- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ, ਨੰਗਲ : ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਭਾਜਪਾ ਆਗੂ ਅਤੇ ਸਮਾਜ ਸੇਵੀ ਗੋਵਰਧਨ ਸੋਨੀ (ਜੀਡੀ) ਨੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜਗਤ ਪ੍ਰਕਾਸ਼ ਨੱਡਾ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਰਾਹੀਂ ਇੱਕ ਪੱਤਰ ਭੇਜ ਕੇ ਨੈਸ਼ਨਲ ਫਰਟੀਲਾਈਜ਼ਰਜ਼ ਲਿਮਿਟਡ (ਐੱਨਐੱਫਐੱਲ) ਨੰਗਲ ਇਕਾਈ ਦੇ ਵਿਸਥਾਰ ਅਤੇ ਖੇਤਰੀ ਉਦਯੋਗਿਕ ਵਿਕਾਸ ਲਈ ਨਵੀਆਂ ਯੋਜਨਾਵਾਂ ਸਥਾਪਿਤ ਕਰਨ ਦੀ ਮੰਗ ਕੀਤੀ ਹੈ।ਗੋਵਰਧਨ ਸੋਨੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਨੰਗਲ ਦੇਸ਼ ਦੀਆਂ ਮਹੱਤਵਪੂਰਨ ਖਾਦ ਉਤਪਾਦਨ ਇਕਾਈਆਂ ਵਿੱਚੋਂ ਇੱਕ ਹੈ, ਜਿਸ ਨੇ ਸਾਲਾਂ ਤੋਂ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਸਿਰਜਣਾ, ਸਨਅਤੀ ਵਿਕਾਸ ਤੇ ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੰਗਲ ਇਕਾਈ ਦਾ ਵਿਸਥਾਰ ਸਮੇਂ ਦੀ ਲੋੜ ਹੈ। ਉਨ੍ਹਾਂ ਪ੍ਰਧਾਨ ਮੰਤਰੀ ਕੋਲ ਮੰਗ ਕੀਤੀ ਕਿ ਨੰਗਲ ਕੰਪਲੈਕਸ ਵਿੱਚ ਇੱਕ ਆਧੁਨਿਕ ਬਰਾਊਨਫੀਲਡ ਅਮੋਨੀਆ-ਯੂਰੀਆ ਕੰਪਲੈਕਸ ਸਥਾਪਿਤ ਕੀਤਾ ਜਾਵੇ, ਜਿਸ ਨਾਲ ਖਾਦ ਉਤਪਾਦਨ ਸਮਰੱਥਾ ਵਿੱਚ ਵਾਧਾ ਹੋਵੇਗਾ, ਆਯਾਤ ਉੱਤੇ ਨਿਰਭਰਤਾ ਘਟੇਗੀ ਅਤੇ ਸਥਾਨਕ ਨੌਜਵਾਨਾਂ ਲਈ ਵੱਡੇ ਪੱਧਰ `ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਨੰਗਲ ਖੇਤਰ ਵਿੱਚ ਵਾਟਰ ਬੋਟਲਿੰਗ ਪਲਾਂਟ ਸਥਾਪਿਤ ਕਰਨ ਦਾ ਸੁਝਾਅ ਵੀ ਦਿੱਤਾ, ਤਾਂ ਜੋ ਖੇਤਰ ਦੇ ਕੁਦਰਤੀ ਜਲ ਸਰੋਤਾਂ ਦਾ ਬਿਹਤਰ ਉਪਯੋਗ ਹੋ ਸਕੇ ਅਤੇ ਸਥਾਨਕ ਅਰਥਵਿਵਸਥਾ ਨੂੰ ਮਜ਼ਬੂਤੀ ਮਿਲੇ।ਗੋਵਰਧਨ ਸੋਨੀ ਨੇ ਆਪਣੇ ਪੱਤਰ ਵਿੱਚ ਐਚਡੀਪੀਈ ਬੈਗ ਨਿਰਮਾਣ ਇਕਾਈ ਸਥਾਪਿਤ ਕਰਨ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਪੈਕਿੰਗ ਲਈ ਵਰਤੇ ਜਾਣ ਵਾਲੇ ਬੈਗਾਂ ਦਾ ਸਥਾਨਕ ਪੱਧਰ `ਤੇ ਨਿਰਮਾਣ ਹੋਣ ਨਾਲ ਲਾਗਤ ਘਟੇਗੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਉਪਲਬਧ ਹੋਣਗੇ।ਉਨ੍ਹਾਂ ਖੇਤਰ ਦੇ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਆਧੁਨਿਕ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਦੀ ਵੀ ਮੰਗ ਕੀਤੀ, ਜਿਸ ਨਾਲ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਪ੍ਰਸ਼ਿਕਸ਼ਿਤ ਮਨੁੱਖੀ ਸਰੋਤ ਤਿਆਰ ਕੀਤੇ ਜਾ ਸਕਣ। ਗੋਵਰਧਨ ਸੋਨੀ ਨੇ ਕਿਹਾ ਕਿ ਪ੍ਰਸਤਾਵਿਤ ਯੋਜਨਾਵਾਂ ਨਾ ਸਿਰਫ਼ ਨੰਗਲ ਅਤੇ ਸ਼੍ਰੀ ਆਨੰਦਪੁਰ ਸਾਹਿਬ ਖੇਤਰ ਦੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੀਆਂ, ਸਗੋਂ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਆਤਮ ਨਿਰਭਰ ਭਾਰਤ ਦੇ ਸੰਕਲਪ ਨੂੰ ਵੀ ਮਜ਼ਬੂਤ ਕਰਨਗੀਆਂ। ਇਨ੍ਹਾਂ ਪ੍ਰੋਜੈਕਟਾਂ ਨਾਲ ਹਜ਼ਾਰਾਂ ਸਿੱਧੇ ਅਤੇ ਅਸਿੱਧੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਅਪੀਲ ਕੀਤੀ ਕਿ ਸਬੰਧਤ ਮੰਤਰਾਲਿਆਂ ਅਤੇ ਪ੍ਰਬੰਧਨ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਜਲਦ ਮਨਜ਼ੂਰੀ ਦਿੱਤੀ ਜਾਵੇ।