ਸੁਰਜੀਤ ਜਿਆਣੀ ਦੀਆਂ ਮੁਸ਼ਕਲਾਂ 'ਚ ਵਾਧਾ, ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਡਾ. ਸੁਹਾਨੀ ਡੋਡਾ ਨੇ ਮਹਿਲਾ ਕਮਿਸ਼ਨ ਕੋਲ ਦਰਜ ਕਰਵਾਈ ਸ਼ਿਕਾਇਤ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਆਪਣੇ ਖ਼ਿਲਾਫ਼ ਕੀਤੀ ਗਈ ਕਥਿਤ ਅਭਦਰ ਅਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਬੋਹਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਡਾ. ਸੁਹਾਨੀ ਡੋਡਾ ਨੇ ਦੱਸਿਆ ਕਿ ਉਹ ਇਸ ਮਾਮਲੇ ਸਬੰਧੀ ਅੱਜ ਮਹਿਲਾ ਕਮਿਸ਼ਨ ਦੇ ਸਮਕਸ਼ ਪੇਸ਼ ਹੋਈ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਈ।
Publish Date: Wed, 23 Sep 2026 04:47 PM (IST)
Updated Date: Wed, 23 Sep 2026 04:48 PM (IST)
ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ, ਅਬੋਹਰ : ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਆਪਣੇ ਖ਼ਿਲਾਫ਼ ਕੀਤੀ ਗਈ ਕਥਿਤ ਅਭਦਰ ਅਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਬੋਹਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਡਾ. ਸੁਹਾਨੀ ਡੋਡਾ ਨੇ ਦੱਸਿਆ ਕਿ ਉਹ ਇਸ ਮਾਮਲੇ ਸਬੰਧੀ ਅੱਜ ਮਹਿਲਾ ਕਮਿਸ਼ਨ ਦੇ ਸਮਕਸ਼ ਪੇਸ਼ ਹੋਈ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਈ।
ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਕਿਸੇ ਮਹਿਲਾ ਪ੍ਰਤੀ ਅਜਿਹੀ ਭਾਸ਼ਾ ਦੀ ਵਰਤੋਂ ਕਿਸੇ ਵੀ ਸੂਰਤ ਵਿੱਚ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਮਤਭੇਦ ਆਪਣੀ ਥਾਂ ’ਤੇ ਹਨ, ਪਰ ਕਿਸੇ ਵੀ ਮਹਿਲਾ ਦੀ ਇੱਜ਼ਤ, ਸਨਮਾਨ ਅਤੇ ਗਰਿਮਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਸਰਗਰਮ ਵਿਅਕਤੀਆਂ ਵੱਲੋਂ ਬਿਆਨਬਾਜ਼ੀ ਕਰਦੇ ਸਮੇਂ ਭਾਸ਼ਾ ਦੀ ਮਰਿਆਦਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਮਹਿਲਾ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਨੂੰ ਸਿਰਫ਼ ਸਿਆਸੀ ਜਾਂ ਨਿੱਜੀ ਵਿਵਾਦ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ, ਸਗੋਂ ਅਜਿਹੇ ਬਿਆਨਾਂ ਦਾ ਸਮਾਜ ’ਤੇ ਵੀ ਪ੍ਰਭਾਵ ਪੈਂਦਾ ਹੈ।
ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਸ਼ਿਕਾਇਤ ’ਤੇ ਤੱਥਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਉਨ੍ਹਾਂ ਦੇ ਨਿੱਜੀ ਸਨਮਾਨ ਨਾਲ ਸਬੰਧਤ ਨਹੀਂ ਹੈ, ਸਗੋਂ ਹਰ ਮਹਿਲਾ ਦੇ ਸਨਮਾਨ ਅਤੇ ਗਰਿਮਾ ਨਾਲ ਜੁੜਿਆ ਮੁੱਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਪ੍ਰਤੀ ਸਤਿਕਾਰ ਅਤੇ ਸਨਮਾਨ ਦੀ ਭਾਵਨਾ ਨੂੰ ਸਮਾਜ ਵਿੱਚ ਮਜ਼ਬੂਤ ਕਰਨਾ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮਾਮਲੇ ਨੂੰ ਲੈ ਕੇ ਅਬੋਹਰ ਵਿੱਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਡਾ. ਸੁਹਾਨੀ ਡੋਡਾ ਵੱਲੋਂ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਬਾਅਦ ਮਾਮਲਾ ਹੋਰ ਚਰਚਾ ਵਿੱਚ ਆ ਗਿਆ ਹੈ। ਹੁਣ ਇਸ ਮਾਮਲੇ ਵਿੱਚ ਸੁਰਜੀਤ ਕੁਮਾਰ ਜਿਆਣੀ ਵੱਲੋਂ ਦਿੱਤਾ ਜਾਣ ਵਾਲਾ ਪੱਖ ਅਤੇ ਮਹਿਲਾ ਕਮਿਸ਼ਨ ਵੱਲੋਂ ਕੀਤੀ ਜਾਣ ਵਾਲੀ ਅਗਲੀ ਕਾਰਵਾਈ ’ਤੇ ਨਜ਼ਰ ਰਹੇਗੀ।