ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 100 ਵਾਹਨ ਚਾਲਕਾਂ ਦੇ ਕੱਟੇ ਚਲਾਨ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ
Publish Date: Fri, 11 Sep 2026 04:08 PM (IST)
Updated Date: Fri, 11 Sep 2026 04:10 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਟ੍ਰੈਫਿਕ ਪੁਲਿਸ ਦੀ ਟੀਮ ਵੱਲੋਂ ਟ੍ਰੈਫਿਕ ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਰੋਡ ਗਹਿਰੀ ਮੰਡੀ ਵਿਖੇ ਨਾਕਾ ਲਗਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਸਬ-ਇੰਸਪੈਕਟਰ ਜਗੀਰ ਸਿੰਘ, ਏਐਸਆਈ ਕਵਲਜੀਤ ਸਿੰਘ, ਏਐਸਆਈ ਰਣਜੀਤ ਸਿੰਘ ਅਤੇ ਏਐਸਆਈ ਜਸਬੀਰ ਸਿੰਘ ਮੌਜੂਦ ਸਨ। ਉਨ੍ਹਾਂ ਦੱਸਿਆ ਨਾਕੇ ਦੌਰਾਨ ਕਰੀਬ 100 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿਚ ਬਿਨਾਂ ਹੈਲਮਟ ਅਤੇ ਬਿਨਾਂ ਨੰਬਰ ਪਲੇਟ ਵਾਲੇ ਦੋਪਹੀਆ ਵਾਹਨ ਚਾਲਕਾਂ ਤੋਂ ਇਲਾਵਾ ਬਿਨਾਂ ਸੀਟ ਬੈਲਟ ਅਤੇ ਰੌਂਗ ਸਾਈਡ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ। ਕੁਝ ਵਾਹਨ ਚਾਲਕਾਂ ਤੋਂ ਮੌਕੇ ’ਤੇ ਹੀ ਜੁਰਮਾਨਾ ਵਸੂਲਿਆ ਗਿਆ, ਜਦਕਿ ਕੁਝ ਨੂੰ ਆਰਟੀਓ ਦਫ਼ਤਰ ਵਿਖੇ ਚਲਾਨ ਦਾ ਜੁਰਮਾਨਾ ਭਰਨ ਦੀ ਹਦਾਇਤ ਕੀਤੀ ਗਈ। ਟ੍ਰੈਫਿਕ ਪੁਲਿਸ ਅਧਿਕਾਰੀਆਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਦੇ ਸਮੇਂ ਆਪਣੇ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਰੱਖਣ ਅਤੇ ਆਪਣੀ ਸੁਰੱਖਿਆ ਲਈ ਹੈਲਮੇਟ ਤੇ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਕਿਹਾ ਭਵਿੱਖ ਵਿੱਚ ਵੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਸਮੇਂ-ਸਮੇਂ ’ਤੇ ਨਾਕੇ ਲਗਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।