋਰਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਹਿੰਸਾ ਭੜਕਾਉਣ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਪੁਲਿਸ ਨੂੰ ਹਦਾਇਤ ਦੇਣ ਦੀ ਅਪੀਲ ਕੀਤੀ ਹੈ।

Posted By: Seema Anand