ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਘੱਟਗਿਣਤੀ ਸਿੱਖਾਂ ਨਾਲ ਕੇਂਦਰ ਵੱਲੋਂ ਸਦਾ ਧੱਕਾ ਅਤੇ ਵਿਤਕਰਾ ਕੀਤਾ ਜਾਂਦਾ ਰਿਹਾ ਹੈ। ਜੂਨ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਤੋਂ ਬਾਅਦ ਵੀ ਸਿੱਖਾਂ ਨੂੰ ਲਗਾਤਾਰ ਦਬਾਇਆ ਜਾਂਦਾ ਰਿਹਾ। ਅੱਜ ਵੀ ਸਿੱਖਾਂ 'ਤੇ ਵੱਖ-ਵੱਖ ਤਰ੍ਹਾਂ ਦੇ ਹਮਲੇ ਕੀਤੇ ਜਾ ਰਹੇ ਹਨ। ਸਿੱਖੀ ਪਛਾਣ, ਪੰਜਾਬੀ ਭਾਸ਼ਾ ਅਤੇ ਸਿੱਖਾਂ 'ਤੇ ਨਸਲੀ ਹਮਲਿਆਂ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰ੍ਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੂਨ 1984 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜਾਨਾਂ ਗੁਆਉਣ ਵਾਲੇ ਅਵਤਾਰ ਸਿੰਘ ਪਾਰੋਵਾਲ ਅਤੇ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਮਨਸੂਬਿਆਂ ਨੂੰ ਨਾਕਾਮਯਾਬ ਕਰਨ ਲਈ ਸਿੱਖ ਕੌਮ ਨੂੰ ਏਕਤਾ ਦੀ ਭਾਵਨਾ ਨਾਲ ਕੌਮੀ ਚੁਣੌਤੀਆਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤਾ ਗਿਆ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿਰਵੈਲ ਸਿੰਘ, ਸੁਖਬੀਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ ਮਥਰੇਵਾਲ, ਇਕਬਾਲ ਸਿੰਘ ਮੁਖੀ, ਬਘੈਲ ਸਿੰਘ, ਜਗਤਾਰ ਸਿੰਘ, ਮੀਤ ਮੈਨੇਜਰ ਨਿਸ਼ਾਨ ਸਿੰਘ, ਇੰਦਰਜੀਤ ਸਿੰਘ ਬਾਗੀ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸਰਬਜੀਤ ਸਿੰਘ ਪਾਰੋਵਾਲ, ਗੁਰਦਿਆਲ ਸਿੰਘ, ਗੁਰਦੇਵ ਸਿੰਘ, ਮਨਯੋਧ ਸਿੰਘ, ਬੀਬੀ ਜਤਿੰਦਰ ਕੌਰ, ਬੀਬੀ ਜਸਪ੍ਰਰੀਤ ਕੌਰ, ਬੀਬੀ ਜਗਮੀਤ ਕੌਰ, ਭਾਈ ਦਵਿੰਦਰਪਾਲ ਸਿੰਘ, ਭਾਈ ਹਾਕਮ ਸਿੰਘ, ਬੀਬੀ ਹਰਵਿੰਦਰ ਕੋਰ, ਡਾ. ਮਨਜੀਤ ਸਿੰਘ ਵੀ ਮੌਜੂਦ ਸਨ।

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਭਾਰਤ ਸਰਕਾਰ : ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ। ਪਾਕਿਸਤਾਨ ਨੇ ਕੋਰੋਨਾ ਮਗਰੋਂ ਲਾਂਘਾ ਖੋਲ੍ਹਣ ਦੀ ਪਹਿਲਕਦਮੀ ਕੀਤੀ ਹੈ ਤੇ ਭਾਰਤ ਸਰਕਾਰ ਨੂੰ ਵੀ ਲਾਂਘਾ ਖੋਲ੍ਹਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਰਕਾਰਾਂ ਵੱਲੋਂ ਕੋਰੋਨਾ ਕਾਰਨ ਕੀਤੀ ਤਾਲਾਬੰਦੀ ਨੂੰ ਹਟਾ ਦਿੱਤਾ ਗਿਆ ਹੈ ਤੇ ਹਰ ਤਰ੍ਹਾਂ ਦੇ ਅਦਾਰਿਆਂ ਤੇ ਧਾਰਮਿਕ ਅਸਥਾਨਾਂ ਤੋਂ ਪਾਬੰਦੀਆਂ ਵੀ ਹਟਾ ਦਿੱਤੀਆਂ ਗਈਆਂ ਹਨ ਤਾਂ ਅਜਿਹੇ ਵਿਚ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਸਮੂਹ ਲੋਕ ਸਭਾ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਭਾਰਤ ਸਰਕਾਰ ਤਕ ਪਹੁੰਚ ਕਰਨ।