- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅਜਨਾਲਾ ਹਲਕੇ ਦੇ ਮੱਜੂਪੁਰਾ ਨੇੜੇ ਕੱਦੋਵਾਲੀ ਵਿਖੇ ਚੱਲ ਰਹੇ ਵਾਟਰ ਟ੍ਰੀਟਮੈਂਟ ਪ੍ਰੋਜੈਕਟ ਦਾ ਨਿਰੀਖਣ ਕੀਤਾ। ਔਜਲਾ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੇਂਡੂ

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅਜਨਾਲਾ ਹਲਕੇ ਦੇ ਮੱਜੂਪੁਰਾ ਨੇੜੇ ਕੱਦੋਵਾਲੀ ਵਿਖੇ ਚੱਲ ਰਹੇ ਵਾਟਰ ਟ੍ਰੀਟਮੈਂਟ ਪ੍ਰੋਜੈਕਟ ਦਾ ਨਿਰੀਖਣ ਕੀਤਾ। ਔਜਲਾ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਤਹਿਤ ਕਰੀਬ 160 ਪਿੰਡਾਂ ਨੂੰ ਪਾਣੀ ਦੀ ਸਪਲਾਈ ਨਾਲ ਜੋੜਿਆ ਜਾਣਾ ਹੈ, ਜਦਕਿ ਕਰੀਬ 285 ਕਿਲੋਮੀਟਰ ਲੰਮੀ ਪਾਈਪਲਾਈਨ ਰਾਹੀਂ ਪਿੰਡਾਂ ਤੱਕ ਪਾਣੀ ਪਹੁੰਚਾਇਆ ਜਾਵੇਗਾ। ਔਜਲਾ ਨੇ ਕਿਹਾ ਕਿ ਬਰਸਾਤ ਦੌਰਾਨ ਆਉਣ ਵਾਲਾ ਗੰਦਾ ਪਾਣੀ ਅਤੇ ਕਈ ਇਲਾਕਿਆਂ ਵਿੱਚ ਧਰਤੀ ਹੇਠਲੇ ਪਾਣੀ ਦੀ ਮਾੜੀ ਗੁਣਵੱਤਾ ਪੇਂਡੂ ਲੋਕਾਂ ਲਈ ਵੱਡੀ ਸਮੱਸਿਆ ਹੈ। ਪੀਣ ਵਾਲੇ ਪਾਣੀ ਦੀ ਮਾੜੀ ਗੁਣਵੱਤਾ ਦਾ ਲੋਕਾਂ ਦੀ ਸਿਹਤ ’ਤੇ ਵੀ ਅਸਰ ਪੈਂਦਾ ਹੈ। ਇਸ ਲਈ ਸਾਫ਼ ਪਾਣੀ ਦੀ ਵਿਵਸਥਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਲੋਕਾਂ ਦੀ ਬਿਹਤਰ ਸਿਹਤ ਅਤੇ ਬੁਨਿਆਦੀ ਸਹੂਲਤਾਂ ਲਈ ਉਨ੍ਹਾਂ ਦੇ ਪੱਧਰ ’ਤੇ ਜੋ ਵੀ ਯਤਨ ਸੰਭਵ ਹਨ, ਉਹ ਲਗਾਤਾਰ ਕੀਤੇ ਜਾ ਰਹੇ ਹਨ। ਔਜਲਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਕਰੀਬ ਤਿੰਨ ਬਲਾਕਾਂ ਦੇ ਪਿੰਡਾਂ ਨੂੰ ਕਵਰ ਕਰੇਗਾ ਅਤੇ ਇਸ ਰਾਹੀਂ ਲਗਭਗ 160 ਪਿੰਡਾਂ ਤੱਕ ਪਾਣੀ ਦੀ ਸਪਲਾਈ ਪਹੁੰਚਾਉਣ ਦੀ ਯੋਜਨਾ ਹੈ। ਪ੍ਰੋਜੈਕਟ ਤਹਿਤ ਵਾਟਰ ਟ੍ਰੀਟਮੈਂਟ ਦੇ ਨਾਲ-ਨਾਲ ਸਪਲਾਈ ਰਿਜ਼ਰਵਾਇਰ, ਟੈਂਕ ਅਤੇ ਹੋਰ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਕੁਝ ਥਾਵਾਂ ’ਤੇ ਕੰਮ ਪੂਰਾ ਹੋ ਚੁੱਕਾ ਹੈ, ਜਦਕਿ ਕੁਝ ਥਾਵਾਂ ’ਤੇ ਕੰਮ ਅਜੇ ਬਾਕੀ ਹੈ। ਔਜਲਾ ਨੇ ਕਿਹਾ ਕਿ ਇਹ ਇੱਕ ਵੱਡਾ ਪ੍ਰੋਜੈਕਟ ਹੈ ਅਤੇ ਅਜਿਹੇ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਵਿੱਚ ਸਮਾਂ ਲੱਗਦਾ ਹੈ। ਨਿਰਮਾਣ ਦੌਰਾਨ ਕਈ ਵਾਰ ਛੋਟੀਆਂ-ਵੱਡੀਆਂ ਤਕਨੀਕੀ ਅਤੇ ਹੋਰ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜਿੱਥੇ ਵੀ ਕੰਮ ਬਾਕੀ ਹੈ ਜਾਂ ਕੋਈ ਦਿੱਕਤ ਆ ਰਹੀ ਹੈ, ਉਸ ਨੂੰ ਸਬੰਧਤ ਵਿਭਾਗਾਂ ਨਾਲ ਮਿਲ ਕੇ ਜਲਦ ਦੂਰ ਕਰਵਾਇਆ ਜਾਵੇਗਾ। ਔਜਲਾ ਨੇ ਕਿਹਾ ਕਿ ਪ੍ਰੋਜੈਕਟ ਦਾ ਵੱਡਾ ਹਿੱਸਾ ਤਿਆਰ ਹੋ ਚੁੱਕਾ ਹੈ ਅਤੇ ਬਾਕੀ ਛੋਟੀਆਂ-ਮੋਟੀਆਂ ਦਿੱਕਤਾਂ ਦੂਰ ਹੋਣ ਤੋਂ ਬਾਅਦ ਪਿੰਡਾਂ ਨੂੰ ਜਲਦ ਸਾਫ਼ ਪਾਣੀ ਦੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੋਤਲਬੰਦ ਪਾਣੀ ਖਰੀਦ ਕੇ ਪੀਣ ਦੀ ਲੋੜ ਨਾ ਪਵੇ, ਸਗੋਂ ਉਨ੍ਹਾਂ ਨੂੰ ਆਪਣੇ ਪਿੰਡ ਵਿੱਚ ਹੀ ਬਿਹਤਰ ਗੁਣਵੱਤਾ ਵਾਲਾ ਪਾਣੀ ਮਿਲੇ, ਇਹੀ ਇਸ ਪ੍ਰੋਜੈਕਟ ਦਾ ਉਦੇਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰਾਂ ਵਿੱਚ ਵੀ ਸਾਫ਼ ਪਾਣੀ ਦੀ ਸਪਲਾਈ ਨਾਲ ਸਬੰਧਤ ਵਿਵਸਥਾ ਕੀਤੀ ਜਾ ਰਹੀ ਹੈ ਅਤੇ ਜਿੱਥੇ ਟੈਂਕ ਆਦਿ ਤਿਆਰ ਕੀਤੇ ਜਾਣੇ ਹਨ, ਉੱਥੇ ਕੰਮ ਪੜਾਅਵਾਰ ਢੰਗ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਔਜਲਾ ਨੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ, ਪੰਚਾਇਤ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਸਾਬਕਾ ਪੰਚਾਇਤ ਨੁਮਾਇੰਦਿਆਂ ਅਤੇ ਹੋਰ ਪੇਂਡੂ ਨੁਮਾਇੰਦਿਆਂ ਨੂੰ ਆਪਣੇ-ਆਪਣੇ ਇਲਾਕਿਆਂ ਦੇ ਪਾਣੀ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਪਿੰਡ ਤੋਂ ਪਾਣੀ ਦੇ 10 ਤੱਕ ਸੈਂਪਲ ਮੁਫ਼ਤ ਜਾਂਚ ਲਈ ਲਿਆਂਦੇ ਜਾ ਸਕਦੇ ਹਨ। ਇਸ ਨਾਲ ਇਹ ਪਤਾ ਲੱਗ ਸਕੇਗਾ ਕਿ ਪਿੰਡ ਵਿੱਚ ਵਰਤੇ ਜਾ ਰਹੇ ਧਰਤੀ ਹੇਠਲੇ ਪਾਣੀ ਵਿੱਚ ਕਿਸ ਤਰ੍ਹਾਂ ਦੀ ਸਮੱਸਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਸੰਭਵ ਹੋਵੇ, ਮੌਜੂਦਾ ਧਰਤੀ ਹੇਠਲੇ ਪਾਣੀ ਦੇ ਨਾਲ-ਨਾਲ ਪ੍ਰੋਜੈਕਟ ਰਾਹੀਂ ਮਿਲਣ ਵਾਲੇ ਪਾਣੀ ਦਾ ਸੈਂਪਲ ਵੀ ਜਾਂਚ ਲਈ ਦਿੱਤਾ ਜਾਵੇ, ਤਾਂ ਜੋ ਦੋਵਾਂ ਦੀ ਗੁਣਵੱਤਾ ਵਿੱਚ ਫਰਕ ਸਾਹਮਣੇ ਆ ਸਕੇ। ਔਜਲਾ ਨੇ ਕਿਹਾ ਕਿ ਇਲਾਕੇ ਵਿੱਚ ਪਾਣੀ ਅਤੇ ਪਿੰਡਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ ਸੁਖ ਔਜਲਾ ਵੀ ਲਗਾਤਾਰ ਲੋਕਾਂ ਦੇ ਸੰਪਰਕ ਵਿੱਚ ਰਹਿੰਦੇ ਹਨ ਅਤੇ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਦੀ ਜਾਣਕਾਰੀ ਲੈਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾ ਦਫ਼ਤਰ ਵੀ ਹਮੇਸ਼ਾ ਲੋਕਾਂ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਾਹਮਣੇ ਲਿਆਉਣ ਅਤੇ ਸਬੰਧਤ ਵਿਭਾਗਾਂ ਤੱਕ ਪਹੁੰਚਾਉਣ ਵਿੱਚ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਯਤਨ ਮਹੱਤਵਪੂਰਨ ਹਨ। ਉਨ੍ਹਾਂ ਦਾ ਉਦੇਸ਼ ਵਿਕਾਸ ਦਾ ਲਾਭ ਕਿਸੇ ਇੱਕ ਪਾਰਟੀ ਜਾਂ ਵਰਗ ਤੱਕ ਸੀਮਤ ਰੱਖਣਾ ਨਹੀਂ ਹੈ। ਇਲਾਕੇ ਦਾ ਹਰ ਵਿਅਕਤੀ, ਭਾਵੇਂ ਉਹ ਕਿਸੇ ਵੀ ਸਿਆਸੀ ਵਿਚਾਰਧਾਰਾ ਨਾਲ ਸਬੰਧਤ ਹੋਵੇ, ਉਸ ਨੂੰ ਵਿਕਾਸ ਯੋਜਨਾਵਾਂ ਦਾ ਲਾਭ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਲੋਕਾਂ ਦੇ ਕੰਮ ਹੋਣ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਪਿੰਡ ਵਿੱਚ ਪਾਣੀ ਦੀ ਸਪਲਾਈ ਪੂਰੀ ਨਹੀਂ ਹੋ ਰਹੀ, ਪਾਈਪਲਾਈਨ ਵਿੱਚ ਕੋਈ ਸਮੱਸਿਆ ਹੈ ਜਾਂ ਪ੍ਰੋਜੈਕਟ ਨਾਲ ਸਬੰਧਤ ਕੋਈ ਹੋਰ ਦਿੱਕਤ ਆ ਰਹੀ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਕੱਦੋਵਾਲੀ ਦੇ ਨੇੜੇ ਬਣ ਰਹੇ ਪ੍ਰੋਜੈਕਟ ਕੰਪਲੈਕਸ ਵਿੱਚ ਵੀ ਆਪਣੀ ਸਮੱਸਿਆ ਦੱਸੀ ਜਾ ਸਕਦੀ ਹੈ। ਔਜਲਾ ਨੇ ਕਿਹਾ ਕਿ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾ ਕੇ ਸਮੇਂ ਸਿਰ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਪ੍ਰੋਜੈਕਟ ਨੂੰ ਮੁਕੰਮਲ ਕਰਵਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਫ਼ ਪਾਣੀ ਮੁਹੱਈਆ ਕਰਵਾਉਣਾ ਸਿੱਧੇ ਤੌਰ ’ਤੇ ਲੋਕਾਂ ਦੀ ਸਿਹਤ ਨਾਲ ਜੁੜਿਆ ਮੁੱਦਾ ਹੈ।