ਖੁੰਬਾਂ ਦੀ ਕਾਸ਼ਤ ਸਬੰਧੀ 6 ਰੋਜ਼ਾ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਅਮਰਜੀਤ ਸਿੰਘ ਦੋਸਾਂਝ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਤਹਿਤ ਕਿਸਾਨ ਸਿਖਲਾਈ ਕੇਂਦਰ, ਖਾਲਸਾ ਕਾਲਜ
Publish Date: Mon, 28 Sep 2026 07:18 PM (IST)
Updated Date: Mon, 28 Sep 2026 07:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਅਮਰਜੀਤ ਸਿੰਘ ਦੋਸਾਂਝ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਤਹਿਤ ਕਿਸਾਨ ਸਿਖਲਾਈ ਕੇਂਦਰ, ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ 6 ਰੋਜ਼ਾ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਕੈਂਪ ਵਿੱਚ ਅਗਾਂਹਵਧੂ ਕਿਸਾਨਾਂ, ਨੌਜਵਾਨਾਂ ਅਤੇ ਕਿਸਾਨ ਬੀਬੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਰੋਜ਼ਾਨਾ ਆਮਦਨ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਖੁੰਬਾਂ ਦੀ ਕਾਸ਼ਤ ਇੱਕ ਲਾਹੇਵੰਦ ਸਹਾਇਕ ਧੰਦਾ ਹੈ, ਜਿਸ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਸਿਖਲਾਈ ਦੌਰਾਨ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਸੂਚਨਾ ਅਫ਼ਸਰ, ਖਾਲਸਾ ਕਾਲਜ ਵੱਲੋਂ ਖੁੰਬਾਂ ਦੀ ਕਾਸ਼ਤ ਲਈ ਕੰਪੋਸਟ ਦੀ ਤਿਆਰੀ, ਵੱਖ-ਵੱਖ ਕਿਸਮਾਂ ਦੀ ਚੋਣ ਅਤੇ ਬਿਜਾਈ ਤੋਂ ਇਲਾਵਾ ਪਰਾਲੀ ਖੁੰਬਾਂ ਅਤੇ ਢੀਂਗਰੀ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਿਪਟੀ ਡਾਇਰੈਕਟਰ ਬਾਗਬਾਨੀ, ਤਰਨ ਤਾਰਨ ਤੇਜਿੰਦਰ ਸਿੰਘ ਵੱਲੋਂ ਬਾਗਬਾਨੀ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਸੁਖਚੈਨ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ ਵੱਲੋਂ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਵਿਭਾਗੀ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਵਿਕਾਸ ਮੈਨੇਜਰ, ਨਾਬਾਰਡ ਮਨਜੀਤ ਸਿੰਘ ਵੱਲੋਂ ਖੇਤੀਬਾੜੀ ਨਾਲ ਸਬੰਧਤ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰੋਗਰਾਮ ਦੀ ਸਮਾਪਤੀ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਅਮਰਜੀਤ ਸਿੰਘ ਦੋਸਾਂਝ ਵੱਲੋਂ ਸਿਖਲਾਈ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਸੁਖਚੈਨ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ, ਹਰਜੀਕ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।