ਧਰਤੀ ਹੇਠਲੇ ਪਾਣੀ ਵਿੱਚ ਆਰਸੈਨਿਕ ਦੀ ਸਮੱਸਿਆ ਵਾਲੇ 32 ਪਿੰਡਾਂ ਨੂੰ ਮਿਲੇਗਾ ਸਾਫ਼ ਪਾਣੀ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸੋਮਵਾਰ ਨੂੰ ਬੋਹੜੂ-ਇੱਬਣ ਵਿਖੇ ਸਾਂਘਣਾ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂਟੀਪੀ) ਦਾ ਦੌਰਾ ਕੀਤਾ।
Publish Date: Tue, 22 Sep 2026 05:17 PM (IST)
Updated Date: Tue, 22 Sep 2026 05:18 PM (IST)
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਾਂਘਣਾ ਡਬਲਯੂਟੀਪੀ ਦਾ ਲਿਆ ਜਾਇਜ਼ਾ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸੋਮਵਾਰ ਨੂੰ ਬੋਹੜੂ-ਇੱਬਣ ਵਿਖੇ ਸਾਂਘਣਾ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂਟੀਪੀ) ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰੋਜੈਕਟ ਦੀ ਪ੍ਰਗਤੀ ਅਤੇ ਪ੍ਰਭਾਵਿਤ ਪਿੰਡਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਦੀ ਵਿਵਸਥਾ ਦਾ ਜਾਇਜ਼ਾ ਲਿਆ। ਕਰੀਬ 11 ਐਮਐਲਡੀ ਸਮਰੱਥਾ ਵਾਲੇ ਇਸ ਪ੍ਰੋਜੈਕਟ ਰਾਹੀਂ ਲਗਭਗ 32 ਪਿੰਡਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਔਜਲਾ ਨੇ ਕਿਹਾ ਕਿ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਲੰਬੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਵਿੱਚ ਆਰਸੈਨਿਕ ਸਮੇਤ ਹੋਰ ਪ੍ਰਦੂਸ਼ਕਾਂ ਦੀ ਸਮੱਸਿਆ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਜ਼ਿਆਦਾ ਪ੍ਰਭਾਵਿਤ ਹੈ, ਉੱਥੇ ਸਰਫੇਸ ਵਾਟਰ ਨੂੰ ਟ੍ਰੀਟ ਕਰਕੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਂਘਣਾ ਡਬਲਯੂਟੀਪੀ ਇਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਪ੍ਰੋਜੈਕਟ ਹੈ। ਇਸ ਦੀ ਸਮਰੱਥਾ 11 ਮਿਲੀਅਨ ਲੀਟਰ ਪ੍ਰਤੀ ਦਿਨ ਹੈ ਅਤੇ ਇਸ ਰਾਹੀਂ ਕਰੀਬ 32 ਪਿੰਡਾਂ ਤੱਕ ਪਾਣੀ ਪਹੁੰਚਾਇਆ ਜਾਵੇਗਾ। ਟ੍ਰੀਟ ਕੀਤਾ ਗਿਆ ਪਾਣੀ ਪਿੰਡਾਂ ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਤੱਕ ਪਹੁੰਚਾਇਆ ਜਾਵੇਗਾ, ਜਿਸ ਤੋਂ ਬਾਅਦ ਪਿੰਡਾਂ ਵਿੱਚ ਇਸ ਦੀ ਸਪਲਾਈ ਅਤੇ ਵੰਡ ਦੀ ਜ਼ਿੰਮੇਵਾਰੀ ਪੰਚਾਇਤਾਂ ਦੀ ਹੋਵੇਗੀ। ਸੰਸਦ ਮੈਂਬਰ ਔਜਲਾ ਨੇ ਪੰਚਾਇਤਾਂ, ਸਰਪੰਚਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪਾਣੀ ਦੀਆਂ ਟੈਂਕੀਆਂ ਦੀ ਨਿਯਮਤ ਸਫ਼ਾਈ ਅਤੇ ਰੱਖ-ਰਖਾਅ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਲੋਕਾਂ ਤੱਕ ਸਾਫ਼ ਪਾਣੀ ਪਹੁੰਚਾਉਣ ਦੀ ਹੈ, ਪਰ ਪਿੰਡਾਂ ਵਿੱਚ ਪਾਣੀ ਦੀ ਸਹੀ ਵੰਡ, ਟੈਂਕੀਆਂ ਦੀ ਸਫ਼ਾਈ ਅਤੇ ਰੱਖ-ਰਖਾਅ ਵਿੱਚ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੀ ਭੂਮਿਕਾ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦੀ ਸਪਲਾਈ ਦੌਰਾਨ ਮੋਟਰ ਖਰਾਬ ਹੋਣ ਜਾਂ ਕਿਸੇ ਹੋਰ ਛੋਟੀ ਸਮੱਸਿਆ ਕਾਰਨ ਪਰੇਸ਼ਾਨੀ ਆਉਂਦੀ ਹੈ ਤਾਂ ਪੰਚਾਇਤਾਂ ਉਪਲਬਧ ਫੰਡਾਂ ਰਾਹੀਂ ਲੋੜੀਂਦੀ ਮੁਰੰਮਤ ਕਰਵਾ ਸਕਦੀਆਂ ਹਨ। ਵੱਡੀ ਸਮੱਸਿਆ ਹੋਣ ਦੀ ਸੂਰਤ ਵਿੱਚ ਪੰਚਾਇਤਾਂ ਰਾਹੀਂ ਮਾਮਲਾ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਉਸ ਦਾ ਹੱਲ ਕਰਵਾਇਆ ਜਾ ਸਕੇ। ਔਜਲਾ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਅਜੇ ਤੱਕ ਪਾਣੀ ਦੀਆਂ ਟੈਂਕੀਆਂ ਨਹੀਂ ਬਣੀਆਂ, ਉਨ੍ਹਾਂ ਦਾ ਸਰਵੇ ਕਰਵਾ ਕੇ ਪ੍ਰਸਤਾਵ ਭੇਜਣ ਲਈ ਸਬੰਧਤ ਲੋਕਾਂ ਨੂੰ ਕਿਹਾ ਗਿਆ ਹੈ। ਇਨ੍ਹਾਂ ਪਿੰਡਾਂ ਵਿੱਚ ਨਵੀਆਂ ਟੈਂਕੀਆਂ ਦੇ ਨਿਰਮਾਣ ਲਈ ਸਰਕਾਰ ਦੇ ਸਾਹਮਣੇ ਪ੍ਰਸਤਾਵ ਭੇਜੇ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਗੁਣਵੱਤਾ ਜਾਂ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਾਹਮਣੇ ਆਉਣ ’ਤੇ ਉਸ ਦੀ ਜਾਂਚ ਕਰਵਾਈ ਜਾਵੇ ਅਤੇ ਸਬੰਧਤ ਵਿਭਾਗ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਘਰ ਤੱਕ ਸਾਫ਼ ਪਾਣੀ ਪਹੁੰਚਾਉਣਾ ਸਾਂਝੀ ਜ਼ਿੰਮੇਵਾਰੀ ਹੈ। ਔਜਲਾ ਨੇ ਕਿਹਾ ਕਿ ਦੂਸ਼ਿਤ ਪਾਣੀ ਪੀਣ ਨਾਲ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈ ਸਕਦਾ ਹੈ। ਇਸ ਲਈ ਪਿੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਸਾਫ਼ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਫੇਸ ਵਾਟਰ ਅਧਾਰਿਤ ਇਹ ਪ੍ਰੋਜੈਕਟ ਪਿੰਡਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਹੋਵੇਗਾ, ਪਰ ਇਸ ਦਾ ਪੂਰਾ ਲਾਭ ਤਾਂ ਹੀ ਮਿਲੇਗਾ ਜਦੋਂ ਵਿਭਾਗ, ਪੰਚਾਇਤਾਂ ਅਤੇ ਪਿੰਡ ਵਾਸੀ ਮਿਲ ਕੇ ਪਾਣੀ ਦੀ ਸਪਲਾਈ, ਵੰਡ ਅਤੇ ਟੈਂਕੀਆਂ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਨਿਭਾਉਣਗੇ।